ਕੇਂਦਰ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਅਜੀਤ ਡੈਸਕ
05-09-2025
ਗੁਰਦਾਸਪੁਰ, 4 ਸਤੰਬਰ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ 'ਚ ਰਾਵੀ ਦਰਿਆ ਨਾਲ ਲਗਦੇ ਇਲਾਕਿਆਂ 'ਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰ ਸਰਕਾਰ ਦੀ ਟੀਮ ਵਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ | ਤਿੰਨ ਮੈਂਬਰੀ ਇਸ ਕੇਂਦਰੀ ਟੀਮ ਨੇ ਅੱਜ ਸਭ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਅਧਿਕਾਰੀਆਂ ਕੋਲੋਂ ਹੜ੍ਹਾਂ ਸੰਬੰਧੀ ਹੋਏ ਨੁਕਸਾਨ ਦੀ ਜਾਣਕਾਰੀ ਹਾਸਲ ਕੀਤੀ ਤੇ ਨਾਲ ਹੀ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੀ ਮੁਲਾਕਾਤ ਕੀਤੀ | ਕੇਂਦਰੀ ਟੀਮ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ | ਅਧਿਕਾਰੀਆਂ ਨੇ ਕਿਹਾ ਕਿ ਉਹ ਹੜ੍ਹਾਂ ਦੇ ਨੁਕਸਾਨ ਸੰਬੰਧੀ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਸੌਂਪਣਗੇ | ਇਸ ਮੌਕੇ ਕੇਂਦਰੀ ਟੀਮ ਦੇ ਨਾਲ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਰੁਨ ਸੇਖੜੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ: ਹਰਜਿੰਦਰ ਸਿੰਘ ਬੇਦੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |