• ਕੇਂਦਰ ਸਰਕਾਰ ਸੰਕਟ ਦੀ ਘੜੀ 'ਚ ਪੰਜਾਬ ਨਾਲ ਖੜ੍ਹੀ ਹੈ-ਚੌਹਾਨ
• ਕਿਹਾ-ਕਿਸਾਨਾਂ ਦੀਆਂ ਫ਼ਸਲਾਂ ਤੇ ਮਕਾਨਾਂ ਦਾ ਹੋਇਆ ਵੱਡਾ ਨੁਕਸਾਨ
ਅਜਨਾਲਾ, ਰਮਦਾਸ, ਗੱਗੋਮਾਹਲ, ਗੁਰਦਾਸਪੁਰ, ਡੇਰਾ ਬਾਬਾ ਨਾਨਕ, ਕਪੂਰਥਲਾ, 4 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ, ਚੱਕਰਾਜਾ, ਗੁਰਪ੍ਰਤਾਪ ਸਿੰਘ, ਹੀਰਾ ਸਿੰਘ ਮਾਂਗਟ, ਅਮਰਜੀਤ ਕੋਮਲ)-ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਅੰਮਿ੍ਤਸਰ, ਗੁਰਦਾਸਪੁਰ ਅਤੇ ਕਪੂਰਥਲਾ ਜ਼ਿਲਿ੍ਹਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਕੇਂਦਰੀ ਮੰਤਰੀ ਨੇ ਕਿਹਾ ਕਿ ਅੱਜ ਸੰਕਟ ਦੀ ਘੜੀ 'ਚ ਕੇਂਦਰ ਸਰਕਾਰ ਵੀ ਪੰਜਾਬ ਦੇ ਨਾਲ ਖੜ੍ਹੀ ਹੈ | ਗੁਰਦਾਸਪੁਰ ਵਿਖੇ ਟਰੈਕਟਰ 'ਤੇ ਪੁੱਜੇ ਚੌਹਾਨ ਪਾਣੀ ਨਾਲ ਭਰੇ ਇਕ ਖੇਤ 'ਚ ਵੀ ਦਾਖ਼ਲ ਹੋਏ ਅਤੇ ਹੜ੍ਹ ਦੇ ਪਾਣੀ ਨਾਲ ਨੁਕਸਾਨੀ ਝੋਨੇ ਦੀ ਫਸਲ ਦਾ ਜਾਇਜ਼ਾ ਲਿਆ | ਹੜ੍ਹਾਂ ਕਾਰਨ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰਾਂ 'ਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਹੜ੍ਹ ਪਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਸ਼ਿਵਰਾਜ ਸਿੰਘ ਚੌਹਾਨ ਨੇ ਸਰਹੱਦੀ ਪਿੰਡ ਘੋਨੇਵਾਲਾ ਅਤੇ ਆਸ-ਪਾਸ ਦੇ ਖੇਤਰਾਂ ਦਾ ਦੌਰਾ ਕੀਤਾ | ਉਨ੍ਹਾਂ ਨਾਲ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਅਤੇ ਭਾਜਪਾ ਜ਼ਿਲ੍ਹਾ ਦਿਹਾਤੀ ਇਕ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਹਾਜ਼ਰ ਸਨ | ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ ਸ਼ਿਵਰਾਜ ਸਿੰਘ ਚੌਹਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਬਹੁਤ ਮੁਸ਼ਕਿਲ ਹਾਲਾਤ 'ਚੋਂ ਲੰਘ ਰਿਹਾ ਹੈ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹੇ ਪਾਣੀ ਦੀ ਮਾਰ ਹੇਠ ਹਨ, ਜਿਸ ਕਾਰਨ ਕਿਸਾਨਾਂ ਦੀਆਂ ਫ਼ਸਲਾਂ, ਮਕਾਨਾਂ, ਦੁਕਾਨਾਂ ਹੋਰਨਾਂ ਖੇਤੀਬਾੜੀ ਸੰਦਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਤੇ ਕਈ ਕੀਮਤੀ ਜਾਨਾਂ ਵੀ ਅਜਾਈਾ ਚਲੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਉਹ ਹੜ੍ਹਾਂ ਦਾ ਜਾਇਜ਼ਾ ਲੈਣ ਪੁੱਜੇ ਹਨ ਅਤੇ ਇਸ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਹੋੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ, ਇਸ ਦੌਰਾਨ ਹੜ੍ਹ ਪ੍ਰਭਾਵਿਤ ਕਿਸਾਨ, ਮਜ਼ਦੂਰਾਂ ਅਤੇ ਹੋਰਨਾਂ ਵਰਗਾਂ ਨਾਲ ਗੱਲਬਾਤ ਕਰਕੇ ਹੋਏ ਨੁਕਸਾਨ ਦੀ ਰਿਪੋਰਟ ਕੇਂਦਰ ਸਰਕਾਰ ਨੂੰ ਪੇਸ਼ ਕਰਨਗੇ | ਕੇਂਦਰੀ ਖੇਤੀਬਾੜੀ ਮੰਤਰੀ ਨੇ ਹੜ੍ਹ ਪ੍ਰਭਾਵਿਤ ਘੋਨੇਵਾਲ ਅਤੇ ਆਸ-ਪਾਸ ਦੇ ਖੇਤਰਾਂ 'ਚ ਹੋਏ ਨੁਕਸਾਨ ਦਾ ਜਾਇਜ਼ਾ ਲੈਂਦਿਆਂ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ |
ਕੇਂਦਰੀ ਮੰਤਰੀ ਚੌਹਾਨ ਖ਼ਾਲੀ ਹੱਥ ਆਏ ਤੇ ਖ਼ਾਲੀ ਹੱਥ ਚਲੇ ਗਏ-ਧਾਲੀਵਾਲ
ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ-ਮਜ਼ਦੂਰਾਂ ਤੇ ਹੋਰਨਾਂ ਵਰਗਾਂ ਦੀ ਕੋਈ ਮਦਦ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਕੇਂਦਰੀ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਸਰਕਾਰ ਤੋਂ ਕੋਈ ਵਿਸ਼ੇਸ਼ ਪੈਕੇਜ ਲੈ ਕੇ ਆਉਂਦੇ, ਪਰ ਹੋਇਆ ਇਸਦੇ ਬਿਲਕੁਲ ਉਲਟ | ਕੇਂਦਰੀ ਮੰਤਰੀ ਨਾ ਤਾਂ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਕੋਈ ਪੈਕੇਜ ਲੈ ਕੇ ਆਏ ਅਤੇ ਨਾ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਉਪਰੰਤ ਕੋਈ ਵਿਸ਼ੇਸ਼ ਐਲਾਨ ਕਰਕੇ ਗਏ |
ਰਾਵੀ ਨਾਲ ਲਗਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਨਾਲ ਲਗਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਸਰਹੱਦੀ ਖੇਤਰ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਫ਼ਸਲਾਂ, ਪਸ਼ੂ ਧੰਨ ਅਤੇ ਲੋਕਾਂ ਦੇ ਘਰਾਂ ਦਾ ਵੱਡਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਹਰ ਹੜ੍ਹ ਪੀੜਤ ਵਿਅਕਤੀ ਦੀ ਕੇਂਦਰ ਸਰਕਾਰ ਵਲੋਂ ਸੰਭਵ ਮਦਦ ਕੀਤੀ ਜਾਵੇਗੀ | ਉਨ੍ਹਾਂ ਰਾਵੀ ਦੇ ਨਾਲ ਲਗਦੇ ਮਕੌੜਾ ਪੱਤਣ, ਮਰਾੜਾ ਅਤੇ ਹੋਰ ਪਿੰਡਾਂ ਦਾ ਟਰੈਕਟਰ 'ਤੇ ਸਵਾਰ ਹੋ ਕੇ ਜਾਇਜ਼ਾ ਲਿਆ | ਇਸ ਤੋਂ ਬਾਅਦ ਜ਼ਿਆਦਾ ਪਾਣੀ ਵਾਲੇ ਪਿੰਡਾਂ ਦਾ ਉਨ੍ਹਾਂ ਕਿਸ਼ਤੀ 'ਤੇ ਸਵਾਰ ਹੋ ਕੇ ਜਾਇਜ਼ਾ ਲਿਆ | ਇਸ ਮੌਕੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਅੰਦਰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰੀ ਜਾਣਕਾਰੀ ਕੇਂਦਰੀ ਮੰਤਰੀ ਨੰੂ ਦਿੱਤੀ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਆਪਣੇ ਪੱਧਰ 'ਤੇ ਲੋਕਾਂ ਤੱਕ ਰਾਹਤ ਪਹੁੰਚਾਉਣ ਦਾ ਹਰ ਸੰਭਵ ਯਤਨ ਕਰ ਰਹੀ ਹੈ | ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਦਿਨੇਸ਼ ਬੱਬੂ, ਤਰੁਣ ਚੁੱਘ, ਬਘੇਲ ਸਿੰਘ ਬਾਹੀਆਂ ਅਤੇ ਹੋਰ ਭਾਜਪਾ ਆਗੂ ਸਮੇਤ ਵੱਡੀ ਗਿਣਤੀ 'ਚ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ |
ਇਹੋ ਜਿਹਾ ਭਿਆਨਕ ਹੜ੍ਹ ਮੈਂ ਕਦੀ ਨਹੀਂ ਦੇਖਿਆ-ਚੌਹਾਨ
ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ | ਪਿੰਡ ਧਰਮਕੋਟ ਰੰਧਾਵਾ ਵਿਖੇ ਚੌਹਾਨ ਨੇ ਕਿਹਾ ਕਿ ਅਸੀਂ ਵੇਖਿਆ ਹੈ ਕਿ ਇਸ ਹੜ੍ਹ ਦੌਰਾਨ ਲੋਕਾਂ ਦੇ ਪਸ਼ੂ ਰੁੜ੍ਹ ਗਏ ਤੇ ਲੋਕਾਂ ਦੇ ਮਕਾਨਾਂ ਅਤੇ ਫਸਲਾਂ ਦਾ ਭਾਰੀ ਨੁਕਸਾਨ ਹੋਇਆ | ਉਨ੍ਹਾਂ ਕਿਹਾ ਕਿ ਇਹੋ ਜਿਹਾ ਭਿਆਨਕ ਹੜ੍ਹ ਮੈਂ ਕਦੀ ਨਹੀਂ ਦੇਖਿਆ | ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਾਰ ਲੈਣ ਵਾਸਤੇ ਸਾਡੀ ਟੀਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੁਦ ਭੇਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਅਸੀਂ ਖੁਦ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਦਾ ਦਰਦ ਸੁਣਿਆ ਹੈ | ਉਨ੍ਹਾਂ ਦਾ ਨੁਕਸਾਨ ਅੱਖੀਂ ਵੇਖਿਆ ਹੈ | ਉਨ੍ਹਾਂ ਕਿਹਾ ਕਿ ਸਾਡੀ ਟੀਮ ਵਲੋਂ ਕੱਲ੍ਹ ਸੂਬੇ ਦੇ ਮੰਤਰੀ ਨਾਲ ਬੈਠ ਕੇ ਰਿਪੋਰਟ ਤਿਆਰ ਕਰ ਕੇ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ | ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵੀ ਕੇਂਦਰੀ ਮੰਤਰੀ ਚੌਹਾਨ ਨੂੰ ਮੰਗ ਪੱਤਰ ਦੇ ਕੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਕੇਂਦਰ ਸਰਕਾਰ ਵਲੋਂ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸੁਨੀਲ ਜਾਖੜ, ਦਿਨੇਸ਼ ਬੱਬੂ, ਤਰੁਣ ਚੁੱਘ, ਰਵੀਕਰਨ ਸਿੰਘ ਕਾਹਲੋਂ, ਚੇਅਰਮੈਨ ਰਾਜੀਵ ਸ਼ਰਮਾ ਅਤੇ ਸਖਸ਼ੀਅਤਾਂ ਹਾਜ਼ਰ ਸਨ |
ਕਪੂਰਥਲਾ ਦੇ ਪਿੰਡ ਬਾਘੂਵਾਲ ਦਾ ਕੇਂਦਰੀ ਮੰਤਰੀ ਚੌਹਾਨ ਵਲੋਂ ਦੌਰਾ- ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਪੰਜਾਬ 'ਚ ਹੜ੍ਹਾਂ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਵਲੋਂ ਸੂਬਾ ਸਰਕਾਰ ਨਾਲ ਵਿਚਾਰ-ਵਟਾਂਦਰੇ ਬਾਅਦ ਯੋਜਨਾਬੰਦੀ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਿਵਰਾਜ ਸਿੰਘ ਚੌਹਾਨ ਕੇਂਦਰੀ ਖੇਤੀਬਾੜੀ ਮੰਤਰੀ ਨੇ ਅੱਜ ਰਾਤ 8:30 ਵਜੇ ਕਪੂਰਥਲਾ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡ ਬਾਘੂਵਾਲ 'ਚ ਹੜ੍ਹ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਦੇਸ਼ ਅਨੁਸਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਤੇ ਦੋ ਕੇਂਦਰੀ ਟੀਮਾਂ ਵੀ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦਾ ਦੌਰਾ ਕਰ ਰਹੀਆਂ ਹਨ | ਰਾਜ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਵਿਸਥਾਰਤ ਰਿਪੋਰਟ ਪ੍ਰਧਾਨ ਮੰਤਰੀ ਕੋਲ ਪੇਸ਼ ਕੀਤੀ ਜਾਵੇਗੀ ਤੇ ਉਸਤੋਂ ਬਾਅਦ ਕੇਂਦਰ ਸਰਕਾਰ ਵਲੋਂ ਪੰਜਾਬ 'ਚ ਹੜ੍ਹਾਂ ਦੀ ਭਰਪਾਈ ਬਾਰੇ ਲੋੜੀਂਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪਹਿਲਾਂ ਪੰਜਾਬ ਨੂੰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਫੰਡ ਜਾਰੀ ਕੀਤੇ ਗਏ ਹਨ, ਜੋ ਕਿ ਸਾਲ 'ਚ ਦੋ ਵਾਰ ਦਿੱਤੇ ਜਾਂਦੇ ਹਨ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਤੇ ਪਿੰਡ ਬਾਘੂਵਾਲ ਦੇ ਲੋਕਾਂ ਵਲੋਂ ਕੇਂਦਰੀ ਮੰਤਰੀ ਨੂੰ ਵੱਖ-ਵੱਖ ਮੰਗ ਪੱਤਰ ਦਿੱਤੇ ਗਏ |
ਕੇਂਦਰੀ ਖੇਤੀਬਾੜੀ ਮੰਤਰੀ ਵਲੋਂ ਅੰਮਿ੍ਤਸਰ, ਗੁਰਦਾਸਪੁਰ ਤੇ ਕਪੂਰਥਲਾ ਜ਼ਿਲਿ੍ਹਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਅਜੀਤ ਡੈਸਕ
05-09-2025