ਕਿਹਾ, ਨੁਕਸਾਨ ਦੀ ਭਰਪਾਈ ਕਰਾਂਗੇ
ਸੁਲਤਾਨਪੁਰ ਲੋਧੀ (ਕਪੂਰਥਲਾ), 4 ਸਤੰਬਰ (ਨਰੇਸ਼ ਹੈਪੀ, ਥਿੰਦ)-'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਮੰਡ ਬਾਊਪੁਰ ਖੇਤਰ ਦਾ ਦੌਰਾ ਕੀਤਾ | ਉਹ ਮੰਡ ਖੇਤਰ ਦੇ ਪ੍ਰਭਾਵਿਤ ਪਾਣੀ ਵਿਚ ਘਿਰੇ ਪਿੰਡ ਸਾਂਗਰਾ ਵਿਖੇ ਡੇਰਿਆਂ 'ਤੇ ਵੀ ਗਏ ਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਵੀ ਦਵਾਇਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੇਗੀ | ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦੀ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਹਾਲਤ ਬਹੁਤ ਤਰਸਯੋਗ ਹੈ ਤੇ ਇਸ ਔਖੀ ਘੜੀ ਵਿਚ ਆਮ ਆਦਮੀ ਪਾਰਟੀ ਤੇ ਉਨ੍ਹਾਂ ਦੀ ਸਰਕਾਰ ਪੀੜਤਾਂ ਦੇ ਨਾਲ ਡਟ ਕੇ ਖੜ੍ਹੀ ਹੈ | ਪਾਣੀ ਵਿਚ ਘਿਰੇ ਹੋਏ ਲੋਕ ਆਪਣਾ ਘਰ ਛੱਡਣ ਨੂੰ ਤਿਆਰ ਨਹੀਂ, ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਘਰ ਛੱਡਣ ਤੋਂ ਬਾਅਦ ਚੋਰੀ ਹੋਣ ਦਾ ਖ਼ਦਸ਼ਾ ਹੈ ਪਰ ਇਨ੍ਹਾਂ ਹਾਲਾਤਾਂ ਵਿਚ ਪੰਜਾਬੀ ਹੀ ਪੰਜਾਬੀਆਂ ਦੀ ਬਿਨਾਂ ਕਿਸੇ ਸਵਾਰਥ ਦੇ ਮਦਦ ਕਰ ਰਹੇ ਹਨ, ਜਿਨ੍ਹਾਂ ਦੇ ਜਜ਼ਬੇ ਨੂੰ ਅਸੀਂ ਸਲਾਮ ਕਰਦੇ ਹਾਂ | ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਵਲੋਂ ਅਫ਼ਗਾਨਿਸਤਾਨ ਵਿਚ ਆਏ ਭੂਚਾਲ ਦੌਰਾਨ ਕੀਤੀ ਗਈ ਮਦਦ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨੂੰ ਪੰਜਾਬ 'ਚ ਵੀ ਹੜ੍ਹ ਪ੍ਰਭਾਵਿਤ ਲੋਕਾਂ ਲਈ ਵੀ ਮਦਦ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪਾਣੀ ਉੱਤਰਨ ਤੋਂ ਬਾਅਦ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧਣਗੀਆਂ ਤੇ ਪੰਜਾਬ ਸਰਕਾਰ ਉਨ੍ਹਾਂ ਦੀ ਜਿੰਨੀ ਸੰਭਵ ਮਦਦ ਹੋ ਸਕੇਗੀ, ਓਨੀ ਕਰੇਗੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਮੇਰੇ ਨਾਲ ਨਹੀਂ ਆ ਸਕੇ ਪਰ ਉਨ੍ਹਾਂ ਨੂੰ ਮੰਡ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਪ੍ਰਤੀ ਪੂਰੀ ਹਮਦਰਦੀ ਹੈ | ਇਸ ਮੌਕੇ ਉਨ੍ਹਾਂ ਨਾਲ ਮੈਂਬਰ ਰਾਜ ਸਭਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਕੈਬਨਿਟ ਮੰਤਰੀ ਮਹਿੰਦਰ ਭਗਤ, ਸਾਬਕਾ ਵਿਧਾਇਕ ਪਵਨ ਟੀਨੰੂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸੱਜਣ ਸਿੰਘ ਚੀਮਾ, 'ਆਪ' ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ, ਐਡਵੋਕੇਟ ਕਰਮਜੀਤ ਸਿੰਘ ਚੰਦੀ ਇੰਚਾਰਜ ਹਲਕਾ ਕਪੂਰਥਲਾ, ਕੰਵਰ ਇਮਤਿਆਜ਼, ਗੁਰਪਾਲ ਸਿੰਘ ਇੰਡੀਅਨ, ਪੀ.ਏ. ਲਵਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ 'ਆਪ' ਆਕਾਸ਼ਦੀਪ ਸਿੰਘ, ਸਰਪੰਚ ਸੁਖਵਿੰਦਰ ਸਿੰਘ ਸੌਂਦ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਸੁਖਜਿੰਦਰ ਸਿੰਘ ਗੋਲਡੀ, ਡਿਪਟੀ ਕਮਿਸ਼ਨਰ ਕਪੂਰਥਲਾ ਅਮਿੱਤ ਕੁਮਾਰ ਪੰਚਾਲ, ਏ.ਡੀ.ਸੀ. ਨਵਨੀਤ ਕੌਰ ਬੱਲ, ਐਸ.ਐਸ.ਪੀ. ਗੌਰਵ ਤੁਰਾ, ਐਸ.ਪੀ. ਗੁਰਪ੍ਰੀਤ ਸਿੰਘ, ਡੀ.ਐਸ.ਪੀ. ਹਰ ਗੁਰਦੇਵ ਸਿੰਘ ਵੀ ਸਨ |
ਅਰਵਿੰਦ ਕੇਜਰੀਵਾਲ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ
ਅਜੀਤ ਡੈਸਕ
05-09-2025