ਰਾਜਾਸਾਂਸੀ, 4 ਸਤੰਬਰ (ਹਰਦੀਪ ਸਿੰਘ ਖੀਵਾ)-ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ 'ਚੋਂ ਗੁਜਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ ਅਪੀਲ ਕੀਤੀ | ਇਸ ਦੇ ਨਾਲ ਹੀ ਉਨਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਚਾਰ ਲੱਖ ਏਕੜ ਖੇਤੀਬਾੜੀ ਰਕਬੇ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿਚ ਵਾਧਾ ਕਰਨ ਦੀ ਮੰਗ ਵੀ ਕੀਤੀ ਹੈ | ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਜਨਾਲਾ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਲਈ ਪਹਿਲੇ ਪੜਾਅ 'ਚ 2000 ਕਰੋੜ ਰੁਪਏ ਦਾ ਰਾਹਤ ਪੈਕੇਜ ਜਾਰੀ ਕਰਨ ਅਤੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਦੇ ਬਕਾਇਆ 60,000 ਕਰੋੜ ਰੁਪਏ ਕੇਂਦਰ ਸਰਕਾਰ ਤੋਂ ਤੁਰੰਤ ਜਾਰੀ ਕਰਵਾਉਣ ਲਈ ਮੰਗ ਪੱਤਰ ਦਿੱਤਾ |