ਨਵੀਂ ਦਿੱਲੀ, 6 ਸਤੰਬਰ (ਪੀ. ਟੀ. ਆਈ.)-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਨਿਚਰਵਾਰ ਨੂੰ ਪੰਜਾਬ ਨੂੰ ਪੰਜ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੜ੍ਹ ਪ੍ਰਭਾਵਿਤ ਸੂਬੇ ਨੂੰ ਲੋੜੀਂਦੀ ਕਿਸੇ ਵੀ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ | ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਦਿੱਲੀ ਸੂਬੇ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਹਰ ਮਦਦ ਦੇਣ ਲਈ ਤਿਆਰ ਹੈ | ਅਸੀਂ ਦਿੱਲੀ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ ਲਈ 5 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕਰ ਰਹੇ ਹਾਂ ਤੇ ਕਾਮਨਾ ਕਰਦੇ ਹਾਂ ਕਿ ਸੂਬਾ ਇਸ ਨਾਜ਼ੁਕ ਸਥਿਤੀ ਤੋਂ ਉੱਭਰ ਜਾਵੇ | ਪੰਜਾਬ ਇਸ ਸਮੇਂ ਦਹਾਕਿਆਂ ਵਿਚ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ | ਪੰਜਾਬ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹੁਣ ਤੱਕ 21,929 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਾਹਰ ਕੱਢਿਆ ਗਿਆ ਹੈ | ਸੂਬੇ ਦੇ 18 ਜਿਲਿ੍ਹਆਂ ਵਿਚ ਕੁੱਲ 1.72 ਲੱਖ ਹੈਕਟੇਅਰ ਖੇਤੀ ਜ਼ਮੀਨ ਨੂੰ ਨੁਕਸਾਨ ਪਹੁੰਚਿਆ ਹੈ |