ਇਕ-ਦੋ ਦਿਨ ਹੋਰ ਰਹਿਣਗੇ ਹਸਪਤਾਲ-ਸਿਸੋਦੀਆ
ਐੱਸ. ਏ. ਐੱਸ. ਨਗਰ, 6 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-8 ਸਥਿਤ ਫੋਰਟਿਸ ਹਸਪਤਾਲ ਵਿਖੇ ਜ਼ੇਰੇ ਇਲਾਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ | ਇਸ ਸੰਬੰਧੀ ਹਸਪਤਾਲ ਵਲੋਂ ਜਾਰੀ ਜਾਣਕਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦੀ ਨਬਜ਼ ਤੇ ਧੜਕਣ ਸਥਿਰ ਹੈ ਤੇ ਉਨ੍ਹਾਂ ਦੇ ਖ਼ੂਨ ਦੀਆਂ ਰਿਪੋਰਟਾਂ 'ਚ ਵੀ ਪਹਿਲਾਂ ਨਾਲੋਂ ਸੁਧਾਰ ਦੇਖਣ ਨੂੰ ਮਿਲਿਆ ਹੈ | ਡਾਕਟਰਾਂ ਵਲੋਂ ਉਨ੍ਹਾਂ ਦੀ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਉਹ ਲਗਾਤਾਰ ਤੰਦਰੁਸਤ ਹੋ ਰਹੇ ਹਨ | ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸਵੇਰੇ 10 ਵਜੇ ਮੁੱਖ ਮੰਤਰੀ ਨੂੰ ਮਿਲਣ ਲਈ ਫੋਰਟਿਸ ਹਸਪਤਾਲ ਵਿਖੇ ਪਹੁੰਚੇ | ਮੁੱਖ ਮੰਤਰੀ ਦਾ ਹਾਲ-ਚਾਲ ਜਾਨਣ ਉਪਰੰਤ ਮਨੀਸ਼ ਸਿਸੋਦੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪਿਛਲੇ 3 ਦਿਨਾਂ ਤੋਂ ਬੁਖ਼ਾਰ ਤੇ ਥਕਾਵਟ ਤੋਂ ਪੀੜਤ ਸਨ ਤੇ ਪਹਿਲੇ ਦੋ ਦਿਨ ਉਨ੍ਹਾਂ ਦਾ ਮੁੱਖ ਮੰਤਰੀ ਨਿਵਾਸ 'ਤੇ ਹੀ ਇਲਾਜ਼ ਚੱਲ ਰਿਹਾ ਸੀ | ਪਲਸ ਰੇਟ ਘਟਣ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿਖੇ ਲਿਆਂਦਾ ਗਿਆ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਹਾਲਤ 'ਚ ਲਗਾਤਾਰ ਸੁਧਾਰ ਹੋ ਰਿਹਾ ਹੈ | ਉਨ੍ਹਾਂ ਨੂੰ ਹੋਰ ਇਕ-ਦੋ ਦਿਨ ਹਸਪਤਾਲ 'ਚ ਰੱਖਿਆ ਜਾ ਸਕਦਾ ਹੈ | ਇਸੇ ਤਰ੍ਹਾਂ ਕੈਬਨਿਟ ਮੰਤਰੀਆਂ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਨੇ ਵੀ ਮੁੱਖ ਮੰਤਰੀ ਦਾ ਹਾਲ-ਜਾਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੜ੍ਹਦੀ ਕਲਾ 'ਚ ਹਨ ਤੇ ਉਹ ਹਸਪਤਾਲ 'ਚੋਂ ਹੀ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪੰਜਾਬ 'ਚ ਹੜ੍ਹਾਂ ਸੰਬੰਧੀ ਜਾਣਕਾਰੀ ਲੈ ਰਹੇ ਹਨ ਤੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦੇ ਰਹੇ ਹਨ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਵੀ ਇਸ ਸੰਬੰਧੀ ਮਾਮਲੇ ਵਿਚਾਰੇ ਹਨ ਤੇ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਜਾਣ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਪੰਜਾਬੀਆਂ ਨੂੰ ਇਹ ਸੰਦੇਸ਼ ਦੇਣ ਲਈ ਵੀ ਕਿਹਾ ਗਿਆ ਹੈ ਕਿ 2-3 ਦਿਨਾਂ ਬਾਅਦ ਹਸਪਤਾਲ 'ਚੋਂ ਛੁੱਟੀ ਹੋਣ ਉਪਰੰਤ ਉਹ ਲੋਕਾਂ 'ਚ ਜਾਣਗੇ ਤੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ | ਇਸ ਤੋਂ ਇਲਾਵਾ ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ, ਉਨ੍ਹਾਂ ਦੀ ਮਾਤਾ ਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੀ ਮੁੱਖ ਮੰਤਰੀ ਨੂੰ ਮਿਲਣ ਲਈ ਹਸਪਤਾਲ ਪੁੱਜੇ | ਉਧਰ ਪੁਲਿਸ ਵਲੋਂ ਫੋਰਟਿਸ ਹਸਪਤਾਲ ਦੇ ਅੰਦਰ ਤੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਅੱਜ ਮੁਹਾਲੀ ਦੀ ਡੀ.ਸੀ. ਕੋਮਲ ਮਿੱਤਲ, ਰੂਪਨਗਰ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਤੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਮੁਹਾਲੀ ਦੇ ਐਸ.ਪੀ. (ਐੱਚ) ਰਮਨਦੀਪ ਸਿੰਘ ਤੇ ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ ਸਮੇਤ ਵੱਡੀ ਗਿਣਤੀ 'ਚ ਪੁਲਿਸ ਅਧਿਕਾਰੀ ਤੇ ਸੁਰੱਖਿਆ ਮੁਲਾਜ਼ਮ ਤਾਇਨਾਤ ਸਨ |
ਮੁੱਖ ਮੰਤਰੀ ਦੀ ਸਿਹਤ 'ਚ ਹੋ ਰਿਹੈ ਸੁਧਾਰ-ਫੋਰਟਿਸ ਹਸਪਤਾਲ
ਅਜੀਤ ਡੈਸਕ
07-09-2025