• 50 ਵਿਅਕਤੀ ਹਿਰਾਸਤ 'ਚ ਲਏ • ਉਪ ਰਾਜਪਾਲ ਵਲੋਂ ਸੁਰੱਖਿਆ ਸਥਿਤੀ ਦੀ ਸਮੀਖਿਆ
ਲੇਹ, 25 ਸਤੰਬਰ (ਏਜੰਸੀ)-ਲੇਹ ਵਿਚ ਹਿੰਸਕ ਪ੍ਰਦਰਸ਼ਨਾਂ ਤੋਂ ਇਕ ਦਿਨ ਮਗਰੋਂ ਪੁਲਿਸ ਅਤੇ ਸੁਰੱਖਿਆ ਬਲਾਂ ਵਲੋਂ ਵੀਰਵਾਰ ਨੂੰ ਕਰਫ਼ਿਊ ਲਗਾਉਣ ਮਗਰੋਂ ਘੱਟੋ-ਘੱਟ 50 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ | ਲੇਹ ਐਪਕਸ ਬਾਡੀ (ਐਲ.ਏ.ਬੀ.) ਨੇ ਲੱਦਾਖ ਨੂੰ ਰਾਜ ਦਾ ਦਰਜਾ ਦੇਣ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ 6ਵੇਂ ਸ਼ਡਿਊਲ ਵਿਚ ਵਾਧੇ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਬੰਦ ਦਾ ਸੱਦਾ ਦਿੱਤਾ ਸੀ, ਜੋ ਮਗਰੋਂ ਹਿੰਸਕ ਝੜਪਾਂ ਵਿਚ ਬਦਲ ਗਿਆ ਅਤੇ 4 ਲੋਕਾਂ ਦੀ ਮੌਤ ਤੇ 80 ਤੋਂ ਵੱਧ ਜ਼ਖਮੀ ਹੋ ਗਏ ਸਨ | ਕਾਰਗਿਲ ਸਮੇਤ ਹੋਰ ਵੱਡੇ ਕਸਬਿਆਂ 'ਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਰਫ਼ਿਊ ਵਾਲੇ ਖੇਤਰਾਂ 'ਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ ਤੇ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਹੈ | ਉਨ੍ਹਾਂ ਨੇ ਕਿਹਾ ਕਿ ਹਿੰਸਾ 'ਚ ਸ਼ਾਮਿਲ 50 ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ | ਅਧਿਕਾਰੀ ਨੇ ਕਿਹਾ ਕਿ ਜ਼ਖ਼ਮੀਆਂ ਵਿਚ ਤਿੰਨ ਨਿਪਾਲੀ ਨਾਗਰਿਕ ਵੀ ਸ਼ਾਮਿਲ ਹਨ ਤੇ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਿੰਸਾ ਪਿੱਛੇ ਕਿਸੇ ਵਿਦੇਸ਼ੀ ਤਾਕਤ ਦਾ ਹੱਥ ਤਾਂ ਨਹੀਂ | ਉਨ੍ਹਾਂ ਨੇ ਦੱਸਿਆ ਕਿ ਕਾਰਗਿਲ, ਜ਼ਾਂਸਕਰ, ਨੁਬਰਾ, ਪਦਮ, ਚਾਂਗਤਾਂਗ, ਦਰਾਸ ਅਤੇ ਲਾਮਾਯੁਰੂ ਵਿਚ ਭਾਰੀ ਪੁਲਿਸ ਅਤੇ ਨੀਮ ਫੌਜੀ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ |
ਉਪ ਰਾਜਪਾਲ ਵਲੋਂ ਸੁਰੱਖਿਆ ਹਾਲਾਤ ਦੀ ਸਮੀਖਿਆ
ਲੇਹ 'ਚ ਹਿੰਸਕ ਝੜਪਾਂ ਦੇ ਮਾਮਲੇ 'ਚ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉਪ ਰਾਜਪਾਲ ਕਵਿੰਦਰ ਗੁਪਤਾ ਨੇ ਵੀਰਵਾਰ ਨੂੰ ਇਥੇ ਇਕ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸ਼ਾਂਤੀ ਦੀ ਰੱਖਿਆ ਲਈ ਵਧੇਰੇ ਚੌਕਸੀ ਵਰਤਣ ਦੀ ਅਪੀਲ ਕੀਤੀ | ਉਪ ਰਾਜਪਾਲ ਦਫਤਰ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਉਨ੍ਹਾਂ ਨੇ ਲੱਦਾਖ 'ਚ ਉੱਭਰ ਰਹੀ ਸਥਿਤੀ ਦਾ ਮੁਲਾਂਕਣ ਕਰਨ ਲਈ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ 'ਚ ਯੂਟੀ 'ਚ ਸ਼ਾਂਤੀ, ਸੁਰੱਖਿਆ ਅਤੇ ਜਨਤਕ ਵਿਵਸਥਾ ਦੀ ਰੱਖਿਆ ਲਈ ਵਧੇਰੇ ਚੌਕਸੀ, ਨਿਰਵਿਘਨ ਅੰਤਰ-ਏਜੰਸੀ ਤਾਲਮੇਲ ਅਤੇ ਸਰਗਰਮ ਉਪਾਵਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਗਿਆ | ਅਧਿਕਾਰੀਆਂ ਨੇ ਕਿਹਾ ਕਿ ਪੁਲਿਸ, ਸੀ.ਆਰ.ਪੀ.ਐਫ. ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੀਟਿੰਗ 'ਚ ਸ਼ਾਮਿਲ ਹੋਏ ਅਤੇ ਖੇਤਰ 'ਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵਿਸਥਾਰ 'ਚ ਚਰਚਾ ਕੀਤੀ |
ਹਿੰਸਕ ਝੜਪਾਂ ਮਗਰੋੋਂ ਲੱਦਾਖ 'ਚ ਕਰਫ਼ਿਊ, ਭਾਰੀ ਸੁੁਰੱਖਿਆ ਬਲ ਤਾਇਨਾਤ
ਅਜੀਤ ਡੈਸਕ
26-09-2025