ਚੰਡੀਗੜ੍ਹ, 31 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ | ਖਹਿਰਾ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਕਿ ਸੁਪਰੀਮ ਕੋਰਟ ਪਹਿਲਾਂ ਹੀ ਉਨ੍ਹਾਂ ਦੇ ਹੱਕ 'ਚ ਫ਼ੈਸਲਾ ਸੁਣਾ ਚੁੱਕੀ ਹੈ ਅਤੇ ਜਲਾਲਾਬਾਦ ਵਿਚ ਉਨ੍ਹਾਂ ਵਿਰੁੱਧ ਸਾਲ 2015 ਦੇ ਐਨ.ਡੀ.ਪੀ.ਐਸ. ਐਕਟ ਦੇ ਇਕ ਮਾਮਲੇ 'ਚ ਸੰਮਨ ਦੇ ਹੁਕਮਾਂ ਨੂੰ ਰੱਦ ਕਰ ਚੁੱਕੀ ਹੈ | ਇਸ ਦੇ ਬਾਵਜੂਦ ਈ.ਡੀ. ਨੇ ਸਾਲ 2021 'ਚ ਉਨ੍ਹਾਂ ਦੇ ਘਰ ਛਾਪਾ ਮਾਰਿਆ ਅਤੇ ਸਾਲ 2023 'ਚ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਖਹਿਰਾ ਨੇ ਦਲੀਲ ਦਿੱਤੀ ਕਿ ਜਿਸ ਐਫ.ਆਈ.ਆਰ. ਦੇ ਆਧਾਰ 'ਤੇ ਈ.ਡੀ. ਹੁਣ ਉਨ੍ਹਾਂ ਵਿਰੁੱਧ ਮੁਕੱਦਮਾ ਚਲਾ ਰਹੀ ਹੈ, ਜਿਸ ਨੂੰ ਸੁਪਰੀਮ ਕੋਰਟ ਪਹਿਲਾਂ ਹੀ ਖ਼ਾਰਜ ਕਰ ਚੁੱਕੀ ਹੈ ਅਤੇ ਇਸ ਲਈ ਈ.ਡੀ. ਕੋਲ ਇਸ ਮਾਮਲੇ 'ਚ ਕਾਰਵਾਈ ਕਰਨ ਦਾ ਕੋਈ ਅਧਿਕਾਰ ਖੇਤਰ ਨਹੀਂ ਹੈ | ਉਨ੍ਹਾਂ ਦਲੀਲ ਦਿੱਤੀ ਕਿ ਉਨ੍ਹਾਂ ਵਿਰੁੱਧ ਈ.ਡੀ. ਦਾ ਮੁਕੱਦਮਾ ਕਾਨੂੰਨੀ ਤੌਰ 'ਤੇ ਗਲਤ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ | ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਕੁਝ ਦਿਨ ਪਹਿਲਾਂ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਅੱਜ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ | ਇਸ ਫ਼ੈਸਲੇ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਿਰੁੱਧ ਖਹਿਰਾ ਦੀ ਕਾਨੂੰਨੀ ਲੜਾਈ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਨਾਲ ਏਜੰਸੀ ਲਈ ਖਹਿਰਾ ਦੇ ਵਿਰੁੱਧ ਜਾਂਚ ਅਤੇ ਮੁਕੱਦਮਾ ਅੱਗੇ ਵਧਾਉਣ ਦਾ ਰਸਤਾ ਸਾਫ਼ ਹੋ ਗਿਆ ਹੈ |