ਸਾਰੇ ਮੁੱਖ ਸਕੱਤਰਾਂ ਨੂੰ ਨਿੱਜੀ ਤੌਰ 'ਤੇ 3 ਨੂੰ ਪੇਸ਼ ਹੋਣ ਦੇ ਹੁਕਮ
ਨਵੀਂ ਦਿੱਲੀ, 31 ਅਕਤੂਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਲਾਵਾਰਿਸ ਕੁੱਤਿਆਂ ਨਾਲ ਜੁੜੇ ਮਾਮਲਿਆਂ 'ਚ ਰਾਜਾਂ ਦੇ ਢਿੱਲੇ-ਮੱਠੇ ਰਵੱਈਏ 'ਤੇ ਇਤਰਾਜ਼ ਪ੍ਰਗਟਾਉਂਦਿਆਂ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਨਿੱਜੀ ਤੌਰ 'ਤੇ 3 ਨਵੰਬਰ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ | ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਉਸ ਅਪੀਲ ਨੂੰ ਖਾਰਜ ਕਰ ਦਿੱਤਾ, ਜਿਸ 'ਚ ਉਨ੍ਹਾਂ ਰਾਜਾਂ ਅਤੇ ਕੇਂਦਰੀ ਪ੍ਰਬੰਧਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਵਰਚੂਅਲ ਤੌਰ 'ਤੇ ਪੇਸ਼ੀ 'ਚ ਸ਼ਾਮਿਲ ਹੋਣ ਦੀ ਇਜਾਜ਼ਤ ਮੰਗੀ ਸੀ | ਬੈਂਚ ਨੇ ਸ਼ਿਕਾਇਤੀ ਲਹਿਜ਼ੇ 'ਚ ਕਿਹਾ ਕਿ ਅਦਾਲਤ ਦੇ ਆਦੇਸ਼ਾਂ ਦਾ ਕੋਈ ਸਨਮਾਨ ਨਹੀਂ ਕੀਤਾ ਜਾਂਦਾ | ਜਦੋਂ ਅਸੀਂ ਉਨ੍ਹਾਂ ਨੂੰ ਹਲਫ਼ਨਾਮਾ ਦਾਖ਼ਲ ਕਰਨ ਨੂੰ ਕਹਿੰਦੇ ਹਾਂ ਤਾਂ ਉਹ ਚੁੱਪ ਧਾਰ ਲੈਂਦੇ ਹਨ | ਜਸਟਿਸ ਨਾਥ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਸੀਂ ਉਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ 'ਚ ਆਪਣਾ ਸਮਾਂ ਬਰਬਾਦ ਕਰ ਰਹੇ ਹਾਂ, ਜਿਨ੍ਹਾਂ ਨੂੰ ਨਗਰ ਨਿਗਮ ਅਤੇ ਰਾਜ ਸਰਕਾਰਾਂ ਨੂੰ ਹੱਲ ਕਰਨਾ ਚਾਹੀਦਾ ਸੀ | ਸੁਪਰੀਮ ਕੋਰਟ ਨੇ ਸੋਮਵਾਰ ਨੂੰ ਲਾਵਾਰਿਸ ਕੁੱਤਿਆਂ ਦੇ ਮਾਮਲਿਆਂ 'ਚ ਹਲਫ਼ਨਾਮਾ ਦਾਖ਼ਲ ਨਾ ਕਰਨ ਵਾਲੇ ਰਾਜਾਂ ਅਤੇ ਕੇਂਦਰੀ ਪ੍ਰਬੰਧਤ ਪ੍ਰਦੇਸ਼ਾਂ ਨੂੰ ਝਾੜ ਵੀ ਲਾਈ ਸੀ | ਸੁਪਰੀਮ ਕੋਰਟ ਲਾਵਾਰਿਸ ਕੁੱਤਿਆਂ ਦੇ ਕੱਟਣ ਨਾਲ ਹੋਣ ਵਾਲੀ ਰੇਬੀਜ ਬਿਮਾਰੀ ਸੰਬੰਧੀ ਇਕ ਮੀਡੀਆ ਰਿਪੋਰਟ 'ਤੇ ਕਾਰਵਾਈ ਕਰਦਿਆਂ 28 ਜੁਲਾਈ ਤੋਂ ਮਾਮਲੇ ਦੀ ਸੁਣਵਾਈ ਕਰ ਰਹੀ ਹੈ |
ਲਾਵਾਰਿਸ ਕੁੱਤਿਆਂ ਦੇ ਮਾਮਲੇ 'ਚ ਰਾਜਾਂ ਦੇ ਰਵੱਈਏ ਤੋਂ ਸੁਪਰੀਮ ਕੋਰਟ ਖਫ਼ਾ <br/>
ਅਜੀਤ ਡੈਸਕ
01-11-2025