ਅੰਮਿ੍ਤਸਰ, 1 ਨਵੰਬਰ (ਜਸਵੰਤ ਸਿੰੰਘ ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਖ਼ਤਮ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ ਕਰਾਰ ਦਿੱਤਾ | ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰ ਵਲੋਂ ਪੰਜਾਬ ਦੀ ਇਸ ਉੱਚ ਸਿੱਖਿਆ ਸੰਸਥਾ 'ਤੇ ਸੂਬੇ ਦੇ ਹੱਕ ਖ਼ਤਮ ਕਰਨ ਦੀ ਸਪੱਸ਼ਟ ਸਾਜਿਸ਼ ਹੈ | ਧਾਮੀ ਨੇ ਕਿਹਾ ਕਿ ਪੰਜਾਬ ਨਾਲ ਜੁੜਦੇ ਮਾਮਲੇ ਚਾਹੇ ਉਹ ਰਾਜਧਾਨੀ ਚੰਡੀਗੜ੍ਹ ਦਾ ਹੋਵੇ, ਦਰਿਆਈ ਪਾਣੀਆਂ ਦਾ ਜਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਹੋਵੇ, ਜਿਥੇ ਕੇਂਦਰ ਸਰਕਾਰ ਹਮੇਸ਼ਾਂ ਪੰਜਾਬ ਵਿਰੁੱਧ ਭੁਗਤ ਰਹੀ ਹੈ, ਉਥੇ ਪੰਜਾਬ ਸਰਕਾਰ ਦਾ ਰਵੱਈਆ ਵੀ ਸੂਬੇ ਦੇ ਹਿੱਤਾਂ ਪ੍ਰਤੀ ਸੁਹਿਰਦ ਨਹੀਂ ਹੈ |