ਚੰਡੀਗੜ੍ਹ, 1 ਨਵੰਬਰ (ਸੰਦੀਪ ਕੁਮਾਰ ਮਾਹਨਾ)ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਸੰਸਦ ਮੈਂਬਰ ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਉਪ-ਰਾਸ਼ਟਰਪਤੀ ਤੇ ਚਾਂਸਲਰ ਸੀ.ਪੀ. ਰਾਧਾਕਿ੍ਸ਼ਨਨ ਨੂੰ ਪੱਤਰ ਲਿਖ ਕੇ ਸਪੱਸ਼ਟ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਦੀ 'ਰਬੜ ਦੀ ਮੋਹਰ' ਬਣਾਉਣ ਦੀ ਕੋਸ਼ਿਸ਼ ਬਰਦਾਸ਼ਤਯੋਗ ਨਹੀਂ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿੱਧੇ ਤੌਰ 'ਤੇ ਪੰਜਾਬੀਆਂ ਦੇ ਹੱਕਾਂ 'ਤੇ ਹਮਲਾ ਹੈ ਅਤੇ ਇਸ ਨਾਲ ਸੂਬੇ ਦੀ ਵਿਰਾਸਤੀ ਪਛਾਣ ਕਮਜ਼ੋਰ ਹੋਵੇਗੀ | ਉਨ੍ਹਾਂ ਕਿਹਾ ਕਿ 'ਪੰਜਾਬ ਦਿਵਸ' ਮੌਕੇ ਜਾਰੀ ਕੀਤਾ ਗਿਆ ਫ਼ੈਸਲਾ ਪੰਜਾਬੀਆਂ ਲਈ ਦੁਖਦਾਈ ਤੇ ਭੜਕਾਉਣ ਵਾਲਾ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸੰਘੀਵਾਦੀ ਸੰਵਿਧਾਨ ਭਾਵਨਾ ਦੇ ਵਿਰੁੱਧ ਹੈ | ਸ਼੍ਰੋਮਣੀ ਅਕਾਲੀ ਦਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਨੋਟੀਫ਼ਿਕੇਸ਼ਨ ਵਾਪਸ ਨਾ ਲਿਆ ਗਿਆ ਤਾਂ ਪਾਰਟੀ ਵਿਆਪਕ ਲੋਕ-ਅੰਦੋਲਨ ਸ਼ੁਰੂ ਕਰਨ ਤੋਂ ਪਿੱਛੇ ਨਹੀਂ ਹਟੇਗੀ |