ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ)-ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਅੱਜ ਇਥੋਂ ਦੇ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਅਖੰਡ ਪਾਠ ਦੀ ਆਰੰਭਤਾ ਮੌਕੇ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਰਬੱਤ ਦੇ ਭਲੇ ਦੀ ਅਰਦਾਸ 'ਚ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗੁਰੂ ਗ੍ਰੰਥ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਅਪਣਾਉਂਦਿਆਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਤੋਂ ਪ੍ਰੇਰਨਾ ਲੈ ਕੇ ਸੂਬਾ ਸਰਕਾਰ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਇਹ ਵੱਡੇ ਸਮਾਗਮ ਕਰਵਾਉਣ ਦਾ ਉਪਰਾਲਾ ਕਰ ਰਹੀ ਹੈ | ਉਨ੍ਹਾਂ ਲੋਕਾਂ ਨੂੰ 'ਹਿੰਦ ਦੀ ਚਾਦਰ'-ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਾਨਵਤਾਵਾਦ ਤੇ ਆਤਮ ਬਲੀਦਾਨ ਦੀ ਭਾਵਨਾ ਦੇ ਉੱਚ-ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਦੀਪਕ ਬਾਲੀ ਸਮੇਤ ਹੋਰ ਹਾਜ਼ਰ ਸਨ |