• ਅਧਿਆਤਮਿਕ ਤੇ ਧਾਰਮਿਕ ਆਗੂਆਂ ਵਲੋਂ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ
• ਕਿਹਾ, ਗੁਰੂ ਸਾਹਿਬ ਨੇ ਹੱਕ-ਸੱਚ ਤੇ ਧਰਮ ਦੀ ਰਾਖੀ ਲਈ ਬੇਮਿਸਾਲ ਕੁਰਬਾਨੀ ਦਿੱਤੀ
ਕਰਨੈਲ ਸਿੰਘ
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ-ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ 'ਸਰਬ ਧਰਮ ਸੰਮੇਲਨ' 'ਚ ਵੱਖ-ਵੱਖ ਧਰਮਾਂ ਦੇ ਆਗੂਆਂ ਵਲੋਂ ਗੁਰੂ ਸਾਹਿਬ ਨੂੰ ਸਤਿਕਾਰ ਤੇ ਸ਼ਰਧਾ ਭੇਟ ਕੀਤੀ ਗਈ | ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਦਾ ਸੰਦੇਸ਼ ਦਿੱਤਾ ਤੇ ਸੂਬਾ ਸਰਕਾਰ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦੇਣ ਦੇ ਉਦੇਸ਼ ਨਾਲ ਇਹ ਸਮਾਗਮ ਕਰਵਾ ਰਹੀ ਹੈ | ਦੁਨੀਆ ਦਾ ਹਰ ਧਰਮ ਸਾਨੂੰ ਮਨੁੱਖਤਾ, ਦਇਆ ਤੇ ਸ਼ਾਂਤੀਪੂਰਨ ਸਹਿ-ਹੋਂਦ ਦੀਆਂ ਕਦਰਾਂ-ਕੀਮਤਾਂ ਸਿਖਾਉਂਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਹੱਕ-ਸੱਚ ਤੇ ਧਰਮ ਦੀ ਰਾਖੀ ਲਈ ਬੇਮਿਸਾਲ ਕੁਰਬਾਨੀ ਦਿੱਤੀ | ਗੁਰੂ ਸਾਹਿਬ ਨੇ ਹਰੇਕ ਵਿਅਕਤੀ ਨੂੰ ਆਪਣੀ ਅੰਤਰ-ਆਤਮਾ ਅਨੁਸਾਰ ਆਪਣਾ ਧਰਮ ਚੁਣਨ ਦੇ ਅਧਿਕਾਰ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ | ਇਤਿਹਾਸ ਗਵਾਹ ਹੈ ਕਿ ਬਹੁਤ ਸਾਰੇ ਲੋਕਾਂ ਨੇ ਆਪਣੇ ਧਰਮ ਲਈ ਜਾਨਾਂ ਕੁਰਬਾਨ ਕੀਤੀਆਂ | ਸਰਬ ਧਰਮ ਸੰਮੇਲਨ 'ਚ ਹਾਜ਼ਰ ਵੱਡੀ ਗਿਣਤੀ 'ਚ ਸੰਗਤ ਨੂੰ ਸੰਬੋਧਨ ਕਰਦਿਆਂ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਥੇ ਇਕੱਤਰ ਹੋਏ ਸਾਰੇ ਧਾਰਮਿਕ ਆਗੂਆਂ ਦੇ ਧੰਨਵਾਦੀ ਹਨ | ਉਨ੍ਹਾਂ ਕਿਹਾ ਕਿ ਪੂਰੇ ਇਤਿਹਾਸ 'ਚ ਸ਼ਾਇਦ ਹੀ ਕੋਈ ਅਜਿਹੀ ਮਿਸਾਲ ਮਿਲਦੀ ਹੋਵੇ, ਜਦੋਂ ਦੂਜਿਆਂ ਦੇ ਧਰਮ ਨੂੰ ਬਚਾਉਣ ਲਈ ਕਿਸੇ ਮਹਾਨ ਧਾਰਮਿਕ ਸ਼ਖ਼ਸੀਅਤ ਵਲੋਂ ਸ਼ਹਾਦਤ ਦਿੱਤੀ ਗਈ ਹੋਵੇ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ ਆਜ਼ਾਦੀ ਦੀ ਰਾਖੀ ਕਰਦਿਆਂ ਮਹਾਨ ਬਲੀਦਾਨ ਦਿੱਤਾ | ਉਨ੍ਹਾਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਦੁਨੀਆ ਭਰ ਦੇ ਧਾਰਮਿਕ ਆਗੂ ਸੂਬਾ ਸਰਕਾਰ ਨਾਲ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਨੂੰ ਪੰਜਾਬ ਸਰਕਾਰ ਵਲੋਂ ਫ਼ੰਡ ਪ੍ਰਦਾਨ ਕਰਕੇ ਇਨ੍ਹਾਂ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ | ਆਪਣੇ ਸੰਬੋਧਨ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਸਾਰੇ ਧਰਮਾਂ ਲਈ ਸਤਿਕਾਰ ਬਣਾਈ ਰੱਖਣ ਤੇ ਸੂਬੇ 'ਚ ਸ਼ਾਂਤੀ, ਸਦਭਾਵਨਾ ਤੇ ਭਾਈਚਾਰਕ ਏਕਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਰਹੀ ਹੈ | ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗੰਬਰਾਂ ਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਪੰਜਾਬ ਦੀ ਇਕ ਸ਼ਾਨਦਾਰ ਤੇ ਅਮੀਰ ਵਿਰਾਸਤ ਹੈ | ਪੰਜਾਬੀਆਂ ਨੂੰ ਮਹਾਨ ਗੁਰੂ ਸਾਹਿਬਾਨਾਂ ਤੋਂ ਜ਼ੁਲਮ, ਬੇਇਨਸਾਫ਼ੀ ਤੇ ਅੱਤਿਆਚਾਰ ਵਿਰੁੱਧ ਲੜਨ ਦੀ ਭਾਵਨਾ ਵਿਰਾਸਤ 'ਚ ਮਿਲੀ ਹੈ | ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਹਰ ਖੇਤਰ 'ਚ ਉੱਤਮਤਾ ਹਾਸਲ ਕਰਨਾ ਤੇ ਆਪਣੀ ਕਾਬਲੀਅਤ ਨੂੰ ਸਾਬਤ ਕਰਨ ਦੀ ਭਾਵਨਾ ਹਮੇਸ਼ਾ ਤੋਂ ਰਹੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਲੀ ਜਾ ਕੇ ਸ਼ਹੀਦੀ ਦਿੱਤੀ, ਜਿਸ ਦੀ ਮਿਸਾਲ ਦੁਨੀਆ ਭਰ ਦੇ ਇਤਿਹਾਸ 'ਚ ਕਿਤੇ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਪਾਤਸ਼ਾਹ ਧਰਮ ਨਿਰਪੱਖਤਾ, ਏਕਤਾ ਤੇ ਆਪਸੀ ਭਾਈਚਾਰੇ ਦੇ ਸੱਚੇ ਪ੍ਰਤੀਕ ਹਨ | ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਆਉਣ ਵਾਲੇ ਸਮੇਂ 'ਚ ਵੀ ਜਾਰੀ ਰਹਿਣਗੇ | ਸਬਰ ਧਰਮ ਸੰਮੇਲਨ 'ਚ ਆਰਟ ਆਫ਼ ਲਿਵਿੰਗ ਦੇ ਮੁਖੀ ਸ੍ਰੀ ਸ੍ਰੀ ਰਵੀਸ਼ੰਕਰ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ, ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਕਾਰ ਸੇਵਾ ਨਿਸ਼ਕਾਮ ਸੇਵਕ ਜਥਾ ਯੂ.ਕੇ. ਬਾਬਾ ਮਹਿੰਦਰ ਸਿੰਘ, ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਦੇਵਦੱਤ ਸਵਰਸਵਤੀ, ਅਚਾਰੀਆ ਲੋਕੇਸ਼ ਮੁਨੀ ਜੈਨ ਮੁਨੀ, ਸਈਅਦ ਅਫਸਰ ਅਲੀ ਨਿਜ਼ਾਮੀ, ਸ੍ਰੀਮਤੀ ਜਗਦਗੁਰੂ ਸ਼ੰਕਰਾਚਾਰੀਆ ਦੇਵਦੱਤਾਨੰਦ ਸਰਸਵਤੀ, ਮਹੰਤ ਗਿਆਨਦੇਵ ਸਿੰਘ ਨਿਰਮਲ ਅਖਾੜਾ, ਸਤਿਗੁਰੂ ਉਦੈ ਸਿੰਘ ਨਾਮਧਾਰੀ ਸੰਪਰਦਾ, ਬਾਬਾ ਬਾਲ ਜੀ ਊਨਾ ਵਾਲੇ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਹੋਰ ਧਾਰਮਿਕ ਸ਼ਖਸੀਅਤਾਂ ਹਾਜ਼ਰ ਸਨ |
350ਵੇਂ ਸ਼ਹੀਦੀ ਦਿਹਾੜੇ ਮੌਕੇ ਸਰਬ ਧਰਮ ਸੰਮੇਲਨ
ਅਜੀਤ ਡੈਸਕ
24-11-2025