• 1311 ਨਵੀਆਂ ਬੱਸਾਂ ਨਾਲ ਸਰਕਾਰੀ ਟਰਾਂਸਪੋਰਟ ਨੂੰ ਮਜ਼ਬੂਤ ਕਰਾਂਗੇ-ਮੁੱਖ ਮੰਤਰੀ
• ਕਿਹਾ, ਬੱਸ ਅੱਡਿਆਂ ਦਾ ਹੋਵੇਗਾ ਆਧੁਨਿਕੀਕਰਨ ਤੇ ਮੋਬਾਈਲ ਐਪ ਰਾਹੀਂ ਹੋਵੇਗੀ ਟਿਕਟਾਂ ਦੀ ਬੁਕਿੰਗ
ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)-ਟਰਾਂਸਪੋਰਟ ਖੇਤਰ 'ਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 'ਰੁਜ਼ਗਾਰ ਕ੍ਰਾਂਤੀ' ਯੋਜਨਾ ਤਹਿਤ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸਾਂ ਦੇ ਪਰਮਿਟ ਸੌਂਪੇ | ਇਥੇ ਮਗਸੀਪਾ ਵਿਖੇ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਮੀਲ ਪੱਥਰ ਹੈ, ਕਿਉਂਕਿ ਸੂਬਾ ਸਰਕਾਰ ਨੇ ਇਸ ਸਵੈ-ਰੁਜ਼ਗਾਰ ਪਹਿਲਕਦਮੀ ਨਾਲ 'ਰੁਜ਼ਗਾਰ ਕ੍ਰਾਂਤੀ' ਦੀ ਸ਼ੁਰੂਆਤ ਕੀਤੀ ਹੈ | ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਮਾਰਚ 2022 ਤੋਂ ਹੁਣ ਤੱਕ ਕੁੱਲ 1165 'ਸਮਾਲ ਸਟੇਜ ਕੈਰਿਜ ਪਰਮਿਟ' ਮਨਜ਼ੂਰ ਕੀਤੇ ਹਨ ਅਤੇ ਅੱਜ ਇਸ ਯੋਜਨਾ ਤਹਿਤ 505 ਨੌਜਵਾਨਾਂ ਨੂੰ ਪਰਮਿਟ ਦਿੱਤੇ ਜਾ ਰਹੇ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਲਈ 1311 ਨਵੀਆਂ ਬੱਸਾਂ ਸ਼ਾਮਿਲ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਨਿੱਜੀ ਟਰਾਂਪੋਰਟਰਾਂ ਨੂੰ ਆਮ ਆਦਮੀ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ, ਜਲੰਧਰ, ਸੰਗਰੂਰ, ਲੁਧਿਆਣਾ ਅਤੇ ਬਠਿੰਡਾ ਦੇ ਬੱਸ ਅੱਡਿਆਂ ਨੂੰ ਅਤਿ- ਆਧੁਨਿਕ ਸਹੂਲਤਾਂ ਨਾਲ ਨਵਾਂ ਰੂਪ ਦਿੱਤਾ ਜਾ ਰਿਹਾ ਹੈ ਅਤੇ ਬਹੁਤ ਜਲਦੀ ਅਸੀਂ ਫੋਨਾਂ ਤੋਂ ਬੱਸ ਟਿਕਟਾਂ ਬੁੱਕ ਕਰਨ ਲਈ ਨਵੀਂ ਐਪ ਸ਼ੁਰੂ ਕਰਾਂਗੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਨਤਕ ਆਵਾਜਾਈ ਖੇਤਰ ਨੂੰ ਮਜ਼ਬੂਤ ਕਰਨ ਲਈ ਪੰਜਾਬ 'ਚ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ, ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਵੇਗਾ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਪਹਿਲਾਂ ਬੱਸਾਂ ਦੀ ਘਾਟ ਕਾਰਨ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਹੁਣ ਸੂਬਾ ਸਰਕਾਰ ਨੇ ਵਿਦਿਆਰਥਣਾਂ ਲਈ ਸਕੂਲ ਬੱਸਾਂ ਸ਼ੁਰੂ ਕੀਤੀਆਂ ਹਨ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 19000 ਕਿਲੋਮੀਟਰ ਪੇਂਡੂ ਸੜਕਾਂ ਸਮੇਤ ਕੁੱਲ 43000 ਕਿਲੋਮੀਟਰ ਸੜਕਾਂ ਦੀ 'ਰੀਕਾਰਪੈਟਿੰਗ' ਦਾ ਕੰਮ ਪੰਜ ਸਾਲਾਂ ਦੀ ਮਿਆਦ ਲਈ ਸੜਕਾਂ ਦੀ ਸਾਂਭ-ਸੰਭਾਲ ਦੀ ਸ਼ਰਤ ਨਾਲ ਅਲਾਟ ਕੀਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ 58000 ਨੌਜਵਾਨਾਂ ਨੂੰ ਬਿਨਾਂ ਕਿਸੇ ਭਿ੍ਸ਼ਟਾਚਾਰ, ਭਾਈ-ਭਤੀਜਾਵਾਦ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਮਿਲੀਆਂ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਜਿਹੇ ਬੱਸ ਪਰਮਿਟ ਸਿਰਫ਼ ਸੱਤਾਧਾਰੀ ਲੋਕਾਂ ਦੇ ਨੇੜਲੇ ਲੋਕਾਂ ਨੂੰ ਜਾਰੀ ਕੀਤੇ ਜਾਂਦੇ ਸਨ | ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਤੱਤਕਾਲੀ ਸੱਤਾਧਾਰੀਆਂ ਨੇ ਟਰਾਂਸਪੋਰਟ ਨੂੰ ਪਰਿਵਾਰਕ ਕਾਰੋਬਾਰ ਸਮਝਦਿਆਂ ਆਪਣੇ ਨੇੜਲਿਆਂ ਨੂੰ ਪਰਮਿਟ ਜਾਰੀ ਕੀਤੇ ਅਤੇ ਇਸ ਕਾਰੋਬਾਰ 'ਚ ਆਪਣਾ ਏਕਾਧਿਕਾਰ ਬਣਾ ਲਿਆ ਸੀ | ਉਨ੍ਹਾਂ ਕਿਹਾ ਕਿ ਹੁਣ ਇਹ ਰੁਝਾਨ ਪੂਰੀ ਤਰ੍ਹਾਂ ਬਦਲ ਗਿਆ ਹੈ, ਕਿਉਂਕਿ ਸੂਬੇ ਦੀ ਕਮਾਨ ਇਕ ਇਮਾਨਦਾਰ ਸਰਕਾਰ ਕੋਲ ਹੈ, ਜੋ ਸਾਰਿਆਂ ਦੀ ਭਲਾਈ ਲਈ ਵਚਨਬੱਧ ਹੈ | ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ 'ਚ ਸਥਾਨਕ ਇਕਾਈਆਂ ਦੀਆਂ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਹੋਈਆਂ ਅਤੇ ਕੁਝ ਉਮੀਦਵਾਰਾਂ ਨੇ ਦੋ ਜਾਂ ਤਿੰਨ ਵੋਟਾਂ ਦੇ ਫਰਕ ਨਾਲ ਸੀਟਾਂ ਜਿੱਤੀਆਂ ਹਨ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਨਕਾਰੇ ਜਾਣ ਕਾਰਨ ਵਿਰੋਧੀ ਧਿਰ ਇਸ ਮੁੱਦੇ 'ਤੇ ਬੇਲੋੜਾ ਰੌਲਾ ਪਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਹਾ ਕਿ ਸੂਬੇ ਦੇ ਲੋਕਾਂ ਖਾਸ ਕਰਕੇ ਪੇਂਡੂ ਖੇਤਰਾਂ ਨੇ ਸਿਰਫ਼ ਬਿਆਨਬਾਜ਼ੀ ਦੀ ਬਜਾਏ ਵਿਕਾਸ ਅਤੇ ਕੰਮਾਂ ਨੂੰ ਵੋਟ ਪਾਈ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 17 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਪੰਜਾਬੀਆਂ ਦੇ ਰੋਜ਼ਾਨਾ 64 ਲੱਖ ਰੁਪਏ ਬਚ ਰਹੇ ਹਨ | ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਕੰਪਨੀਆਂ ਸੂਬਾ ਵਾਸੀਆਂ ਦਾ ਸ਼ੋਸ਼ਣ ਕਰਨ ਲਈ ਇਨ੍ਹਾਂ ਦੀ ਮਿਆਦ 'ਚ ਵਾਧਾ ਕਰਨਾ ਚਾਹੁੰਦੀਆਂ ਸਨ ਪਰ ਸੂਬਾ ਸਰਕਾਰ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ |
'ਰੁਜ਼ਗਾਰ ਕ੍ਰਾਂਤੀ ਯੋਜਨਾ' ਅਧੀਨ ਮੁੱਖ ਮੰਤਰੀ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ
ਅਜੀਤ ਡੈਸਕ
20-12-2025