05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੰਜਾਬ ਸਰਕਾਰ ਆਮ ਘਰਾਂ ਦੇ ਨੌਜਵਾਨਾਂ ਦੇ ਅੰਬਰਾਂ 'ਚ ਉਡਾਰੀ ਲਗਾਉਣ ਦੇ ਸੁਪਨੇ ਕਰੇਗੀ ਪੂਰੇ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 21-12-2025

ਕਿਹਾ, ਸੂਬਾ ਸਰਕਾਰ ਨੌਕਰੀ ਲੱਭਣ ਵਾਲੇ ਨਹੀਂ, ਨੌਕਰੀ ਦੇਣ ਵਾਲੇ ਨੌਜਵਾਨ ਪੈਦਾ ਕਰ ਰਹੀ ਹੈ
ਪਟਿਆਲਾ, 20 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ 'ਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫ਼ਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ 'ਚ ਵੱਡੇ ਉਪਰਾਲੇ ਕਰ ਰਹੀ ਹੈ | ਪਟਿਆਲਾ ਏਵੀਏਸ਼ਨ ਕਲੱਬ ਵਿਖੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੱਕਾਰੀ ਸੰਸਥਾ ਤੋਂ ਸਿਖਲਾਈ ਲੈ ਰਹੇ ਸਾਰੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਣ ਲਈ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਵਿਖੇ 32 ਸਿੱਖਿਆਰਥੀ ਪਾਇਲਟਾਂ ਅਤੇ ਪਟਿਆਲਾ ਏਅਰਕ੍ਰਾਫਟ ਮੇਨਟੀਨੈਂਸ ਇੰਜੀਨੀਅਰਿੰਗ ਕਾਲਜ ਦੇ 72 ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਸੈਸ਼ਨ 'ਚ ਸ਼ਾਮਿਲ ਹੋ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ ਹੈ | ਉਨ੍ਹਾਂ ਕਿਹਾ ਕਿ 32 ਸਿੱਖਿਆਰਥੀ ਪਾਇਲਟਾਂ (ਟਰੇਨੀ ਪਾਇਲਟਾਂ) ਵਿਚੋਂ ਜ਼ਿਆਦਾਤਰ ਆਪਣੇ ਪਰਿਵਾਰਾਂ ਦੀ ਪਹਿਲੀ ਪੀੜ੍ਹੀ ਹਨ ਜੋ ਹਵਾਬਾਜ਼ੀ ਖੇਤਰ 'ਚ ਪ੍ਰਵੇਸ਼ ਹੋ ਰਹੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਸੰਸਥਾਵਾਂ 'ਚ ਕਮਰਸ਼ੀਅਲ ਪਾਇਲਟ ਬਣਨ ਲਈ 40-45 ਲੱਖ ਰੁਪਏ ਖ਼ਰਚ ਆਉਂਦੇ ਹਨ, ਜਦੋਂ ਕਿ ਪਟਿਆਲਾ ਫਲਾਇੰਗ ਕਲੱਬ 'ਚ ਲਗਭਗ 50 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ, ਜਿਸ ਨਾਲ 22-25 ਲੱਖ ਫ਼ੀਸ ਰਹਿ ਜਾਂਦੀ ਹੈ, ਜਿਸ ਦੇ ਸਿੱਟੇ ਵਜੋਂ ਦੁਕਾਨਦਾਰ, ਅਧਿਆਪਕ, ਕਿਸਾਨ, ਕਲਰਕ ਅਤੇ ਸਧਾਰਨ ਘਰਾਂ ਦੇ ਹੋਰ ਨੌਜਵਾਨ ਹੁਣ ਪਾਇਲਟ ਬਣਨ ਦਾ ਸੁਪਨਾ ਦੇਖ ਸਕਦੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਏਵੀਏਸ਼ਨ ਕੰਪਲੈਕਸ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ 'ਏਵੀਏਸ਼ਨ ਮਿਊਜ਼ੀਅਮ' ਸਥਾਪਤ ਕੀਤਾ ਜਾ ਰਿਹਾ ਹੈ ਅਤੇ ਇਹ ਅਜਾਇਬ ਘਰ ਮਿਗ ਜਹਾਜ਼, ਸੈਕੰਡ ਜਨਰੇਸ਼ਨ ਹੈਲੀਕਾਪਟਰ, ਸਿਮੂਲੇਟਰਾਂ ਅਤੇ ਏਵੀਏਸ਼ਨ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ, ਜੋ ਵਿਦਿਆਰਥੀਆਂ ਅਤੇ ਜਨਤਾ ਨੂੰ ਅਹਿਮ ਜਾਣਕਾਰੀ ਪ੍ਰਦਾਨ ਕਰੇਗਾ | ਉਨ੍ਹਾਂ ਨੇ ਕਿਹਾ ਕਿ ਇਸ ਦਾ ਉਦੇਸ਼ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਹਵਾਬਾਜ਼ੀ ਖੇਤਰ ਲਈ ਪ੍ਰੇਰਿਤ ਕਰਨਾ ਹੈ | ਮੁੱਖ ਮੰਤਰੀ ਨੇ ਇਸ ਮੌਕੇ ਸਿਵਲ ਏਵੀਏਸ਼ਨ ਵਿਭਾਗ ਦੀ ਨਵੀਂ ਵੈੱਬਸਾਈਟ ਵੀ ਲਾਂਚ ਕੀਤੀ | ਉਨ੍ਹਾਂ ਨੇ ਕਿਹਾ ਕਿ ਪਟਿਆਲਾ ਸਟੇਟ ਏਵੀਏਸ਼ਨ ਕੌਂਸਲ, ਪੰਜਾਬ ਦਾ ਉਦੇਸ਼ ਹਰ ਬੱਚੇ ਨੂੰ ਅਸਮਾਨ 'ਚ ਉਡਾਣ ਭਰਨ ਦਾ ਸੁਪਨਾ ਪੂਰਾ ਕਰਨ ਦਾ ਮੌਕਾ ਦੇਣਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ | ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਸਿਵਲ ਏਵੀਏਸ਼ਨ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਵਰੁਣ ਸ਼ਰਮਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਆਦਿ ਵੀ ਮੌਜੂਦ ਸਨ | ਪਟਿਆਲਾ ਫਲਾਇੰਗ ਕਲੱਬ ਨਾਲ ਜੋੜ ਕੇ ਪਟਿਆਲਾ ਤੋਂ ਘਰੇਲੂ ਉਡਾਣਾਂ ਭਵਿੱਖ 'ਚ ਉਡਾਉਣ ਦੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਨਾਲ ਸੰਬੰਧਿਤ ਕੇਂਦਰੀ ਵਿਭਾਗ ਨਾਲ ਗੱਲ ਕਰਨਗੇ, ਜੇਕਰ ਸ਼ਰਤਾਂ ਮੁਤਾਬਿਕ ਇੱਥੇ ਪ੍ਰਬੰਧ ਪੂਰੇ ਹੁੰਦੇ ਹੋਏ ਤਾਂ ਉਹ ਜ਼ਰੂਰ ਕੋਸ਼ਿਸ਼ ਕਰਨਗੇ ਕਿ ਪਟਿਆਲਾ ਤੋਂ ਵੀ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਜਾਣ | ਉਨ੍ਹਾਂ ਨੇ ਕਿਹਾ ਕਿ ਉਹ ਨਿੱਜੀ ਖੇਤਰ ਦੀਆਂ ਕੰਪਨੀਆਂ ਨਾਲ ਵੀ ਵਿਚਾਰ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸੀਤ ਲਹਿਰ ਨੇ ਛੇੜੀ ਕੰਬਣੀ ਧੁੰਦ ਨੇ ਰੋਕੀ ਆਵਾਜਾਈ ਅਗਲੀ ਖ਼ਬਰ ਮੋਦੀ ਸਰਕਾਰ ਨੇ ਮਗਨਰੇਗਾ 'ਤੇ ਬੁਲਡੋਜ਼ਰ ਚਲਾ ਦਿੱਤਾ-ਸੋਨੀਆ
Ad Position 24