14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪੰਜਾਬ ਵਿਰੋਧੀ ਹਰ ਕੇਂਦਰੀ ਸਕੀਮ ਦਾ ਵਿਰੋਧ ਕਰਾਂਗੇ-ਮੁੱਖ ਮੰਤਰੀ

Ad Position 21
repet_subhas-goyals [Copy P29]
ਅਜੀਤ ਡੈਸਕ 23-12-2025

ਸੰਗਰੂਰ, 22 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਹਰ ਉਸ ਸਕੀਮ ਦਾ ਵਿਰੋਧ ਕੀਤਾ ਜਾਵੇਗਾ ਜੋ ਪੰਜਾਬ ਦੇ ਹਿਤਾਂ ਨੰੂ ਨੁਕਸਾਨ ਪਹੁੰਚਾਉਂਦੀ ਹੋਵੇ | ਇਸੇ ਸੰਬੰਧ ਵਿਚ ਮਨਰੇਗਾ ਦੀ ਥਾਂ ਨਵੀਂ ਸਕੀਮ 'ਜੀ ਰਾਮ ਜੀ' ਦਾ ਵਿਰੋਧ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ, ਜਿਸ ਵਿਚ ਸਾਰੀਆਂ ਧਿਰਾਂ ਨੰੂ ਬੋਲਣ ਦਾ ਮੌਕਾ ਦਿੱਤਾ ਜਾਵੇਗਾ ਅਤੇ ਭਾਜਪਾ ਮੈਂਬਰ ਵੀ ਆਪਣੀ ਗੱਲ ਰੱਖ ਸਕਣਗੇ | ਅੱਜ ਇਥੇ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵਲੋਂ ਮਨਰੇਗਾ ਦਾ ਨਾਂਅ ਬਦਲਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਂਅ ਬਦਲਣ ਨਾਲ ਗ਼ਰੀਬਾਂ ਦਾ ਢਿੱਡ ਨਹੀਂ ਭਰਨਾ, ਪਰ ਦਿਹਾੜੀਦਾਰ ਮਜ਼ਦੂਰ ਸਿਰਫ਼ ਇਸ ਗੱਲ ਦੀ ਪਰਵਾਹ ਕਰਦੇ ਹਨ ਕਿ ਉਨ੍ਹਾਂ ਨੂੰ ਕੰਮ ਮਿਲਦਾ ਰਹੇ ਤਾਂ ਜੋ ਉਹ ਆਪਣੇ ਪਰਿਵਾਰ ਨੂੰ ਪਾਲ ਸਕਣ | ਉਨ੍ਹਾਂ ਅੱਗੇ ਕਿਹਾ ਕਿ ਜਦੋਂ ਇਲਾਹਾਬਾਦ ਦਾ ਨਾਂਅ ਬਦਲ ਕੇ ਪ੍ਰਯਾਗਰਾਜ ਰੱਖਿਆ ਗਿਆ ਜਾਂ ਜਦੋਂ ਸਰਾਏ ਕਾਲੇ ਖਾਨ ਸਟੇਸ਼ਨ ਦਾ ਨਾਂਅ ਬਦਲ ਕੇ ਦੀਨ ਦਿਆਲ ਉਪਾਧਿਆਏ ਨਗਰ ਰੱਖਿਆ ਗਿਆ ਤਾਂ ਲੋਕਾਂ ਦੇ ਹਿਤ 'ਚ ਸ਼ਾਇਦ ਹੀ ਕੋਈ ਬਦਲਾਅ ਦੇਖਿਆ ਗਿਆ ਹੋਵੇ | ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਦੁੱਖ ਦੀ ਗੱਲ ਹੈ ਕਿ ਨਾਂਅ ਬਦਲਣ ਤੋਂ ਬਾਅਦ ਇਨ੍ਹਾਂ ਸ਼ਹਿਰਾਂ 'ਚ ਸਫ਼ਾਈ ਸੰਬੰਧੀ ਕੋਈ ਸੁਧਾਰ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿ ਸ਼ਹਿਰਾਂ ਦੇ ਨਾਂਅ ਬਦਲਣ ਵਾਲਿਆਂ ਨੇ ਅਜੇ ਤੱਕ ਦੇਸ਼ ਦਾ ਨਾਂਅ ਨਹੀਂ ਬਦਲਿਆ | ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੇ ਆਗੂ ਅਜੇ ਵੀ ਨਾਵਾਂ 'ਤੇ ਬਹਿਸ ਕਰਨ 'ਚ ਹੀ ਰੁੱਝੇ ਹੋਏ ਹਨ, ਜਦੋਂ ਕਿ ਸੂਬਾ ਸਰਕਾਰ ਦਾ ਧਿਆਨ ਅਸਲ ਕੰਮਾਂ ਅਤੇ ਮੁੱਦਿਆਂ ਵੱਲ ਹੈ | ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਜਲਦ ਹੀ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਜੋ 65 ਲੱਖ ਪਰਿਵਾਰਾਂ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਏਗੀ | ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋਕ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਸਕਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਜਨਤਾ ਦੀ ਭਲਾਈ ਲਈ ਅਗਲੇ ਬਜਟ ਇਜਲਾਸ 'ਚ ਕਈ ਹੋਰ ਲੋਕ ਪੱਖੀ ਯੋਜਨਾਵਾਂ ਪੇਸ਼ ਕੀਤੀਆਂ ਜਾਣਗੀਆਂ | ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ | ਸ਼ੋ੍ਰਮਣੀ ਅਕਾਲੀ ਦਲ ਵਲੋਂ ਏ.ਆਈ. ਤਕਨਾਲੋਜੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਨਿੰਦਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਵੀਂ ਤਕਨਾਲੋਜੀ ਕਾਰਨ ਉਹ ਆਪਣੇ ਅਸਲ ਕੰਮਾਂ ਤੋਂ ਭਟਕ ਰਹੇ ਹਨ | ਅਕਾਲੀ ਦਲ ਇਸ ਵੇਲੇ ਏ.ਆਈ. ਦੀ ਸਹਾਇਤਾ ਨਾਲ ਚੱਲ ਰਿਹਾ ਹੈ ਅਤੇ ਇਸ ਦਾ ਨਾਂਅ ਅਕਾਲੀ ਦਲ ਏ.ਆਈ. ਕਿਹਾ ਜਾ ਸਕਦਾ ਹੈ | ਉਨ੍ਹਾਂ ਕਿ 'ਆਪ' ਦੇਸ਼ ਭਰ 'ਚ ਆਪਣੇ ਪੈਰ ਪਸਾਰ ਰਹੀ ਹੈ ਅਤੇ ਇਸ ਦੇ ਉਲਟ ਅਕਾਲੀ ਦਲ ਸੂਬੇ ਦੇ ਕੁਝ ਹਿੱਸਿਆਂ ਵਿਚ ਮਹਿਜ਼ ਦੋ ਜਾਂ ਤਿੰਨ ਸੀਟਾਂ ਹੀ ਪ੍ਰਾਪਤ ਕਰ ਸਕਿਆ ਹੈ | ਮੰਤਰੀ ਨੇ ਕਿਹਾ ਕਿ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਕਾਰਨ 'ਆਪ' ਨੂੰ ਸਮਾਜ ਦੇ ਹਰ ਵਰਗ ਦਾ ਸਮਰਥਨ ਮਿਲਿਆ ਹੈ | ਇਸ ਤੋਂ ਪਹਿਲਾਂ ਜ਼ਿਲ੍ਹਾ ਸੰਗਰੂਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਜਿੱਤੇ-ਹਾਰੇ ਉਮੀਦਵਾਰਾਂ ਨੰੰੂ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨੁਮਾਇੰਦਿਆਂ ਨੂੰ ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਰਾਜ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨੀ ਚਾਹੀਦੀ ਹੈ | ਇਸ ਨਾਲ ਕੰਮ ਦੀ ਗੁਣਵੱਤਾ ਵਿਚ ਸੁਧਾਰ ਹੋਵੇਗਾ | ਉਨ੍ਹਾਂ ਕਿਹਾ ਕਿ ਸੂਬੇ ਦੀ ਵੱਡੀ ਗਿਣਤੀ ਆਬਾਦੀ ਪਿੰਡਾਂ ਵਿਚ ਰਹਿੰਦੀ ਹੈ, ਇਸ ਲਈ ਸੂਬਾ ਸਰਕਾਰ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ | ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਸੂਬੇ ਅਤੇ ਖਾਸ ਕਰਕੇ ਪਿੰਡਾਂ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਇਕ ਰੋਡ ਮੈਪ ਤਿਆਰ ਕੀਤਾ ਜਾਏਗਾ | ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਪੇਂਡੂ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਉਨ੍ਹਾਂ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਬਾਲੀਆ, ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਪ੍ਰਭਦੀਪ ਸਿੰਘ ਨੱਥੋਵਾਲ ਤੇ ਹੋਰ ਅਧਿਕਾਰੀ ਅਤੇ ਆਗੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹੇਰਾਲਡ ਮਾਮਲਾ-ਈ.ਡੀ. ਦੀ ਅਰਜ਼ੀ 'ਤੇ ਦਿੱਲੀ ਹਾਈ ਕੋਰਟ ਵਲੋਂ ਸੋਨੀਆ ਤੇ ਰਾਹੁਲ ਨੂੰ ਨੋਟਿਸ ਅਗਲੀ ਖ਼ਬਰ ਬੰਗਲਾਦੇਸ਼ ਵਲੋਂ ਭਾਰਤ 'ਚ ਵੀਜ਼ਾ ਸੇਵਾਵਾਂ ਮੁਅੱਤਲ
Ad Position 24