03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਅਮਿਤ ਸ਼ਾਹ ਨੇ '84 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਨਾਇਬ ਸਿੰਘ ਸੈਣੀ ਦੀ ਕੀਤੀ ਪ੍ਰਸੰਸਾ

Ad Position 21
repet_subhas-goyals [Copy P29]
ਅਜੀਤ ਡੈਸਕ 25-12-2025

ਕਿਹਾ, ਪ੍ਰਭਾਵਿਤ ਸਿੱਖ ਪਰਿਵਾਰਾਂ ਨੂੰ ਨਿਆਂ ਤੇ ਰੁਜ਼ਗਾਰ ਪ੍ਰਦਾਨ ਕਰਨਾ ਹਰਿਆਣਾ ਸਰਕਾਰ ਦੀ ਸੰਵੇਦਨਸ਼ੀਲਤਾ ਦਾ ਪ੍ਰਮਾਣ
ਰਾਮ ਸਿੰਘ ਬਰਾੜ/ਕਪਿਲ

ਚੰਡੀਗੜ੍ਹ/ਪੰਚਕੂਲਾ, 24 ਦਸੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 1984 ਦੇ ਸਿੱਖ ਕਤਲੇਆਮ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਸੰਸਾ ਕੀਤੀ | ਉਨ੍ਹਾਂ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਨਿਆਂ, ਮੁਆਵਜ਼ਾ ਅਤੇ ਸਨਮਾਨਜਨਕ ਰੁਜ਼ਗਾਰ ਪ੍ਰਦਾਨ ਕਰਨਾ ਰਾਜ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਮਜ਼ਬੂਤ ਰਾਜਨੀਤਕ ਇੱਛਾ ਸ਼ਕਤੀ ਨੂੰ ਦਰਸਾਉਂਦਾ ਹੈ | ਕੇਂਦਰੀ ਗ੍ਰਹਿ ਮੰਤਰੀ ਬੁੱਧਵਾਰ ਨੂੰ ਪੰਚਕੂਲਾ 'ਚ 'ਵੀਰ ਬਾਲ ਦਿਵਸ' ਮਨਾਉਣ ਲਈ ਕਰਵਾਏ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰ ਰਹੇ ਸਨ | ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਸਨ | ਇਸ ਮੌਕੇ ਅਮਿਤ ਸ਼ਾਹ ਨੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਗਾਥਾ ਅਤੇ ਹਰਿਆਣਾ ਸਰਕਾਰ ਦੁਆਰਾ ਤਿਆਰ ਕੀਤੇ ਗਏ 'ਵਿਜ਼ਨ ਦਸਤਾਵੇਜ਼ 2047' 'ਤੇ ਆਧਾਰਿਤ ਇਕ ਕੌਫੀ ਟੇਬਲ ਕਿਤਾਬ ਜਾਰੀ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਨੇ 1984 ਦੇ ਸਿੱਖ ਕਤਲੇਆਮ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਵੀ ਵੰਡੇ | ਅਮਿਤ ਸ਼ਾਹ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਦਹਾਕਿਆਂ ਤੋਂ ਅਣਗੌਲਿਆਂ ਕੀਤੇ ਗਏ ਸਿੱਖ ਪੀੜਤ ਪਰਿਵਾਰਾਂ ਨੂੰ ਸਨਮਾਨਜਨਕ ਰੁਜ਼ਗਾਰ ਪ੍ਰਦਾਨ ਕਰਕੇ ਉਨ੍ਹਾਂ ਦੇ ਜ਼ਖ਼ਮਾਂ ਨੂੰ ਭਰਿਆ ਹੈ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਾਰੀ ਮਨੁੱਖਤਾ ਲਈ ਹਿੰਮਤ, ਵਿਸ਼ਵਾਸ ਅਤੇ ਸਵੈਮਾਣ ਦੀ ਅਮਰ ਮਿਸਾਲ ਹੈ | ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਨੇ ਜਬਰ ਤੇ ਜ਼ੁਲਮ ਅੱਗੇ ਝੁਕਣ ਦੀ ਬਜਾਏ ਧਾਰਮਿਕਤਾ ਅਤੇ ਸੱਚ ਦਾ ਰਸਤਾ ਚੁਣਿਆ, ਇਸ ਤਰ੍ਹਾਂ ਸਾਬਤ ਕੀਤਾ ਕਿ ਭਾਰਤ ਦੀ ਆਤਮਾ ਕਦੇ ਵੀ ਡਰ ਤੋਂ ਹਾਰਦੀ ਨਹੀਂ | ਇਸ ਤੋਂ ਪਹਿਲਾਂ ਅਮਿਤ ਸ਼ਾਹ ਅਤੇ ਨਾਇਬ ਸਿੰਘ ਸੈਣੀ ਨੇ ਛੋਟੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ | ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਇਹ ਪਵਿੱਤਰ ਧਰਤੀ ਇਤਿਹਾਸ, ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਸ਼ਾਨਦਾਰ ਗੂੰਜਾਂ ਨਾਲ ਗੂੰਜਦੀ ਹੈ | ਇਹ ਦਿਨ ਭਾਰਤ ਦੀ ਆਤਮਾ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਹੈ | ਵੀਰ ਬਾਲ ਦਿਵਸ ਮੌਕੇ ਅਸੀਂ ਉਨ੍ਹਾਂ ਅਮਰ ਆਤਮਾਵਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਾਂ ਜਿਨ੍ਹਾਂ ਨੇ ਬਚਪਨ 'ਚ ਹੀ ਧਰਮ, ਸੱਭਿਆਚਾਰ ਅਤੇ ਮਨੁੱਖਤਾ ਦੀ ਰੱਖਿਆ ਲਈ ਜਾਨਾਂ ਕੁਰਬਾਨ ਕਰ ਦਿੱਤੀਆਂ | ਮੁੱਖ ਮੰਤਰੀ ਨੇ ਕਿਹਾ ਕਿ 20 ਤੋਂ 27 ਦਸੰਬਰ ਤੱਕ ਦਾ ਹਫ਼ਤਾ ਭਾਰਤੀ ਇਤਿਹਾਸ ਦਾ ਸਭ ਤੋਂ ਸ਼ੋਕਪੂਰਨ, ਪਰ ਗੌਰਵਪੂਰਨ ਹਫ਼ਤਾ ਹੈ | ਇਸ ਸਮੇਂ ਦੌਰਾਨ ਗੁਰੂ ਗੋਬਿੰਦ ਸਿੰਘ ਜੀ ਦੇ ਪੂਰੇ ਪਰਿਵਾਰ ਨੇ ਧਰਮ ਅਤੇ ਨਿਆਂ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ | ਚਮਕੌਰ ਦੀ ਲੜਾਈ ਵਿਚ ਵੱਡੇ ਸਾਹਿਬਜ਼ਾਦਿਆਂ ਦੀ ਬਹਾਦਰੀ, ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਰਧਾ ਅਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਭਾਰਤ ਦੀ ਅਧਿਆਤਮਿਕ ਤਾਕਤ ਦੇ ਪ੍ਰਤੀਕ ਹਨ | ਇਹ ਪਰੰਪਰਾ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਨਾਲ ਜੁੜੀ ਹੋਈ ਹੈ, ਜਿਨ੍ਹਾਂ ਨੇ ਦੇਸ਼ ਅਤੇ ਧਰਮ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ 'ਚ ਗੋਲੀ ਲੱਗਣ ਨਾਲ ਜੇ.ਸੀ.ਓ. ਦੀ ਮੌਤ ਅਗਲੀ ਖ਼ਬਰ ਸੋਨੇ ਦੀਆਂ ਚੂੜੀਆਂ ਖੋਹਣ ਦੇ ਮਾਮਲੇ 'ਚ ਪੁਲਿਸ ਨੇ ਇਕ ਔਰਤ ਨੂੰ ਕੀਤਾ ਗਿ੍ਫ਼ਤਾਰ, ਦੂਜੀ ਦੀ ਭਾਲ ਜਾਰੀ
Ad Position 24