* ਕਿਹਾ, ਜੇਕਰ ਗੁਰੂ ਗੋਬਿੰਦ ਸਿੰਘ ਜੀ ਸਰਬੰਸ ਨਾ ਵਾਰਦੇ ਤਾਂ ਭਾਰਤ ਦਾ ਇਤਿਹਾਸ ਕੁਝ ਹੋਰ ਹੋਣਾ ਸੀ
* ਬਾਬਾ ਮੋਤੀ ਰਾਮ ਮਹਿਰਾ ਦੀ ਸੇਵਾ ਤੇ ਸ਼ਹਾਦਤ ਦਾ ਕੋਈ ਸਾਨੀ ਨਹੀਂ
ਬਲਜਿੰਦਰ ਸਿੰਘ
ਫ਼ਤਹਿਗੜ੍ਹ ਸਾਹਿਬ, 25 ਦਸੰਬਰ-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ੁਰੂ ਹੋਈ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ ਦੇ ਪਹਿਲੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਉਨ੍ਹਾਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ | ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਤੇ ਅਦੁੱਤੀ ਸ਼ਹਾਦਤ ਦੀ ਮਿਸਾਲ ਕਿਧਰੇ ਨਹੀਂ ਮਿਲਦੀ, ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਛੋਟੀ ਉਮਰ ਹੋਣ ਦੇ ਬਾਵਜੂਦ ਤੇ ਉਨ੍ਹਾਂ ਦੀ ਹਿੰਮਤ ਤੇ ਦਲੇਰੀ ਮੂਹਰੇ ਜਬਰ ਜ਼ੁਲਮ ਵੀ ਹਾਰ ਗਿਆ | ਸ੍ਰੀ ਸੈਣੀ ਨੇ ਅੱਗੇ ਕਿਹਾ ਕਿ ਜੇਕਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜਬਰ ਜ਼ੁਲਮ ਦਾ ਟਾਕਰਾ ਕਰਦੇ ਹੋਏ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਸਰਬੰਸ ਨਾ ਵਾਰਦੇ ਤਾਂ ਅੱਜ ਦੇਸ਼ ਦਾ ਇਤਿਹਾਸ ਕੁਝ ਹੋਰ ਹੀ ਹੋਣਾ ਸੀ | ਸੈਣੀ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਉਸ ਦੀਵਾਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿੱਥੇ ਸਮੇਂ ਦੀ ਹਕੂਮਤ ਵਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕੀਤਾ ਗਿਆ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਮੁੱਚੀ ਲੋਕਾਈ ਨੂੰ ਰਹਿੰਦੀ ਦੁਨੀਆ ਤੱਕ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੁਰਬਾਨ ਹੋਣ ਅਤੇ ਧਰਮ ਵਿਚ ਪ੍ਰਪੱਕ ਰਹਿਣ ਦੀ ਪ੍ਰੇਰਨਾ ਦਿੰਦੀ ਰਹੇਗੀ | ਇਸ ਮਗਰੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਯਾਦਗਾਰੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ | ਸ੍ਰੀ ਸੈਣੀ ਨੇ ਇਹ ਵੀ ਕਿਹਾ ਕਿ ਜਿੱਥੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਤੇ ਅਦੁੱਤੀ ਸ਼ਹਾਦਤ ਦੀ ਮਿਸਾਲ ਕਿਧਰੇ ਨਹੀਂ ਮਿਲਦੀ ਉੱਥੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਵਲੋਂ ਸਾਹਿਬਜ਼ਾਦਿਆਂ ਨੂੰ ਦੁੱਧ ਪਿਲਾਉਣ ਬਦਲੇ ਪਰਿਵਾਰ ਸ਼ਹੀਦ ਕਰ ਦਿੱਤਾ ਸੀ, ਦੀ ਸੇਵਾ ਤੇ ਸ਼ਹਾਦਤ ਦਾ ਵੀ ਕੋਈ ਸਾਨੀ ਨਹੀਂ | ਉਨ੍ਹਾਂ ਕਿਹਾ ਜਿੱਥੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦੀ ਸ਼ਹਾਦਤ ਨੇ ਅਣਖ ਤੇ ਧਰਮ ਤੇ ਕੁਰਬਾਨ ਹੋਣ ਦਾ ਸੰਦੇਸ਼ ਦਿੱਤਾ ਉੱਥੇ ਬਾਬਾ ਮੋਤੀ ਰਾਮ ਮਹਿਰਾ ਜੀ ਨੇ ਸੇਵਾ ਤੇ ਸਹਿਜ ਨਾਲ ਸਿਮਰਨ ਤੇ ਵਫ਼ਾਦਾਰੀ ਦਾ ਰਾਹ ਦਿਖਾ ਕੇ ਕੌਮ ਨੂੰ ਵੱਡਾ ਸੁਨੇਹਾ ਦਿੱਤਾ | ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦੀ ਸ਼ਹਾਦਤ ਨੇ ਜ਼ੁਲਮ ਤੇ ਜਬਰ ਦੀ ਜੜ੍ਹ ਪੁੱਟ ਦਿੱਤੀ ਤੇ ਧਰਮੀਆਂ ਦੀ ਜਿੱਤ ਹੋਈ | ਉਨ੍ਹਾਂ ਕਿਹਾ ਕਿ ਧਰਮ ਵਿਚ ਅਜਿਹੇ ਯੋਧੇ ਹੋਏ ਹਨ, ਜਿਨ੍ਹਾਂ ਨੇ ਗੁਰੂ ਸਾਹਿਬ ਵਲੋਂ ਦਿਖਾਏ ਮਾਰਗ 'ਤੇ ਚੱਲ ਕੇ ਧਰਮੀ ਲੋਕਾਂ ਵਿਚ ਦੇਸ਼ ਪ੍ਰਤੀ ਜਜ਼ਬਾਤ ਪੈਦਾ ਕੀਤੇ | ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਗੇਜਾ ਰਾਮ ਵਾਲਮੀਕਿ, ਜਗਦੀਪ ਸਿੰਘ ਚੀਮਾ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਰਸ਼ਪਿੰਦਰ ਸਿੰਘ ਢਿੱਲੋਂ, ਸੰਦੀਪ ਸਿੰਘ ਬੱਲ, ਕੰਵਰਵੀਰ ਸਿੰਘ ਟੌਹੜਾ, ਦਵਿੰਦਰ ਭੱਟ, ਕੁਲਦੀਪ ਸਿੰਘ ਸਿੱਧੂਪੁਰ, ਅਜਾਇਬ ਸਿੰਘ ਜਖਵਾਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਦੇ ਆਗੂ ਹਾਜ਼ਰ ਸਨ |