ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ
ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਵਿਖੇ ਲੱਗਣ ਵਾਲੀ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਸਭਾ ਅੱਜ ਧਾਰਮਿਕ ਰਵਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੂਰੇ ਜਾਹੋ ਜਲਾਲ ਨਾਲ ਸ਼ੁਰੂ ਹੋ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਅਤਰ ਸਿੰਘ ਨੇ ਕੀਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਭਾਈ ਸੁਰਜੀਤ ਸਿੰਘ ਗੜ੍ਹੀ, ਭਾਈ ਅਵਤਾਰ ਸਿੰਘ ਰਿਆ ਸ਼੍ਰੋਮਣੀ ਕਮੇਟੀ, ਗੁਰਨਾਮ ਸਿੰਘ ਸਕੱਤਰ, ਜਗਦੀਸ਼ ਸਿੰਘ ਬੁੱਟਰ, ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਕਥਾ ਵਾਚਕ ਗਿਆਨੀ ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਝੰਬਾਲੀ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸ਼ਹੀਦੀ ਸਭਾ ਸੰਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 27 ਦਸੰਬਰ ਨੂੰ ਸਵੇਰੇ 7 ਵਜੇ ਪੈਣਗੇ ਤੇ ਸ਼ਹੀਦੀ ਸਭਾ ਦੇ ਤਿੰਨੋ ਦਿਨ ਦੀਵਾਨ ਟੋਡਰ ਮੱਲ ਹਾਲ 'ਚ 24 ਘੰਟੇ ਨਿਰੰਤਰ ਸ਼ਬਦ ਕੀਰਤਨ ਦਾ ਪ੍ਰਵਾਹ ਚੱਲਦਾ ਰਹੇਗਾ | ਉਨ੍ਹਾਂ ਦੱਸਿਆ ਕਿ 27 ਦਸੰਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਵੇਰੇ 8 ਵਜੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ ਸਵੇਰੇ 9 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ 5 ਪਿਆਰਿਆਂ ਦੀ ਸਮੁੱਚੀ ਅਗਵਾਈ ਹੇਠ ਨਗਰ ਕੀਰਤਨ ਆਰੰਭ ਹੋਵੇਗਾ | ਜੋ ਕਿ ਦੁਪਹਿਰ 1 ਵਜੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੰਪੂਰਨ ਹੋਵੇਗਾ | ਜਿੱਥੇ ਪੰਥ ਦੇ ਵਿਦਵਾਨ ਕੀਰਤਨੀ ਜਥੇ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਉਣਗੇ ਅਤੇ ਸਮਾਪਤੀ ਦੀ ਅਰਦਾਸ ਨਾਲ ਤਿੰਨ ਰੋਜ਼ਾ ਸ਼ਹੀਦੀ ਸਭਾ ਦੀ ਸੰਪੂਰਨਤਾ ਹੋਵੇਗੀ | ਸ਼ਹੀਦੀ ਸਭਾ ਸਮਾਗਮਾਂ ਵਿਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਅਤੇ ਪੰਥ ਦੀਆਂ ਵਿਦਵਾਨ ਸ਼ਖ਼ਸੀਅਤਾਂ ਵੀ ਸ਼ਮੂਲੀਅਤ ਕਰਨਗੀਆਂ | ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਤਾਦਾਦ ਵਿਚ ਪੁੱਜਣ ਵਾਲੀਆਂ ਸੰਗਤਾਂ ਦੀ ਸਹੂਲਤ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸੰਸਥਾਵਾਂ ਤੇ ਲੰਗਰ ਕਮੇਟੀਆਂ ਦੇ ਸਹਿਯੋਗ ਨਾਲ 400 ਤੋਂ ਵੱਧ ਲੰਗਰ ਕਮੇਟੀਆਂ ਨੂੰ ਜਗ੍ਹਾ ਵੀ ਅਲਾਟ ਕੀਤੀਆਂ ਗਈਆਂ ਹਨ | ਸੰਗਤਾਂ ਦੀ ਰਿਹਾਇਸ਼ ਲਈ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਤੋਂ ਇਲਾਵਾ ਆਰਜ਼ੀ ਰੈਣ ਬਸੇਰਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਇਸ ਤੋਂ ਇਲਾਵਾ ਨਿਹੰਗ ਜਥੇਬੰਦੀਆਂ ਵਲੋਂ 28 ਦਸੰਬਰ ਨੂੰ ਮਹੱਲਾ ਸਜਾਇਆ ਜਾਵੇਗਾ ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਨਿਹੰਗ ਸਿੰਘ ਘੋੜਸਵਾਰੀ ਦੇ ਕਰਤੱਵ ਵਿਖਾਉਣਗੇ |