• ਰਾਜਪਾਲ ਅਤੇ ਮੁੱਖ ਮੰਤਰੀ ਹੋਏ ਨਤਮਸਤਕ
• ਅੱਜ ਸਜਾਇਆ ਜਾਵੇਗਾ ਨਗਰ ਕੀਰਤਨ
ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਗੁਰਦੁਆਰਾ ਠੰਢਾ ਬੁਰਜ, ਗੁਰਦੁਆਰਾ ਰੱਥ ਸਾਹਿਬ ਅਤੇ ਗੁਰਦੁਆਰਾ ਯਾਦਗਾਰ ਬਾਬਾ ਮੋਤੀ ਰਾਮ ਮਹਿਰਾ ਵਿਖੇ ਨਤਮਸਤਕ ਹੋਈਆਂ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਮੰਤਰੀ ਬਲਵੀਰ ਸਿੰਘ, ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ, ਅਦਾਕਾਰ ਬੀਨੂ ਢਿੱਲੋਂ, ਦੇਵ ਖਰੋੜ, ਗਿੱਪੀ ਗਰੇਵਾਲ ਦੇ ਤਿੰਨੋਂ ਬੱਚੇ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਕਿਰਨਪਲ ਕਸ਼ਯਪ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਵਤਾਰ ਸਿੰਘ ਰਿਆ, ਬਾਬਾ ਗੁਰਪ੍ਰੀਤ ਸਿੰਘ, ਭਾਈ ਕਰਨੈਲ ਸਿੰਘ ਪੰਜੋਲੀ, ਹਰਪਾਲ ਸਿੰਘ ਜੱਲ੍ਹਾ, ਮਲਕੀਤ ਸਿੰਘ ਚੰਗਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਇੰਚਾਰਜ ਸਿਮਰਨਜੀਤ ਸਿੰਘ ਕੰਗ, ਚੀਫ਼ ਜਗਦੀਸ਼ ਸਿੰਘ ਬੁੱਟਰ, ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰ, ਵਧੀਕ ਮੈਨੇਜਰ ਬਲਵਿੰਦਰ ਸਿੰਘ, ਗੁਰਇਕਬਾਲ ਸਿੰਘ ਮਾਨ, ਹਰਮਨਜੀਤ ਸਿੰਘ ਸਮੇਤ ਸਿਆਸੀ ਆਗੂ ਤੇ ਧਾਰਮਿਕ ਸ਼ਖ਼ਸੀਅਤਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆਂ | ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਵਿਖੇ ਅੰਮਿ੍ਤ ਵੇਲੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਲੜੀਵਾਰ ਕਥਾ ਕੀਤੀ | ਸ਼੍ਰੋਮਣੀ ਕਮੇਟੀ ਵਲੋਂ ਟੋਡਰ ਮੱਲ ਦੀਵਾਨ ਹਾਲ ਅਤੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਵੀ ਸਜਾਏ ਗਏ | ਇਸੇ ਦੌਰਾਨ ਕਵੀ ਦਰਬਾਰ 'ਚ ਪ੍ਰਸਿੱਧ ਕਵੀਆਂ ਨੇ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਨਾਲ ਸੰਬੰਧਿਤ ਕਵਿਤਾਵਾਂ ਰਾਹੀਂ ਹਾਜ਼ਰੀ ਭਰੀ | ਜ਼ਿਕਰਯੋਗ ਹੈ ਕਿ 27 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਮਗਰੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਵੇਰੇ 9 ਵਜੇ ਨਗਰ ਕੀਰਤਨ ਆਰੰਭ ਹੋਵੇਗਾ, ਜਿਸ ਦੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਕੀਰਤਨ ਸੋਹਲੇ ਦੇ ਪਾਠ ਨਾਲ ਸਮਾਪਤੀ ਹੋਵੇਗੀ | ਜਾਣਕਾਰੀ ਮੁਤਾਬਿਕ 27 ਦਸੰਬਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅੰਮਿ੍ਤ ਸੰਚਾਰ ਸਮਾਗਮ ਵੀ ਹੋਵੇਗਾ |
ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਆਇਆ ਸੰਗਤ ਦਾ ਸੈਲਾਬ
ਅਜੀਤ ਡੈਸਕ
27-12-2025