ਜਗਤਾਰ ਸਿੰਘ
ਨਵੀਂ ਦਿੱਲੀ, 29 ਦਸੰਬਰ-ਉਨਾਓ ਜਬਰ ਜਨਾਹ ਕੇਸ ਵਿਚ ਸਜ਼ਾਯਾਫ਼ਤਾ ਸਾਬਕਾ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ | ਸਰਬ ਉੱਚ ਅਦਾਲਤ ਨੇ ਕੁਲਦੀਪ ਸੇਂਗਰ ਨੂੰ ਰਾਹਤ ਦੇਣ ਵਾਲੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ 'ਤੇ ਰੋਕ ਲਗਾ ਦਿੱਤੀ ਹੈ | ਅਦਾਲਤ ਨੇ ਇਹ ਵੀ ਕਿਹਾ ਕਿ ਦੋਸ਼ ਗੰਭੀਰ ਹਨ ਅਤੇ ਇਸ ਅਪਰਾਧੀ ਨੂੰ ਕਿਸੇ ਵੀ ਮਾਮਲੇ 'ਚ ਜ਼ਮਾਨਤ ਨਹੀਂ ਮਿਲਣੀ ਚਾਹੀਦੀ | ਦੱਸਣਯੋਗ ਹੈ ਕਿ ਇਸ ਮਾਮਲੇ 'ਚ ਦਿੱਲੀ ਹਾਈ ਕੋਰਟ ਨੇ ਦੋਸ਼ੀ ਸੇਂਗਰ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਨ ਅਤੇ ਉਸ ਨੂੰ ਜ਼ਮਾਨਤ ਦੇਣ ਦਾ ਹੁਕਮ ਸੁਣਾਇਆ ਸੀ | ਇਸ ਤੋਂ ਬਾਅਦ ਸੀ.ਬੀ.ਆਈ. ਨੇ ਜ਼ਮਾਨਤ ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ | ਇਸ ਪਟੀਸ਼ਨ ਦੀ ਸੁਣਵਾਈ ਅੱਜ ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਬੈਂਚ ਸਾਹਮਣੇ ਹੋਈ | ਬੈਂਚ ਨੇ ਲਗਭਗ 40 ਮਿੰਟਾਂ ਤੱਕ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ | ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਸੇਂਗਰ ਦੇ ਵਕੀਲ ਨੂੰ ਨੋਟਿਸ ਜਾਰੀ ਕਰਕੇ 2 ਹਫ਼ਤਿਆਂ 'ਚ ਜਵਾਬ ਦਾਖ਼ਲ ਕਰਨ ਲਈ ਆਖਿਆ ਹੈ ਤੇ ਅਗਲੀ ਸੁਣਵਾਈ ਹੁਣ 4 ਹਫ਼ਤੇ ਬਾਅਦ ਹੋਏਗੀ | ਚੀਫ਼ ਜਸਟਿਸ ਨੇ ਕਿਹਾ ਕਿ ਅਦਾਲਤ ਨੂੰ ਲਗਦਾ ਹੈ ਕਿ ਮਾਮਲੇ 'ਚ ਮਹੱਤਵਪੂਰਨ ਸਵਾਲਾਂ 'ਤੇ ਵਿਸਥਾਰ ਨਾਲ ਵਿਚਾਰ ਕਰਨ ਦੀ ਲੋੜ ਹੈ | ਆਮ ਤੌਰ 'ਤੇ ਅਦਾਲਤ ਦਾ ਸਿਧਾਂਤ ਇਹ ਹੈ ਕਿ ਜੇਕਰ ਕੋਈ ਦੋਸ਼ੀ ਜਾਂ ਅੰਡਰ ਟਰਾਇਲ ਰਿਹਾਅ ਹੋ ਗਿਆ ਹੈ ਤਾਂ ਅਜਿਹੇ ਹੁਕਮਾਂ ਨੂੰ ਬਿਨਾਂ ਸੁਣਵਾਈ ਦੇ ਨਹੀਂ ਰੋਕਿਆ ਜਾਂਦਾ | ਹਾਲਾਂਕਿ ਇਸ ਮਾਮਲੇ ਵਿਚ ਹਾਲਾਤ ਵੱਖਰੇ ਹਨ, ਕਿਉਂਕਿ ਦੋਸ਼ੀ ਨੂੰ ਪਹਿਲਾਂ ਹੀ ਕਿਸੇ ਹੋਰ ਮਾਮਲੇ ਵਿਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ, ਇਸ ਲਈ ਦਿੱਲੀ ਹਾਈ ਕੋਰਟ ਦੇ 23 ਦਸੰਬਰ, 2025 ਦੇ ਹੁਕਮ 'ਤੇ ਰੋਕ ਲਗਾਈ ਜਾਂਦੀ ਹੈ | ਸੁਪਰੀਮ ਕੋਰਟ ਨੇ ਇਹ ਵੀ ਸਾਫ਼ ਕਰ ਦਿੱਤਾ ਕਿ ਸੇਂਗਰ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਪੀੜਤ ਨੂੰ ਅਲੱਗ ਤੋਂ ਐੱਸ.ਐੱਲ.ਪੀ. ਦਾਖ਼ਲ ਕਰਨ ਦਾ ਅਧਿਕਾਰ ਹੈ, ਇਸ ਲਈ ਵਿਸ਼ੇਸ਼ ਇਜਾਜ਼ਤ ਦੀ ਲੋੜ ਨਹੀਂ ਹੈ | ਕੇਸ ਵਿਚ ਸੀ.ਬੀ.ਆਈ. ਦੀ ਨੁਮਾਇੰਦਗੀ ਕਰ ਰਹੇ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਹਾਈ ਕੋਰਟ ਨੇ ਇਹ ਕਹਿਣ 'ਚ ਗ਼ਲਤੀ ਕੀਤੀ ਹੈ ਕਿ ਪੋਕਸੋ ਐਕਟ ਤਹਿਤ ਗੰਭੀਰ ਅਪਰਾਧ ਦੀਆਂ ਧਾਰਾਵਾਂ ਇਸ ਮਾਮਲੇ ਵਿਚ ਲਾਗੂ ਨਹੀਂ ਹਨ, ਕਿਉਂਕਿ ਸੇਂਗਰ ਨੂੰ ਇਕ ਲੋਕ ਸੇਵਕ ਨਹੀਂ ਮੰਨਿਆ ਜਾ ਸਕਦਾ | ਸੁਣਵਾਈ ਦੌਰਾਨ ਕੁਲਦੀਪ ਸੇਂਗਰ ਦੇ ਵਕੀਲਾਂ ਨੇ ਚੀਫ਼ ਜਸਟਿਸ ਨੂੰ ਕਿਹਾ ਕਿ ਦਿੱਲੀ ਹਾਈ ਕੋਰਟ ਦੇ ਜੱਜਾਂ ਦੀਆਂ ਤਸਵੀਰਾਂ ਇਸ ਟਿੱਪਣੀ ਦੇ ਨਾਲ ਵਾਇਰਲ ਕੀਤੀਆਂ ਜਾ ਰਹੀਆਂ ਹਨ ਕਿ ਇਨ੍ਹਾਂ ਜੱਜਾਂ ਦੀ ਪਛਾਣ ਕਰੋ | ਚੀਫ਼ ਜਸਟਿਸ ਨੇ ਇਸ ਨੂੰ ਦੁਰਭਾਵਨਾ ਪੂਰਨ ਦੱਸਿਆ ਤੇ ਕਿਹਾ ਕਿ ਸਾਨੂੰ ਪਤਾ ਹੈ ਕਿ ਲੋਕ ਸਿਆਸੀ ਫ਼ਾਇਦਾ ਚੁੱਕਣ ਦੀ ਕੋਸ਼ਿਸ਼ ਕਰ ਰਹੇ ਹਨ | ਸੁਪਰੀਮ ਕੋਰਟ ਨੇ ਤਲਖ਼ ਲਹਿਜ਼ੇ 'ਚ ਕਿਹਾ ਕਿ ਇਨ੍ਹਾਂ ਚੀਜ਼ਾਂ ਨੂੰ ਸੜਕਾਂ 'ਤੇ ਨਹੀਂ ਲਿਆ ਸਕਦੇ |
ਦੋਸ਼ੀ ਨੂੰ ਮਿਲੇ ਮੌਤ ਦੀ ਸਜ਼ਾ-ਪੀੜਤਾ ਦੀ ਮਾਂ
ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੀੜਤਾ ਦੀ ਮਾਂ ਨੇ ਕਿਹਾ ਕਿ ਸਾਨੂੰ ਪਹਿਲਾਂ ਤੋਂ ਉਮੀਦ ਸੀ ਕਿ ਸੁਪਰੀਮ ਕੋਰਟ ਸਾਨੂੰ ਇਨਸਾਫ਼ ਦੇਵੇਗਾ | ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਦੋਸ਼ੀ ਨੂੰ ਮੌਤ ਦੀ ਸਜ਼ਾ ਮਿਲੇ | ਪੀੜਤਾ ਦੀ ਮਾਂ ਨੇ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਹਾਲਤ ਵਿਚ ਸਾਡੀ ਬੇਟੀ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ |
ਸੁਣਵਾਈ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਬਾਹਰ ਪ੍ਰਦਰਸ਼ਨ
ਸੁਣਵਾਈ ਤੋਂ ਪਹਿਲਾਂ ਮਹਿਲਾ ਕਾਂਗਰਸੀ ਵਰਕਰਾਂ ਵਲੋਂ ਸੁਪਰੀਮ ਕੋਰਟ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਇਨ੍ਹਾਂ ਵਲੋਂ ਹੱਥਾਂ 'ਚ ਤਖ਼ਤੀਆਂ ਤੇ ਪੋਸਟਰ ਫੜ ਕੇ ਪੀੜਤਾ ਲਈ ਇਨਸਾਫ਼ ਦੀ ਮੰਗ ਕੀਤੀ ਗਈ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ ਤੇ ਪੁਲਿਸ ਉਨ੍ਹਾਂ ਨੂੰ ਜੀਪ 'ਚ ਬਿਠਾ ਕੇ ਉਥੋਂ ਲੈ ਗਈ | ਕਾਂਗਰਸੀ ਆਗੂ ਮੁਮਤਾਜ਼ ਪਟੇਲ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਪੀੜਤਾ ਨੂੰ ਇਨਸਾਫ਼ ਅਤੇ ਦੋਸ਼ੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ |
ਸੇਂਗਰ ਨੂੰ ਦਿੱਲੀ ਹਾਈ ਕੋਰਟ ਤੋਂ ਮਿਲੀ ਜ਼ਮਾਨਤ 'ਤੇ ਸੁਪਰੀਮ ਕੋਰਟ ਵਲੋਂ ਰੋਕ <br/>
ਅਜੀਤ ਡੈਸਕ
30-12-2025