ਕਿਹਾ, ਸਰਕਾਰ ਨੇ ਅਦਾਲਤ 'ਚ ਖ਼ੁਦ ਮੰਨਿਆ ਕਿ ਕਾਰਵਾਈ ਲਈ ਸਮਰੱਥ ਹੈ ਸ਼੍ਰੋਮਣੀ ਕਮੇਟੀ
ਅੰਮਿ੍ਤਸਰ, 30 ਦਸੰਬਰ (ਜਸਵੰਤ ਸਿੰਘ ਜੱਸ)-ਸੰਨ੍ਹ 2020 ਵਿਚ ਪ੍ਰਕਾਸ਼ਨ ਵਿਭਾਗ ਦੇ ਰਿਕਾਰਡ 'ਚ ਘੱਟ ਪਾਏ ਗਏ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਪੰਜਾਬ ਵਲੋਂ ਲਗਾਏ ਦੋਸ਼ਾਂ 'ਤੇ ਪਲਟਵਾਰ ਕਰਦਿਆਂ ਕਿਹਾ ਹੈ ਕਿ ਸਰਕਾਰ ਵਲੋਂ ਉੱਚ ਅਦਾਲਤ ਵਿਚ ਸ਼੍ਰੋਮਣੀ ਕਮੇਟੀ ਨੂੰ ਇਕ ਸਮਰੱਥ ਸੰਸਥਾ ਵਜੋਂ ਪ੍ਰਵਾਨੇ ਜਾਣ ਅਤੇ ਆਪਣੇ ਪ੍ਰਬੰਧਕੀ ਮਾਮਲਿਆਂ 'ਚ ਕਾਰਵਾਈ ਕਰਨ ਲਈ ਅਧਿਕਾਰਤ ਹੋਣ ਦੇ ਦਿੱਤੇ ਪੱਖ ਦੇ ਬਾਵਜੂਦ ਵੀ ਐੱਫ. ਆਈ. ਆਰ. ਦਰਜ ਕਰਨੀ ਉਸ ਦੀ ਸਿਆਸੀ ਮਨਸ਼ਾ ਨੂੰ ਸਾਬਤ ਕਰਦੀ ਹੈ | ਇਥੇ ਸੀਨੀਅਰ ਸ਼ੋ੍ਰਮਣੀ ਕਮੇਟੀ ਮੈਂਬਰਾਂ ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖਸ਼ ਸਿੰਘ ਖ਼ਾਲਸਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਹੋਰ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਮੌਜੂਦਗੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਧਾਮੀ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਜਿਹਾ ਕਰਕੇ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਵੀ ਚੁਣੌਤੀ ਦੇ ਰਹੀ ਹੈ, ਕਿਉਂਕਿ ਡਾ. ਈਸ਼ਰ ਸਿੰਘ ਦੀ ਜਾਂਚ ਅਕਾਲ ਤਖ਼ਤ ਸਾਹਿਬ ਵਲੋਂ ਕਰਵਾਈ ਗਈ ਸੀ ਅਤੇ ਜਾਂਚ ਰਿਪੋਰਟ ਅਨੁਸਾਰ ਸ਼੍ਰੋਮਣੀ ਕਮੇਟੀ ਨੂੰ ਕਾਰਵਾਈ ਦਾ ਆਦੇਸ਼ ਵੀ ਅਕਾਲ ਤਖ਼ਤ ਸਾਹਿਬ ਨੇ ਹੀ ਕੀਤਾ ਸੀ | ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਸ਼੍ਰੋਮਣੀ ਕਮੇਟੀ ਡਾ. ਈਸ਼ਰ ਸਿੰਘ ਦੀ ਜਾਂਚ ਰਿਪੋਰਟ ਦੀਆਂ ਸਿਫਾਰਸ਼ਾਂ
ਨੂੰ ਇੰਨ-ਬਿੰਨ ਲਾਗੂ ਕਰਦਿਆਂ ਹਰ ਵੱਡੇ-ਛੋਟੇ ਮੁਲਾਜ਼ਮ 'ਤੇ ਕਾਰਵਾਈ ਕਰ ਚੁੱਕੀ ਹੈ, ਜਿਸ ਤੋਂ ਬਾਅਦ ਸਰਕਾਰ ਤੇ ਪੁਲਿਸ ਦੀ ਦਖ਼ਲਅੰਦਾਜ਼ੀ ਦੀ ਕੋਈ ਤੁਕ ਨਹੀਂ ਬਣਦੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਈ ਕੋਰਟ ਦੇ ਜਿਸ ਹੁਕਮ ਦਾ ਜ਼ਿਕਰ ਕਰਕੇ ਐੱਫ. ਆਈ. ਆਰ. ਦਰਜ ਕਰਨ ਨੂੰ ਆਧਾਰ ਬਣਾ ਰਹੀ ਹੈ, ਉਸ ਵਿਚ ਖ਼ੁਦ ਸਰਕਾਰ ਵਲੋਂ ਇਹ ਅਧਿਕਾਰ ਖੇਤਰ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦਾ ਹੋਣ ਬਾਰੇ ਹਲਫ਼ਨਾਮਾ ਦਿੱਤਾ ਗਿਆ ਹੈ | ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨਰ ਨੂੰ ਆਪਣਾ ਜਵਾਬ ਦੇਣ ਲਈ ਆਖਿਆ ਸੀ, ਜਿਸ ਦੀ ਪੇਸ਼ੀ ਦੌਰਾਨ ਪਟੀਸ਼ਨਰ ਦੇ ਵਕੀਲ ਨੇ ਗ੍ਰਹਿ ਸਕੱਤਰ ਵਲੋਂ ਡੀ. ਜੀ. ਪੀ. ਨੂੰ ਲਿਖਣ ਦਾ ਜ਼ਿਕਰ ਕੀਤਾ ਅਤੇ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ | ਇਸ ਵਿਚ ਕਿਧਰੇ ਵੀ ਐੱਫ. ਆਈ. ਆਰ. ਦਰਜ ਕਰਨ ਦਾ ਆਦੇਸ਼ ਨਹੀਂ ਸੀ | ਉਨ੍ਹਾਂ ਕਿਹਾ ਕਿ ਇਸ ਤੋਂ ਸਰਕਾਰ ਦੀ ਦੋਹਰੀ ਮਨਸ਼ਾ ਸਪੱਸ਼ਟ ਹੋ ਰਹੀ ਹੈ, ਕਿਉਂਕਿ ਇਕ ਪਾਸੇ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਸਮਰੱਥ ਸੰਸਥਾ ਹੁੰਦਿਆਂ ਕਾਰਵਾਈ ਲਈ ਯੋਗ ਮੰਨ ਰਹੀ ਹੈ, ਜਦਕਿ ਦੂਜੇ ਪਾਸੇ ਅਦਾਲਤ ਦੇ ਹੁਕਮ ਦਾ ਝੂਠਾ ਬਹਾਨਾ ਬਣਾ ਕੇ ਐੱਫ. ਆਈ. ਆਰ. ਦਰਜ ਕਰਵਾ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਇਹ ਮਾਨ ਸਰਕਾਰ ਦੀ ਸਿਆਸੀ ਚਾਲ ਹੈ, ਜਿਸ ਨੇ ਉਸ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਨੂੰ ਜ਼ਾਹਿਰ ਕੀਤਾ ਹੈ | ਸੰਨ 2021 ਦੇ ਹਾਈ ਕੋਰਟ ਵਿਚ ਚੱਲ ਰਹੇ ਇਕ ਹੋਰ ਕੇਸ ਦਾ ਹਵਾਲਾ ਦਿੰਦਿਆਂ ਧਾਮੀ ਨੇ ਕਿਹਾ ਕਿ ਇਸ ਵਿਚ ਵੀ ਤਤਕਾਲੀ ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਪ੍ਰਬੰਧਕੀ ਮਾਮਲਿਆਂ ਲਈ ਸਿੱਖ ਗੁਰਦੁਆਰਾ ਐਕਟ ਅਨੁਸਾਰ ਫ਼ੈਸਲਾਕੁੰਨ ਹੋਣ ਦਾ ਪੱਖ ਦਿੱਤਾ ਸੀ | ਇਸ ਕੇਸ ਵਿਚ ਸਰਕਾਰ ਵਲੋਂ ਸਾਫ਼ ਕੀਤਾ ਗਿਆ ਹੈ ਕਿ ਸਿੱਖ ਸੰਸਥਾ ਦੇ ਸੇਵਾਵਾਂ ਨਿਯਮਾਂ ਵਿਚ ਦਖ਼ਲ ਦੇਣਾ ਸਰਕਾਰ ਲਈ ਠੀਕ ਨਹੀਂ ਹੈ | ਉਨ੍ਹਾਂ ਆਖਿਆ ਕਿ ਇਹ ਕੇਸ ਅਜੇ ਵੀ ਅਦਾਲਤ ਵਿਚ ਲੰਬਿਤ ਹੈ | ਉਨ੍ਹਾਂ ਮਾਮਲੇ ਦੇ ਇਕ ਦੋਸ਼ੀ ਵਲੋਂ ਪੁਲਿਸ ਕਮਿਸ਼ਨਰ ਪਾਸ ਪਾਈ ਇਕ ਦਰਖ਼ਾਸਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ 'ਤੇ ਸ਼੍ਰੋਮਣੀ ਕਮੇਟੀ ਵਲੋਂ ਪੇਸ਼ ਪੱਖ ਮਗਰੋਂ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਦਾ ਪ੍ਰਬੰਧਕੀ ਮਾਮਲਾ ਹੋਣ ਦਾ ਹਵਾਲਾ ਦਿੰਦਿਆਂ ਇਸ ਨੂੰ ਖ਼ਤਮ ਕਰ ਦਿੱਤਾ ਸੀ | ਉਨ੍ਹਾਂ ਦਾਅਵਾ ਕੀਤਾ ਕਿ ਇਹ ਸ਼੍ਰੋਮਣੀ ਕਮੇਟੀ ਦਾ ਪ੍ਰਬੰਧਕੀ ਮਾਮਲਾ ਹੈ, ਜਿਸ ਵਿਚ ਸਰਕਾਰ ਅਤੇ ਪੁਲਿਸ ਦੀ ਦਖ਼ਲ ਅੰਦਾਜ਼ੀ ਨਹੀਂ ਬਣਦੀ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖ ਸੰਸਥਾ ਨੂੰ ਜਾਣਬੁਝ ਕੇ ਉਲਝਾ ਰਹੀ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ ਤੇ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਰਕਾਰ ਨੂੰ ਸਿੱਖ ਸੰਸਥਾ ਦੇ ਮਾਮਲਿਆਂ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ 'ਚ ਕਿਸੇ ਵੀ ਦੋਸ਼ੀ ਦਾ ਸਾਥ ਨਹੀਂ ਦੇ ਰਹੀ ਅਤੇ ਇਸ ਸੰਬੰਧੀ ਕੀਤਾ ਜਾ ਰਿਹਾ ਝੂਠਾ ਪ੍ਰਾਪੇਗੰਡਾ ਵੀ ਬਰਦਾਸ਼ਤ ਨਹੀਂ ਕਰਾਂਗੇ | ਉਨ੍ਹਾਂ ਆਖਿਆ ਜਿਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ, ਉਨ੍ਹਾਂ ਨੂੰ ਬਚਾਉਣਾ ਸ਼੍ਰੋਮਣੀ ਕਮੇਟੀ ਦਾ ਕਦੇ ਵੀ ਮਕਸਦ ਨਹੀਂ ਰਿਹਾ | ਉਨ੍ਹਾਂ ਇਹ ਗੱਲ ਮੁੜ ਦੁਹਰਾਈ ਕਿ ਸ਼੍ਰੋਮਣੀ ਕਮੇਟੀ ਨੇ ਜਿਸ ਮਤੇ ਰਾਹੀਂ ਕਾਨੂੰਨੀ ਕਾਰਵਾਈ ਨੂੰ ਪ੍ਰਵਾਨਗੀ ਦਿੱਤੀ ਸੀ, ਉਸ ਨੂੰ ਵਿਦਵਾਨਾਂ ਦੀ ਰਾਇ ਅਨੁਸਾਰ ਅਗਲੇ ਮਤੇ ਵਿਚ ਹੀ ਵਾਪਸ ਲੈ ਕੇ ਖ਼ੁਦ ਕਾਰਵਾਈ ਕਰਨ ਦਾ ਫ਼ੈਸਲਾ ਲੈ ਲਿਆ ਸੀ | ਕਈ ਮੁਲਾਜ਼ਮਾਂ ਵਲੋਂ ਹਾਈ ਕੋਰਟ ਵਿਚ ਕੀਤੀ ਪਹੁੰਚ 'ਤੇ ਅਦਾਲਤ ਦੇ ਆਦੇਸ਼ਾਂ ਬਾਅਦ ਵੀ ਸੰਬੰਧਿਤ ਮੁਲਾਜ਼ਮਾਂ ਨੂੰ ਬਹਾਲ ਕਰਕੇ ਤੁਰੰਤ ਪ੍ਰਭਾਵ ਤੋਂ ਫਿਰ ਮੁਅੱਤਲ ਕਰ ਦਿੱਤਾ ਗਿਆ ਸੀ | ਤਤਕਾਲੀ ਸੀ. ਏ. ਸਤਿੰਦਰ ਸਿੰਘ ਕੋਹਲੀ ਬਾਰੇ ਪ੍ਰਧਾਨ ਧਾਮੀ ਨੇ ਆਖਿਆ ਕਿ ਇਸ ਮਾਮਲੇ ਵਿਚ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਵਿਚ ਪੈਸੇ ਦੀ ਰਿਕਵਰੀ ਦਾ ਕੇਸ ਚੱਲ ਰਿਹਾ ਹੈ, ਜਿਸ ਦੀ ਅਗਲੀ ਤਾਰੀਕ ਜਨਵਰੀ 2026 ਵਿਚ ਹੈ | ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬੇਅਦਬੀਆਂ ਦੇ ਮਾਮਲੇ 'ਤੇ ਸਿਆਸਤ ਕਰਕੇ ਸਰਕਾਰ ਬਣਾਈ ਸੀ, ਜਿਸ ਵਿਚ ਨਾਕਾਮ ਰਹਿਣ ਮਗਰੋਂ ਅਦਾਲਤਾਂ ਵਿਚ ਆਪਣੇ ਹਲਫ਼ਨਾਮਿਆਂ ਦੇ ਵਿਰੁੱਧ ਜਾ ਕੇ ਸਿਆਸਤ ਕੀਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਡੇਰਾ ਸਿਰਸਾ ਮੁਖੀ ਦੇ ਮਾਮਲੇ ਵਿਚ ਵੀ ਚੁੱਪ ਰਹਿ ਕੇ ਉਸ ਦੀ ਅਸਿੱਧੇ ਤਰੀਕੇ ਨਾਲ ਮਦਦ ਕਰ ਰਹੀ ਹੈ | ਇਸ ਦੌਰਾਨ ਉਨ੍ਹਾਂ ਆਪਣੇ 'ਤੇ ਅਕਾਲੀ ਦਲ ਦਾ ਪ੍ਰਤੀਨਿਧ ਹੋਣ ਦੇ ਲਗਾਏ ਜਾ ਰਹੇ ਦੋਸ਼ਾਂ ਸੰਬੰਧੀ ਸਪੱਸ਼ਟ ਕੀਤਾ ਕਿ ਮੈਂ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਹਾਂ ਪਰ ਮੇਰੀ ਜਥੇਬੰਦੀ ਸ਼ੋ੍ਰਮਣੀ ਅਕਾਲੀ ਦਲ ਹੈ ਅਤੇ ਮੈਂ ਉਸ ਦਾ ਨੁਮਾਇੰਦਾ ਹਾਂ | ਇਸ ਮੌਕੇ ਅੰਤਿ੍ੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਬੰਡਾਲਾ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਹਰਭਜਨ ਸਿੰਘ ਵਕਤਾ, ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਸੁਪਰਡੈਂਟ ਨਿਸ਼ਾਨ ਸਿੰਘ ਵੀ ਮੌਜੂਦ ਸਨ |
328 ਪਾਵਨ ਸਰੂਪ ਮਾਮਲਾ : ਸ਼ੋ੍ਰਮਣੀ ਕਮੇਟੀ ਪ੍ਰਧਾਨ ਦਾ ਪੰਜਾਬ ਸਰਕਾਰ 'ਤੇ ਪਲਟਵਾਰ
ਅਜੀਤ ਡੈਸਕ
31-12-2025