ਚੰਡੀਗੜ੍ਹ, 30 ਦਸੰਬਰ (ਵਿਕਰਮਜੀਤ ਸਿੰਘ ਮਾਨ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਯੋਜਨਾਬੱਧ ਤਰੀਕੇ ਨਾਲ ਮਗਨਰੇਗਾ ਸਕੀਮ ਨੂੰ ਖ਼ਤਮ ਕਰ ਰਹੀ ਹੈ ਅਤੇ ਗ਼ਰੀਬਾਂ ਤੋਂ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਹੱਕ ਖੋਹ ਰਹੀ ਹੈ | ਮਗਨਰੇਗਾ ਸਕੀਮ 'ਚ ਹਾਲ ਹੀ ਵਿਚ ਕੀਤੀਆਂ ਤਬਦੀਲੀਆਂ ਅਤੇ ਇਸ ਦਾ ਨਾਂਅ ਬਦਲ ਕੇ 'ਵਿਕਸਿਤ ਭਾਰਤ- ਜੀ ਰਾਮ ਜੀ' ਰੱਖਣ ਦਾ ਵਿਰੋਧ ਕਰਦੇ ਹੋਏ, ਉਨ੍ਹਾਂ ਇਸ ਕਦਮ ਨੂੰ 'ਹਾਸ਼ੀਏ 'ਤੇ ਧੱਕੇ ਗਏ ਲੋਕਾਂ ਦੇ ਪੇਟ 'ਤੇ ਹਮਲਾ' ਕਰਾਰ ਦਿੱਤਾ | ਹਰਪਾਲ ਸਿੰਘ ਚੀਮਾ ਨੇ ਇਕ ਮਹਿਲਾ ਮਗਨਰੇਗਾ ਵਰਕਰ ਚਰਨਜੀਤ ਕੌਰ ਦੀ ਭਾਵੁਕ ਚਿੱਠੀ ਦਾ ਵੀ ਜ਼ਿਕਰ ਕੀਤਾ, ਜਿਸ 'ਚ ਹਜ਼ਾਰਾਂ ਪੇਂਡੂ ਮਜ਼ਦੂਰਾਂ ਦੇ ਡਰ ਨੂੰ ਉਜਾਗਰ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਡਾ. ਬੀ.ਆਰ ਅੰਬੇਡਕਰ ਵਲੋਂ ਲਿਖੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਕੰਮ ਰਹੀ ਹੈ ਅਤੇ ਕੇਂਦਰ ਦੀਆਂ ਇਹ ਨੀਤੀਆਂ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਕਮਜ਼ੋਰ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਸਕੀਮ ਦਾ ਕੇਂਦਰੀਕਰਨ ਕਰਕੇ ਦੇਸ਼ ਦੇ ਮਜ਼ਦੂਰਾਂ ਨੂੰ 'ਬੰਧੂਆ ਮਜ਼ਦੂਰ' ਅਤੇ ਕੇਂਦਰੀ ਪ੍ਰਣਾਲੀ ਦੇ 'ਗ਼ੁਲਾਮ' ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ |