ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਿਸੇ ਕਾਰਨਾਂ ਕਰਕੇ ਕਾਨੂੰਨ ਦੇ ਟਕਰਾਅ ਵਿਚ ਆਉਣ ਵਾਲੇ ਬੱਚਿਆਂ ਲਈ ਜੁਵੇਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ, ਜਿਨ੍ਹਾਂ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ 'ਚ ਰੱਖਦੇ ਹੋਏ ਯੋਗ ਫ਼ੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਉਹ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ | ਉਨ੍ਹਾਂ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਹੈ, ਜਿਸ ਕਰਕੇ ਹੁਣ ਜੁਵੇਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ, ਇਨ੍ਹਾਂ ਦੀ ਨਿਯੁਕਤੀ ਜੁਵੇਨਾਈਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ | ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ 'ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਰਾਮ ਕਲੋਨੀ ਕੈਂਪ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਬਿਨੈ ਕਰਨ ਦੀ ਅੰਤਿਮ ਮਿਤੀ 17 ਜੂਨ ਹੈ |