ਹੁਸ਼ਿਆਰਪੁਰ, 4 ਜੂਨ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਲਈ ਇਕ ਵੱਡੀ ਰਾਹਤ ਦਾ ਐਲਾਨ ਕਰਦੇ ਹੋਏ 67.84 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਹੈ | ਇਹ ਫ਼ੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ 'ਚ ਲਿਆ ਗਿਆ, ਜਿਸ ਨਾਲ ਲਗਪਗ 4,800 ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ | ਇਹ ਕਰਜ਼ਾ ਮੁਆਫ਼ੀ ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਵਲੋਂ 31 ਮਾਰਚ 2020 ਤੱਕ ਦਿੱਤੇ ਗਏ ਕਰਜ਼ਿਆਂ 'ਤੇ ਲਾਗੂ ਹੋਵੇਗੀ | ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਚੱਬੇਵਾਲ ਹਲਕੇ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਿਰਫ਼ ਕਰਜ਼ਾ ਮੁਆਫ਼ੀ ਨਹੀਂ ਹੈ, ਸਗੋਂ ਅਨੁਸੂਚਿਤ ਭਾਈਚਾਰੇ ਦੇ ਸਵੈ-ਮਾਣ ਨੂੰ ਬਹਾਲ ਕਰਨ ਵੱਲ ਇੱਕ ਮਜ਼ਬੂਤ ਕਦਮ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਇਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਇਹ ਸਿਰਫ਼ ਵਾਅਦੇ ਹੀ ਨਹੀਂ ਕਰਦੀ, ਸਗੋਂ ਉਨ੍ਹਾਂ ਨੂੰ ਪੂਰਾ ਵੀ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿਰਫ਼ ਆਰਥਿਕ ਹੀ ਨਹੀਂ, ਸਗੋਂ ਸਮਾਜਿਕ ਨਿਆਂ ਦੀ ਦਿਸ਼ਾ 'ਚ ਚੁੱਕਿਆ ਗਿਆ ਇਕ ਇਤਿਹਾਸਕ ਕਦਮ ਹੈ |