ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ. ਏ. ਯੂ. ਕਿ੍ਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਵੱਖ-ਵੱਖ ਪਸਾਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਪੀ. ਏ. ਯੂ.-ਕਿ੍ਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਗੜ੍ਹਸ਼ੰਕਰ ਦੇ ਸਹਿਯੋਗ ਨਾਲ ਬੀਤੇ ਦਿਨੀਂ ਅਪਣਾਏ ਪਿੰਡ ਮੋਰਾਂਵਾਲੀ ਵਿਖੇ ਪਰਾਲੀ ਪ੍ਰਬੰਧਨ ਬਾਬਤ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ | ਕੈਂਪ ਦੀ ਸ਼ੂਰੁਆਤ ਵਿਚ ਪੀ. ਏ. ਯੂ. ਕਿ੍ਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਦੇ ਇੰਚਾਰਜ ਡਾ. ਮਨਿੰਦਰ ਸਿੰਘ ਬੌਂਸ ਨੇ ਮੌਜੂਦ ਕਿਸਾਨਾਂ ਨੂੰ ਜੀ ਆਇਆਂ ਕਿਹਾ ਤੇ ਦੱਸਿਆ ਕਿ ਇਸ ਸਾਲ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਮੋਰਾਂਵਾਲੀ ਨੂੰ ਪਰਾਲੀ ਪ੍ਰਬੰਧਨ ਬਾਬਤ ਅਪਣਾਇਆ ਗਿਆ ਹੈ | ਉਨ੍ਹਾਂ ਹਾਜ਼ਰ ਕਿਸਾਨਾਂ ਨੂੰ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ, ਸ਼ਹੀਦ ਭਗਤ ਸਿੰਘ ਨਗਰ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕ੍ਰਮਵਾਰ 12, 26 ਤੇ 27 ਸਤੰਬਰ, 2025 ਦੇ ਕਿਸਾਨ ਮੇਲਿਆਂ 'ਚ ਭਰਵੀਂ ਸ਼ਮੂਲੀਅਤ ਲਈ ਵੀ ਸੱਦਾ ਦਿੱਤਾ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ), ਪੀ. ਏ. ਯੂ. ਕਿ੍ਸ਼ੀ ਵਿਗਿਆਨ ਕੇਂਦਰ ਡਾ. ਅਜੈਬ ਸਿੰਘ ਨੇ ਫ਼ਸਲੀ ਰਹਿੰਦ-ਖੂੰਹਦ ਸੰਭਾਲਣ ਦੇ ਫਾਇਦੇ ਦੱਸੇ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪਿੰਡ ਮੋਰਾਂਵਾਲੀ ਦੇ ਕਿਸਾਨ ਪੰਚ ਦਰਸ਼ਨ ਰਾਮ,. ਬਲਵਿੰਦਰ ਸਿੰਘ, ਬਹਾਦਰ ਸਿੰਘ, ਪੰਚ. ਰਣਦੀਪ ਸਿੰਘ, ਪੰਚ ਪਿੰਦਰ ਸਿੰਘ, ਪਰਮਿੰਦਰ ਸਿੰਘ, ਤਲਵਿੰਦਰ ਸਿੰਘ, ਰਣਬੀਰ ਸਿੰਘ,. ਮਹਿੰਦਰ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਮੌਜੂਦ ਸਨ |