ਹੁਸ਼ਿਆਰਪੁਰ, 2 ਸਤੰਬਰ (ਨਰਿੰਦਰ ਸਿੰਘ ਬੱਡਲਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦਿਆਂ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ਼ ਲਗਾਏ ਜਾਣ 'ਤੇ ਪ੍ਰਤੀਕ੍ਰਿਆ ਦਿੰਦੇ ਹੋਏ ਡਾ. ਦਿਲਬਾਗ ਰਾਏ ਮੈਂਬਰ ਕੌਮੀ ਕੌਂਸਲ ਭਾਜਪਾ ਤੇ ਇੰਚਾਰਜ ਹਲਕਾ ਚੱਬੇਵਾਲ ਨੇ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਲਗਾਏ ਇੰਚਾਰਜ਼ ਤੁਰੰਤ ਹੜ੍ਹ ਪ੍ਰਭਾਵਿਤ ਖੇਤਰਾ ਦਾ ਦੌਰਾ ਕਰਨਗੇ ਤੇ ਪੀੜ੍ਹਤ ਲੋਕਾਂ ਦੀ ਜ਼ਰੂਰਤਾਂ ਸੰਬੰਧੀ ਪਾਰਟੀ ਹਾਈਕਮਾਨ ਨੂੰ ਜਾਣੂ ਕਰਵਾਉਣਗੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਜਪਾ ਪੂਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਲੋਕਾ ਨਾਲ ਖੜ੍ਹੀ ਹੈ ਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਕਰਨ 'ਚ ਸੂਬੇ ਦੀ 'ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਉਨ੍ਹਾਂ ਕਿਹਾ ਕਿ ਆਪਣੇ ਹੀ ਵਿਧਾਇਕ ਤੇ ਅਧਿਕਾਰੀਆਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੰਟਰੋਲ ਨਹੀਂ ਹੈ ਤੇ ਨਾ ਹੀ ਸਰਕਾਰ ਵਲੋਂ ਹੜ੍ਹਾ ਨੂੰ ਲੈ ਕੇ ਸੰਜੀਦਗੀ ਨਾਲ ਕੋਈ ਪਾਲਿਸੀ ਬਣਾਈ ਸੀ, ਜਿਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ 'ਚ ਜੇਕਰ ਕਿਸੇ ਨੂੰ ਹੜ੍ਹ ਜਾਂ ਹੋਰ ਜ਼ਰੂਰੀ ਸਾਮਾਨ ਸੰਬੰਧੀ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ |