ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੈਕਫਿੰਕੋ ਪੰਜਾਬ ਦੇ ਚੇਅਰਮੈਨ ਸੰਦੀਪ ਸੈਣੀ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਹੜ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਹਰੇਕ ਪੱਧਰ 'ਤੇ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ | ਸੰਦੀਪ ਸੈਣੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾਂ ਨੂੰ ਸਰਗਰਮ ਕਰਕੇ ਰਾਹਤ ਸਮੱਗਰੀ ਦੀ ਸਪਲਾਈ, ਅਸਥਾਈ ਆਸਰਾ ਕੈਂਪਾਂ ਦੀ ਸਥਾਪਨਾ, ਸਿਹਤ ਸੇਵਾਵਾਂ ਦੀ ਉਪਲਬੱਧਤਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਸੜਕਾਂ ਅਤੇ ਪੁਲਾਂ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਆਵਾਜਾਈ ਸੁਰੱਖਿਅਤ ਰਹੇ | ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ, ਰੈੱਡ ਕਰਾਸ ਸੁਸਾਇਟੀ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਸਾਂਝੇ ਯਤਨ ਸ਼ੁਰੂ ਕਰ ਦਿੱਤੇ ਹਨ, ਤਾਂ ਜੋ ਲੋੜਵੰਦਾਂ ਤੱਕ ਸਮੇਂ ਸਿਰ ਮਦਦ ਪਹੁੰਚ ਸਕੇ |