ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ)-ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੇ ਅੱਜ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਜਿੱਥੇ ਭਾਰੀ ਬਾਰਿਸ਼ ਕਾਰਨ ਪਾਣੀ ਭਰਨ ਕਾਰਨ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਐਸ.ਡੀ.ਐਮ. ਨੇ ਪਿੰਡ ਖਨੌੜਾ, ਫੁਗਲਾਣਾ, ਹਰਟ, ਬੱਡਲਾ, ਸਿੰਬਲੀ ਅਤੇ ਰਾਜਪੁਰ ਭਾਈਆਂ ਅਤੇ ਨੇੜਲੇ ਹੋਰ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ, ਜਿਸ ਵਿਚ ਰਾਸ਼ਨ, ਪੀਣ ਵਾਲਾ ਪਾਣੀ, ਤਰਪਾਲ ਅਤੇ ਹੋਰ ਜ਼ਰੂਰੀ ਸਮਾਨ ਸ਼ਾਮਿਲ ਸੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਤੇ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ | ਪ੍ਰਭਾਵਿਤ ਪਰਿਵਾਰਾਂ ਦੀਆਂ ਤੁਰੰਤ ਜ਼ਰੂਰਤਾਂ ਨੂੰ ਪੂਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ | ਐਸ.ਡੀ.ਐਮ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮੁਸ਼ਕਲ ਸਮੇਂ ਵਿਚ ਉਨ੍ਹਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹਾ ਹੈ | ਗੁਰਸਿਮਰਨਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਸਿਹਤ ਸੇਵਾਵਾਂ, ਪਸ਼ੂਆਂ ਦੀਆਂ ਸਹੂਲਤਾਂ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਨਿਰਵਿਘਨ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ |