ਮਿਆਣੀ, 4 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪੰਜਾਬ ਵਿਚ ਮੌਜੂਦਾ ਹੜ੍ਹਾਂ ਦੀ ਸਥਿਤੀ ਉੱਭਰਨ ਲਈ ਪੀੜਤਾਂ ਦੀ ਮਦਦ ਨੂੰ ਲੈ ਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੂੰ ਮੰਗ-ਪੱਤਰ ਸੌਂਪਿਆ ਗਿਆ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ 'ਤੇ ਮੰਗ-ਪੱਤਰ ਸੌਂਪਣ ਸਮੇਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਦੱਸਿਆ ਕਿ ਮੌਜੂਦਾ ਹੜ੍ਹ ਦੇ ਹਾਲਾਤਾਂ ਦੌਰਾਨ ਬਿਆਸ ਦਰਿਆ ਦੇ ਨਾਲ ਲੱਗਦੇ ਟਾਂਡਾ ਦੇ ਪਿੰਡ ਅਬਦੁੱਲਾਪੁਰ, ਫੱਤਾ ਕੁੱਲਾ, ਰੜਾ ਮੰਡ, ਗੰਦੂਵਾਲ, ਟਾਹਲੀ, ਸਲੇਮਪੁਰ ਮੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਜਿਸ ਕਾਰਨ ਲੋਕਾਂ ਨੂੰ ਆਪਣੇ ਘਰ ਛੱਡ ਕੇ ਬਾਹਰ ਸੜਕਾਂ ਜਾਂ ਅਸਥਾਈ ਤੌਰ 'ਤੇ ਬਣਾਏ ਗਏ ਰਾਹਤ ਕੈਂਪਾਂ ਵਿਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਵਿਧਾਇਕ ਰਾਜਾ ਗਿੱਲ ਨੇ ਇਸ ਮੌਕੇ ਮੰਗ ਕੀਤੀ ਕਿ ਧੁੱਸੀ ਬੰਨ੍ਹ ਤੋਂ ਪਹਿਲਾ ਬਿਆਸ ਦਰਿਆ ਦੇ ਨਾਲ ਲੱਗਦਾ ਗਾਈਡ ਵਨ ਬੰਨ੍ਹ ਜਿਸ ਦੀ ਪਿਛਲੇ ਕਈ ਸਾਲਾਂ ਤੋਂ ਮੁਰੰਮਤ ਨਾ ਹੋਣ ਕਾਰਨ ਉਹ ਕਈ ਥਾਵਾਂ ਤੋਂ ਟੁੱਟ ਚੁੱਕਾ ਹੈ, ਜਿਸ ਕਾਰਨ ਕਿਸਾਨਾਂ ਦੇ ਖੇਤਾਂ ਵਿਚ ਵੱਡੀ ਮਾਤਰਾ ਵਿਚ ਪਾਣੀ ਭਰ ਗਿਆ ਹੈ ਤੇ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਗਾਈਡ ਵਨ ਬੰਨ੍ਹ ਦੀ ਮੁਰੰਮਤ ਕਰਵਾਉਣ ਵਾਸਤੇ ਕੇਂਦਰ ਸਰਕਾਰ ਵਲੋਂ ਯੋਗ ਰਾਸ਼ੀ ਪੰਜਾਬ ਦੇ ਨਾਂਅ 'ਤੇ ਦਿੱਤੀ ਜਾਵੇ | ਇਸ ਤੋਂ ਇਲਾਵਾ ਪੰਜਾਬ ਦੇ ਹੜ੍ਹ ਪੀੜਤਾਂ ਵਾਸਤੇ ਵੀ ਕੇਂਦਰ ਸਰਕਾਰ ਨੂੰ ਵਿਸ਼ੇਸ਼ ਸਹਾਇਤਾ ਰਾਸ਼ੀ ਜਾਰੀ ਕਰਨੀ ਚਾਹੀਦੀ | ਇਸ ਮੌਕੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚਾ ਕੇ ਇਨ੍ਹਾਂ ਨੂੰ ਪੂਰਾ ਕਰਨ ਲਈ ਉਪਰਾਲੇ ਕੀਤੇ ਜਾਣਗੇ |