ਹੁਸ਼ਿਆਰਪੁਰ, 4 ਸਤੰਬਰ (ਹਰਪ੍ਰੀਤ ਕੌਰ)-ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਸ਼ਾਮਚੁਰਾਸੀ ਵਿਚ ਭਾਰੀ ਬਾਰਿਸ਼ ਕਾਰਨ ਪ੍ਰਭਾਵਿਤ ਪਿੰਡਾਂ ਖਲਵਾਣਾ, ਬਾਦੋਵਾਲ ਤੇ ਦਿਓਵਾਲ ਦਾ ਦੌਰਾ ਕੀਤਾ ਤੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਮੇਂ ਜਨਤਾ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਪਿੰਡ ਨੂੰ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਮੀਂਹ ਨਾਲ ਸੰਬੰਧਤ ਪਾਣੀ ਦੀ ਨਿਕਾਸੀ, ਟੁੱਟੀਆਂ ਸੜਕਾਂ ਦੀ ਮੁਰੰਮਤ ਅਤੇ ਸਫਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ | ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ ਤੇ ਲੋੜੀਂਦੀਆਂ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਈਆਂ ਜਾਣਗੀਆਂ |