ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੱਬੇਵਾਲ ਵਿਧਾਨ ਸਭਾ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਜੋ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਇਸ ਦੌਰਾਨ ਉਨ੍ਹਾਂ ਨੇ ਰਾਜਪੁਰ ਭਾਈਆਂ, ਮੋਨਾ ਕਲਾਂ, ਫਦਮਾ, ਖਨੌੜਾ ਤੇ ਫੁਗਲਾਣਾ ਪਿੰਡਾਂ ਦਾ ਦੌਰਾ ਕੀਤਾ ਤੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ | ਡਾ. ਇਸ਼ਾਂਕ ਕੁਮਾਰ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਨੇ ਮੌਕੇ 'ਤੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਅਤੇ ਕਿਹਾ ਕਿ ਕਿਸੇ ਵੀ ਪ੍ਰਭਾਵਿਤ ਪਰਿਵਾਰ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ | ਵਿਧਾਇਕ ਨੇ ਕਿਹਾ ਕਿ ਇਲਾਕੇ ਵਿਚ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਜਲਦੀ ਪ੍ਰਭਾਵਿਤ ਘਰਾਂ, ਸੜਕਾਂ ਤੇ ਹੋਰ ਢਾਂਚਿਆਂ ਦੀ ਰਿਪੋਰਟ ਤਿਆਰ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਣਗੀਆਂ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰਭਾਵਿਤ ਪਿੰਡਾਂ 'ਚ ਰਾਹਤ ਤੇ ਬਚਾਅ ਕਾਰਜ ਤੇਜ਼ ਰਫ਼ਤਾਰ ਨਾਲ ਕੀਤੇ ਜਾਣ | ਇਸ ਮੌਕੇ ਵਿਧਾਇਕ ਨੇ ਪ੍ਰਭਾਵਿਤ ਥਾਵਾਂ ਦਾ ਜਾਇਜ਼ਾ ਲਿਆ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਐਸ. ਡੀ. ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਉਨ੍ਹਾਂ ਨਾਲ ਮੌਜੂਦ ਸਨ |