ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲਿਟਲ ਕਿੰਗਡਮ ਇੰਟਰਨੈਸ਼ਨਲ ਸਕੂਲ ਦੇ ਅਧਿਆਪਕਾਂ ਨੇ ਹਾਲ ਹੀ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆ ਕੇ 1 ਲੱਖ ਰੁਪਏ ਦੀ ਰਕਮ ਇਕੱਠੀ ਕੀਤੀ | ਇਸ ਸਹਾਇਤਾ ਰਾਸ਼ੀ ਦਾ ਚੈੱਕ ਸਕੂਲ ਦੇ ਪ੍ਰਤੀਨਿਧੀਆਂ ਵਲੋਂ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਨੂੰ ਸੌਂਪਿਆ | ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਨੇ ਸਕੂਲ ਪ੍ਰਬੰਧਨ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਔਖੇ ਸਮੇਂ 'ਚ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਬਹੁਤ ਹੀ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਆਫ਼ਤ ਦੇ ਸਮੇਂ ਕੀਤਾ ਗਿਆ ਇਹ ਯੋਗਦਾਨ ਪ੍ਰਭਾਵਿਤ ਪਰਿਵਾਰਾਂ ਦੇ ਪੁਨਰਵਾਸ ਤੇ ਰਾਹਤ ਕਾਰਜਾਂ 'ਚ ਮਹੱਤਵਪੂਰਨ ਭੂਮਿਕਾ ਨਿਭਾਏਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਪਤ ਸਾਰੀ ਸਹਾਇਤਾ ਪਾਰਦਰਸ਼ਤਾ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਸਮਾਜ ਦੇ ਹੋਰ ਵਰਗਾਂ, ਸੰਸਥਾਵਾਂ ਤੇ ਸੰਗਠਨਾਂ ਨੂੰ ਵੀ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣ ਦੀ ਅਪੀਲ ਕੀਤੀ |