ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ) -ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਬੀਤੇ ਦਿਨ ਪੰਜਾਬ ਦੇ ਅੰਮਿ੍ਤਸਰ ਤੇ ਗੁਰਦਾਸਪੁਰ ਜ਼ਿਲਿ੍ਹਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਦਿੱਲੀ ਵਾਪਸ ਜਾਣ ਤੋਂ ਇਕ ਦਿਨ ਬਾਅਦ ਹੀ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖਿਆ ਅਤੇ ਪੰਜਾਬ ਦੀ ਆਵਾਜ਼ ਉਠਾਉਂਦੇ ਹੋਏ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਨੂੰ ਹੋਏ ਨੁਕਸਾਨ ਲਈ 20 ਹਜ਼ਾਰ ਕਰੋੜ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਲਗਪਗ 4 ਲੱਖ ਏਕੜ ਫ਼ਸਲ ਤਬਾਹ ਹੋ ਗਈ ਹੈ, ਲਗਪਗ 10 ਲੱਖ ਜਾਨਵਰ ਮਰ ਗਏ ਹਨ ਤੇ ਲੋਕਾਂ ਦੇ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ | ਇਹ ਪ੍ਰਗਟਾਵਾ ਕੌਂਸਲਰ ਤੇ ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਸਚਿਨ ਸਮਿਆਲ ਨੇ ਪੰਜਾਬ ਲਈ ਆਵਾਜ਼ ਬੁਲੰਦ ਕਰਨ ਲਈ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਹੋਇਆ ਕੀਤਾ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਮੁਲਾਂਕਣ ਦਾ ਹਵਾਲਾ ਦਿੱਤਾ ਅਤੇ ਵੱਡੇ ਨੁਕਸਾਨ ਦਾ ਜ਼ਿਕਰ ਕੀਤਾ ਤੇ ਕਿਹਾ ਕਿ 1600 ਕਰੋੜ ਰੁਪਏ ਦਾ ਮੁਆਵਜ਼ਾ ਨੁਕਸਾਨ ਲਈ ਕਾਫ਼ੀ ਨਹੀਂ ਹੈ | ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਪੰਜਾਬ ਲਈ ਹੋਰ ਮੁਆਵਜ਼ੇ ਲਈ ਲੜਾਈ ਜਾਰੀ ਰੱਖੇਗੀ |