ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਆਈ. ਟੀ. ਆਈਜ਼ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ ਜਿਸ 'ਚ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਹੈ ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਆਮ ਆਦਮੀ ਪਾਰਟੀ ਪ੍ਰਧਾਨ, ਕੱਚਿਆਂ ਨੂੰ ਪੱਕਾ ਕਰਨ ਲਈ ਬਣਾਈ ਸਬ ਕਮੇਟੀ ਦੇ ਮੈਂਬਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ 5 ਅਕਤੂਬਰ ਨੂੰ ਧਰਨਾ ਦਿੱਤਾ ਜਾਵੇਗਾ | ਜਿਸ ਦੌਰਾਨ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਸੂਬਾ ਕਮੇਟੀ/ਮੈਂਬਰ ਆਸ਼ੂਤੋਸ਼ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੀ ਮੁੱਖ ਮੰਗ ਪੰਜਾਬ ਸਰਕਾਰ ਸਰਕਾਰੀ ਆਈ ਟੀ ਆਈਆਂ ਵਿੱਚ ਕੰਮ ਕਰ ਰਹੇ ਸਾਰੇ ਕਰਾਫਟ ਇੰਸਟਰਕਟਰਾਂ ਨੂੰ ਵਿਭਾਗ ਅਧੀਨ ਲੈ ਕੇ ਬੇਸਿਕ ਤਨਖ਼ਾਹ 35400 ਦੇ ਨਾਲ 3 ਪ੍ਰਤੀਸ਼ਤ ਸਲਾਨਾ ਇੰਕਰੀਮੈਂਟ ਨਾਲ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ ਦੇਣੀ ਯਕੀਨੀ ਬਣਾਉਣਾ ਹੈ, ਸਮੇਤ ਹੋਰ ਕਈ ਮੰਗਾਂ ਹਨ, ਜਿਨ੍ਹਾਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਕਿ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿਚ ਗਰੁੱਪ ਬੀ ਕਰਾਫਟ ਇੰਸਟਰਕਟਰ ਵਜੋਂ ਬਿਨ੍ਹਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ | ਅਸੀਂ ਇਸ ਸਰਕਾਰ ਵਿੱਚ ਪਿਛਲੇ 3 ਸਾਲਾਂ ਤੋਂ ਕੋਸ਼ਿਸ਼ ਕਰ ਰਹੇ ਹਾਂ ਕਿ ਗੱਲਬਾਤ ਰਾਹੀਂ ਕੋਈ ਹੱਲ ਨਿਕਲੇ ਇਸੇ ਦੇ ਚੱਲਦਿਆਂ ਕਈ ਵਾਰ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਾਂ ਪਰੰਤੂ ਕੋਈ ਹੱਲ ਨਹੀਂ ਹੋਇਆ | ਹੁਣ ਜੱਥੇਬੰਦੀ ਨੇ ਮਜਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਖੁੱਲ੍ਹ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹਨਾਂ ਕਿਹਾ ਕਿ ਜੇਕਰ ਸਰਕਾਰ ਉਹਨਾਂ ਦੀਆਂ ਮੰਗਾਂ ਉੱਪਰ ਧਿਆਨ ਨਹੀਂ ਦੇਵੇਗੀ ਤਾਂ ਆਉਣ ਵਾਲੇ ਦਿਨਾਂ ਵਿਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਣਗੇ |