ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਕੀਤੇ ਐਲਾਨ ਤੇ ਲਿਖਤ ਵਾਅਦਿਆਂ ਤੋਂ ਭੱਜਣ ਦੇ ਰੋਸ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ 28 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਘਿਰਾਓ ਕੀਤਾ ਜਾਵੇਗਾ | ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਤੇ ਸੂਬਾ ਕਮੇਟੀ ਮੈਂਬਰ ਅਨਿਲ ਐਰੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਲਗਪਗ 80 ਦੇ ਕਰੀਬ ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਤੇ ਵਿੱਤ ਵਿਭਾਗ ਦੇ ਆਲਾ ਅਫ਼ਸਰਾਂ ਨਾਲ ਜਥੇਬੰਦੀ ਦੀਆਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚ ਜਥੇਬੰਦੀ ਦੇ ਪੱਲੇ ਲਾਪਰਿਆਂ ਤੋਂ ਸਿਵਾਏ ਕੁੱਝ ਨਹੀਂ ਪਾਇਆ ਭਾਵੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਨ ਰੂਪ 'ਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖ਼ਾਹ ਕਮਿਸ਼ਨ ਦੀਵਾਲੀ ਪਹਿਲਾ ਲਾਗੂ ਕਰਨ ਦੇ ਐਲਾਨ ਕੀਤੇ, ਪਰ ਲਾਗੂ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਰਾਜਸੀ ਸਮਾਗਮਾਂ 'ਚ ਪਹੁੰਚ ਕੇ ਪੰਜਾਬ ਸਰਕਾਰ ਦਾ ਕੰਪਿਊਟਰ ਅਧਿਆਪਕ ਤੇ ਲੋਕ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ ਜਾਵੇਗਾ |