ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਰਸਮੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਪਿੰਡ ਪੰਡੋਰੀ ਬੀਬੀ ਦੇ ਕਿਸਾਨ ਕੁਲਵਿੰਦਰ ਸਿੰਘ ਦੇ ਝੋਨੇ ਦੀ ਢੇਰੀ ਦੀ ਨਿਲਾਮੀ ਕਰਵਾ ਕੇ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ | ਦੋਵਾਂ ਆਗੂਆਂ ਨੇ ਮੰਡੀ ਦੇ ਪ੍ਰਬੰਧਾਂ ਦਾ ਨੇੜਿਓਾ ਜਾਇਜ਼ਾ ਲਿਆ ਤੇ ਕਿਸਾਨਾਂ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ | ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਵਚਨਬੱਧ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਝੋਨੇ ਦਾ ਇਕ-ਇਕ ਦਾਣਾ ਮੰਡੀਆਂ ਵਿਚੋਂ ਖ਼ਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 74 ਕਰੋੜ ਦੀ ਲਾਗਤ ਨਾਲ ਮੁਫ਼ਤ ਕਣਕ ਦੇ ਬੀਜ ਮੁਹੱਈਆ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੀਆਂ 65 ਮੰਡੀਆਂ ਵਿਚ ਲਗਪਗ 4,36,000 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਉਮੀਦ ਹੈ | ਵਿਧਾਇਕ ਜਿੰਪਾ ਨੇ ਹਾਲ ਹੀ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹਰ ਚੁਣੌਤੀ ਦਾ ਸਾਹਮਣਾ ਹਿੰਮਤ ਨਾਲ ਕਰਦੇ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮਿਹਨਤ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਜਸਪਾਲ ਸਿੰਘ ਚੇਚੀ, ਚੇਅਰਮੈਨ ਨਗਰ ਨਿਗਮ ਵਿੱਤ ਕਮੇਟੀ ਬਲਵਿੰਦਰ ਬਿੰਦੀ, ਐਡਵੋਕੇਟ ਅਮਰਜੋਤ ਸੈਣੀ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਰੋਹਿਤ ਸੂਦ, ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਪ੍ਰੀਤ ਕਮਲ ਸੂਦ, ਸਕੱਤਰ ਮਾਰਕੀਟ ਕਮੇਟੀ ਵਿਨੋਦ ਕੁਮਾਰ, ਸਹਾਇਕ ਖ਼ੁਰਾਕ ਸਪਲਾਈ ਕੰਟਰੋਲਰ ਜਸਵੀਰ ਸਿੰਘ, ਇੰਸਪੈਕਟਰ ਕੁਲਜੀਤ ਸਿੰਘ, ਨਰਿੰਦਰ ਮੋਹਨ ਸ਼ਰਮਾ, ਤਰਸੇਮ ਮੋਦਗਿੱਲ, ਵਿਪਿਨ ਅਗਰਵਾਲ, ਪਿ੍ਤਪਾਲ ਸਿੰਘ, ਲੱਕੀ ਚੰਦਨ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ |