ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੁਰਦੁਆਰਾ ਬਾਬਾ ਮੰਝ ਜੀ ਕੰਗਮਾਈ ਵਲੋਂ ਮੁੱਖ ਸੇਵਾਦਾਰ ਮਹੰਤ ਵਰਿੰਦਰ ਸਿੰਘ ਸਿੱਧੂ ਤੇ ਬਾਬਾ ਮੰਝ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਕੰਗਮਾਈ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਸਾਂਝੇ ਤੌਰ 1 ਲੱਖ ਰੁਪਏ ਦਾ ਚੈੱਕ ਐਸ. ਡੀ. ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੂੰ ਸੌਂਪਿਆ | ਇਸ ਮੌਕੇ ਐਸ. ਡੀ. ਐਮ. ਗੁਰਸਿਮਰਨਜੀਤ ਕੌਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਮਾਜ ਦੇ ਹਰ ਵਰਗ ਤੋਂ ਮਿਲ ਰਿਹਾ ਸਹਿਯੋਗ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਇਹ ਰਕਮ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰਾਹੀਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਜ਼ਰੂਰਤਾਂ 'ਤੇ ਖ਼ਰਚ ਕੀਤੀ ਜਾਵੇਗੀ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਮਹੰਤ ਵਰਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪਰੰਪਰਾ ਹਮੇਸ਼ਾ ਮਨੁੱਖਤਾ ਦੀ ਸੇਵਾ ਕਰਨ ਦੀ ਰਹੀ ਹੈ ਤੇ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਜਾਰੀ ਰਹੇਗਾ |