ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਬੀਤੇ 24 ਸਤੰਬਰ ਨੂੰ ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ ਅਸਲਾਮਾਬਾਦ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ ਇਕ ਸਵਿਫ਼ਟ ਗੱਡੀ ਵਲੋਂ ਟੱਕਰ ਮਾਰ ਦਿੱਤੀ ਗਈ, ਜਿਸ ਦੇ ਚੱਲਦਿਆਂ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਰੌਸ਼ਨ ਲਾਲ ਵਿਕੀ ਵਜੋਂ ਹੋਈ ਹੈ ਜੋ ਕਿ ਪਿੰਡ ਬਜਵਾੜੇ ਦਾ ਰਹਿਣ ਵਾਲਾ ਸੀ | ਅੱਜ ਉਕਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਦੀ ਢਿੱਲੀ ਕਾਰਵਾਈ ਨੂੰ ਲੈ ਕੇ ਥਾਣਾ ਸਦਰ ਦੇ ਬਾਹਰ ਚੌਕ ਵਿਖੇ ਧਰਨਾ ਲਗਾਇਆ ਤੇ ਪੁਲਿਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪਿੰਡ ਦੇ ਸਰਪੰਚ ਤੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਦੁਰਘਟਨਾ ਤੋਂ ਬਾਅਦ ਕਾਰ ਨੂੰ ਕਾਬੂ ਕਰ ਲਿਆ ਸੀ, ਪਰ ਕਾਰ ਚਾਲਕ ਨੂੰ ਅਜੇ ਤਕ ਵੀ ਫੜਿਆ ਨਹੀਂ ਗਿਆ | ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਕਾਰ ਚਾਲਕ ਨੂੰ ਤੁਰੰਤ ਕਾਬੂ ਕੀਤਾ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੁਲਿਸ ਨੇ ਉਚਿਤ ਕਾਰਵਾਈ ਨਹੀਂ ਕੀਤੀ ਤਾਂ ਉਨ੍ਹਾਂ ਵਲੋਂ ਵਿਰੋਧ ਨੂੰ ਹੋਰ ਤਿੱਖਾ ਕੀਤਾ ਜਾਵੇਗਾ |