ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਨਿਰਦੇਸ਼ ਦਿੱਤੇ | ਉਨ੍ਹਾਂ ਵਲੋਂ ਵੈਕਟਰ ਬੋਰਨ ਤੇ ਵਾਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਵੀ ਸਮੀਖਿਆ ਕੀਤੀ | ਇਸ ਮੌਕੇ ਏ. ਡੀ. ਸੀ. (ਵਿਕਾਸ) ਨਿਕਾਸ ਕੁਮਾਰ, ਸਿਵਲ ਸਰਜਨ ਡਾ. ਬਲਵੀਰ ਕੁਮਾਰ ਸਮੇਤ ਸਾਰੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਤੇ ਵਿਭਾਗੀ ਅਫ਼ਸਰ ਮੌਜੂਦ ਸਨ | ਮੀਟਿੰਗ 'ਚ ਵੱਖ-ਵੱਖ ਸਿਹਤ ਸਕੀਮਾਂ ਤੇ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ | ਸਿਵਲ ਸਰਜਨ ਨੇ ਵਿਭਾਗੀ ਗਤੀਵਿਧੀਆਂ ਤੇ ਮੌਜੂਦਾ ਸਥਿਤੀ ਬਾਰੇ ਸੰਖੇਪ ਜਾਣਕਾਰੀ ਦੇ ਕੇ ਮੀਟਿੰਗ ਦੀ ਸ਼ੁਰੂਆਤ ਕੀਤੀ | ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਡੇਂਗੂ ਅਤੇ ਮਲੇਰੀਆ ਕੰਟਰੋਲ ਲਈ ਟੈਸਟਾਂ ਦੀ ਗਿਣਤੀ ਵਧਾਈ ਜਾਵੇ ਅਤੇ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਯਕੀਨੀ ਬਣਾਈ ਜਾਵੇ | ਇਸ ਤੋਂ ਇਲਾਵਾ ਜ਼ਿਲ੍ਹਾ ਸਿਹਤ ਅਧਿਕਾਰੀ ਨੂੰ ਤਿਉਹਾਰਾਂ ਦੇ ਸੀਜ਼ਨ ਦੌਰਾਨ ਬਾਜ਼ਾਰਾਂ ਵਿਚ ਵਿਕਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਸਮੇਂ-ਸਮੇਂ 'ਤੇ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਟੀ. ਬੀ. ਕੰਟਰੋਲ ਪ੍ਰੋਗਰਾਮ, ਕੋਹੜ ਕੰਟਰੋਲ ਪ੍ਰੋਗਰਾਮ, ਤੰਬਾਕੂ ਕੰਟਰੋਲ ਪ੍ਰੋਗਰਾਮ ਅਤੇ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਦਾ ਵੀ ਜਾਇਜ਼ਾ ਲਿਆ | ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸੰਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ |