ਹੁਸ਼ਿਆਰਪੁਰ, 18 ਅਕਤੂਬਰ (ਹਰਪ੍ਰੀਤ ਕੌਰ)-ਤਰਨਤਾਰਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੋਣ ਰੈਲੀ ਦੌਰਾਨ ਸ਼ਾਤਮਈ ਰੋਸ਼ ਪ੍ਰਦਰਸ਼ਨ ਕਰ ਰਹੇ ਕੰਪਿਊਟਰ ਅਧਿਆਪਕਾਂ 'ਤੇ ਲਾਠੀਚਾਰਜ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਦੀ ਬਜਾਏ ਪੁਲਿਸ ਤੇ ਲਾਠੀ ਦੇ ਜ਼ੋਰ 'ਤੇ ਮੁਲਾਜ਼ਮਾਂ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿਚ ਅਰਵਿੰਦ ਕੇਜਰੀਵਾਲ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਸਰਕਾਰ ਬਣਦੇ ਸਾਰ ਹੀ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ 'ਚ ਆਉਣ ਤੋਂ ਬਾਅਦ ਅੱਜ ਤੱਕ ਇਸ 'ਤੇ ਅਮਲ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਕੰਪਿਊਟਰ ਅਧਿਆਪਕਾਂ ਨੂੰ ਛੇਵਾਂ ਪੇ ਕਮਿਸ਼ਨ ਤੇ ਸੀ. ਐਸ. ਆਰ. ਰੂਲ ਲਾਗੂ ਕਰਨ ਦਾ ਐਲਾਨ ਕੀਤਾ ਸੀ ਪਰ ਸਾਢੇ ਤਿੰਨ ਸਾਲ ਤੋਂ ਜ਼ਿਆਦਾ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਇਸ ਨੂੰ ਪੂਰਾ ਨਹੀਂ ਕੀਤਾ | ਜਥੇਬੰਦੀ ਦੇ ਆਗੂਆ ਨੇ ਕਿਹਾ ਕਿ ਹੁਣ 24 ਅਕਤੂਬਰ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ ਗਈ ਹੈ ਅਤੇ ਜੇਕਰ ਇਸ ਵਾਰ ਪੰਜਾਬ ਸਰਕਾਰ ਮੀਟਿੰਗ ਤੋਂ ਭੱਜੀ ਤਾਂ 5 ਨਵੰਬਰ ਨੂੰ ਤਰਨਤਾਰਨ ਵਿਖੇ ਜਿਮਨੀ ਚੋਣ ਖੇਤਰ 'ਚ ਪੰਜਾਬ ਸਰਕਾਰ ਖਿਲਾਫ਼ ਝੰਡਾ ਮਾਰਚ ਕੀਤਾ ਜਾਵੇਗਾ |