ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰ ਪਾਲ ਸਿੰਘ)-ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਮੁਹੱਲਾ ਸੁੰਦਰ ਨਗਰ ਦਾ ਦੌਰਾ ਕੀਤਾ ਅਤੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਹਲਕੇ ਦਾ ਨਿਰੀਖਣ ਕਰਦੇ ਹੋਏ ਉਨ੍ਹਾਂ ਨੇ ਪਾਣੀ ਦੀ ਸਪਲਾਈ, ਸੀਵਰੇਜ ਅਤੇ ਸਫ਼ਾਈ ਨਾਲ ਜੁੜੀਆਂ ਪ੍ਰਮੁੱਖ ਸਮੱਸਿਆਵਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਮੇਅਰ ਸੁਰਿੰਦਰ ਕੁਮਾਰ ਅਤੇ ਕਮਿਸ਼ਨਰ ਨਗਰ ਨਿਗਮ ਜਿਓਤੀ ਬਾਲਾ ਮੱਟੂ ਵੀ ਉਨ੍ਹਾਂ ਨਾਲ ਮੌਜੂਦ ਸਨ | ਡਾ. ਰਵਜੋਤ ਸਿੰਘ ਨੇ ਮੌਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਹਲਕੇ ਦੀਆਂ ਸਾਰੀਆਂ ਲੰਬਿਤ ਸਮੱਸਿਆਵਾਂ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਸਪਸ਼ਟ ਕਿਹਾ ਕਿ ਜਨਤਾ ਨੂੰ ਸਹੂਲਤਾਂ ਮੁਹੱਈਆ ਸਰਕਾਰ ਦੀ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਮੁਹੱਲੇ ਅਤੇ ਪਿੰਡ ਤੱਕ ਬੁਨਿਆਦੀ ਸੁਵਿਧਾਵਾਂ ਸੁਚਾਰੂ ਢੰਗ ਨਾਲ ਪਹੁੰਚਾਉਣਾ ਹੈ | ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਹਲਕੇ ਦੇ ਵਿਕਾਸ ਕੰਮਾਂ ਨੂੰ ਗਤੀ ਦਿੱਤੀ ਜਾਵੇਗੀ |