ਦਸੂਹਾ, 2 ਨਵੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਦਾ ਫ਼ੈਸਲਾ ਬਹੁਤ ਹੀ ਮੰਗ ਭਾਗਾ ਹੈ ਇਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਉੱਨੀ ਹੀ ਥੋੜ੍ਹੀ ਹੈ | ਇਸ ਸਬੰਧੀ ਸਟੇਟ ਅਵਾਰਡੀ ਸਾਬਕਾ ਡਿਪਟੀ ਡੀ.ਈ.ਓ. ਸੁਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰ ਕੇ ਇਸ ਵਿਚੋਂ ਪੰਜਾਬ ਦੀ ਸ਼ਮੂਲੀਅਤ ਖ਼ਤਮ ਕਰਨਾ ਦੇਸ਼ ਦੇ ਫੈਡਰਲ ਢਾਂਚੇ ਦਾ ਅਪਮਾਨ ਹੈ ਤੇ ਪੰਜਾਬ ਦੇ ਵਿੱਦਿਅਕ ਅਤੇ ਬੌਧਿਕ ਢਾਂਚੇ ਉੱਤੇ ਹਮਲਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿਚ ਜਿੱਥੇ ਪੰਜਾਬੀ ਅਤੇ ਅੰਗਰੇਜ਼ੀ ਵਿਚ ਬੋਰਡ ਲੱਗੇ ਹੋਏ ਹਨ ਉਹ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਕੇ ਹਿੰਦੀ ਵਿਚ ਲਗਾਉਣ ਦੀ ਵੱਡੀ ਮਨਸ਼ਾ ਲੱਗ ਰਹੀ ਹੈ | ਉਨ੍ਹਾਂ ਕਿਹਾ ਕਿ ਸੈਨੇਟ ਖ਼ਤਮ ਕਰਨ ਨਾਲ ਇੰਸਟੀਚਿਊਸ਼ਨ, ਲੈਂਗੂਏਜ ਨੂੰ ਖ਼ਤਮ ਕਰਨ ਦੀ ਬਹੁਤ ਵੱਡੀ ਸਾਜ਼ਿਸ਼ ਹੈ ਜੋ ਕਿ ਪੰਜਾਬ ਦੇ ਹਿਤ ਵਿਚ ਨਹੀਂ ਹੈ | ਉਨ੍ਹਾਂ ਹੋਰ ਕਿਹਾ ਕਿ ਪੰਜਾਬ ਦਿਵਸ ਦੇ ਮੌਕੇ 'ਤੇ ਪੰਜਾਬ ਯੂਨੀਵਰਸਿਟੀ ਵਿਚੋਂ ਸੈਨੇਟ ਖ਼ਤਮ ਕਰਨ ਦਾ ਤੋਹਫ਼ਾ ਦਿੱਤਾ ਗਿਆ ਜਦ ਕਿ ਸੈਨਟ ਦੀ ਕਾਇਮੀ ਲਈ ਹਜ਼ਾਰਾਂ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਸੀ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬਿਨਾ ਪੰਜਾਬ ਦੀ ਪ੍ਰਵਾਹ ਕੀਤਿਆਂ ਇਹ ਇੱਕ-ਪਾਸੜ ਆਰਡੀਨੈਂਸ ਜਾਰੀ ਕਰ ਕੇ ਅਤੇ ਪੰਜਾਬ ਦੇ ਮਾਣ-ਮੱਤੇ ਵਿਰਸੇ ਵਿਚੋਂ ਪੰਜਾਬ ਨੂੰ ਹੀ ਬਾਹਰ ਕੱਢ ਕੇ ਪੰਜਾਬ ਨੂੰ ਇੱਕ ਹੋਰ ਅਸਹਿ ਜ਼ਖ਼ਮ ਦਿੱਤਾ ਹੈ | ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਗੈਰ-ਸੰਵਿਧਾਨਿਕ ਫ਼ੈਸਲੇ ਨੂੰ ਵਾਪਸ ਲਿਆ ਜਾਵੇ ਤੇ ਪੰਜਾਬ ਯੂਨੀਵਰਸਿਟੀ ਨਾਲ ਇਨਸਾਫ਼ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |