ਹਰਿਆਣਾ, 3 ਨਵੰਬਰ (ਹਰਮੇਲ ਸਿੰਘ ਖੱਖ)-ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ, ਸੀ. ਪੀ. ਐਫ ਯੂਨੀਅਨ ਪੰਜਾਬ ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ਬੀਤੇ ਦਿਨ ਤਰਨਤਾਰਨ ਦੀ ਜ਼ਿਮਨੀ ਚੋਣ ਮੌਕੇ ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਕੀਤੇ ਝੰਡਾ ਮਾਰਚ 'ਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸੈਂਕੜੇ ਮੁਲਾਜ਼ਮਾਂ ਨੇ ਆਪ ਸਰਕਾਰ ਦੀਆਂ ਮੁਲਾਜ਼ਮ ਤੇ ਲੋਕ ਮਾਰੂ ਨੀਤੀਆਂ ਦੀ ਪੋਲ ਖੋਲ੍ਹਦਿਆਂ ਹਲਕਾ ਤਰਨਤਾਰਨ ਦੇ ਵੋਟਰਾਂ ਨੂੰ ਆਪ ਪਾਰਟੀ ਦੇ ਉਮੀਦਵਾਰ ਨੂੰ ਜ਼ਿਮਨੀ ਚੋਣ 'ਚ ਕਰਾਰੀ ਹਾਰ ਦੇਣ ਦੀ ਅਪੀਲ ਕੀਤੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਤੇ ਬੀ. ਐਡ ਅਧਿਆਪਕ ਫ਼ਰੰਟ ਪੰਜਾਬ ਦੇ ਸੂਬਾ ਆਗੂ ਸੁਰਜੀਤ ਰਾਜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਵੰਬਰ 2022 'ਚ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦਾ ਐਲਾਨ ਸਿਰਫ਼ ਅਖ਼ਬਾਰੀ ਬਿਆਨ ਬਣ ਕੇ ਰਹਿ ਗਿਆ ਹੈ ਤੇ ਸਰਕਾਰ ਨੇ ਐਨਾ ਸਮਾਂ ਬੀਤ ਜਾਣ ਪਿੱਛੋਂ ਅਜੇ ਤੱਕ ਜਾਰੀ ਕੀਤੇ ਨੋਟੀਫ਼ਿਕੇਸ਼ਨ ਨੂੰ ਲਾਗੂ ਨਹੀਂ ਕੀਤਾ | ਆਗੂਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵਲੋਂ ਆਪਣੇ ਕਰੀਬ ਸਾਢੇ 3 ਸਾਲਾਂ ਦੇ ਸ਼ਾਸਨ ਦੌਰਾਨ ਸੂਬੇ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆ ਮੰਗਾਂ ਦਾ ਹੱਲ ਕਰਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ, ਜਿਸ ਕਰਕੇ ਸੂਬੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਮੌਜੂਦਾ ਸਰਕਾਰ 'ਤੋਂ ਭਰੋਸਾ ਬਿਲਕੁਲ ਖ਼ਤਮ ਹੋ ਗਿਆ ਹੈ |