ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੰਜਾਬ ਸਰਕਾਰ ਵੱਲੋਂ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਦੌਰਾਨ ਚਾਰ ਵਿਸ਼ਾਲ ਨਗਰ ਕੀਰਤਨਾਂ ਵਿੱਚੋਂ ਸ੍ਰੀਨਗਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪਠਾਨਕੋਟ ਰਾਹੀਂ ਹੁੰਦਾ ਹੋਇਆ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਮੁਕੇਰੀਆਂ ਵਿਚ ਦੁਪਹਿਰ ਨੂੰ ਪਹੁੰਚਿਆ | ਇਥੇ ਨਗਰ ਕੀਰਤਨ ਦਾ ਸਵਾਗਤ ਫੁੱਲਾਂ ਦੀ ਵਰਖਾ ਦੇ ਨਾਲ ਨਾਲ ਗਾਰਡ ਆਫ ਆਨਰ ਦੇ ਕੇ ਕੀਤਾ ਗਿਆ | ਇਹ ਨਗਰ ਕੀਰਤਨ ਦਸੂਹਾ ਤੇ ਗੜ੍ਹਦੀਵਾਲਾ ਹੁੰਦਾ ਹੋਇਆ ਰਾਤ ਦੇ ਪੜਾਅ ਲਈ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਪਹੁੰਚਿਆ | 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਵਿਖੇ ਨਗਰ ਕੀਰਤਨ ਨੂੰ ਦੁਬਾਰਾ ਗਾਰਡ ਆਫ ਆਨਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਇਹ ਭੂੰਗਾ, ਹਰਿਆਣਾ, ਹੁਸ਼ਿਆਰਪੁਰ, ਚੱਬੇਵਾਲ, ਮਾਹਿਲਪੁਰ ਅਤੇ ਗੜਸ਼ੰਕਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ | ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਮੁਕੇਰੀਆਂ ਵਿੱਚ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਗੁਰੂ ਜੀ ਦੇ ਚਰਨਾਂ ਵਿਚ ਮੱਥਾ ਟੇਕਿਆ | ਉਨ੍ਹਾਂ ਦੇ ਨਾਲ ਨਾਲ ਹਲਕਾ ਇੰਚਾਰਜ ਪ੍ਰੋ. ਜੀ.ਐਸ ਮੁਲਤਾਨੀ, ਡਿਪਟੀ ਕਮਿਸ਼ਨ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ,ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਪੀ ਮੇਜਰ ਸਿੰਘ, ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ | ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ ਦੀ ਰਾਖੀ ਲਈ ਇੱਕ ਵਿਲੱਖਣ ਕੁਰਬਾਨੀ ਦਿੱਤੀ, ਤਾਂ ਜੋ ਦੁਨੀਆ ਲਈ ਇਕ ਮਿਸਾਲ ਕਾਇਮ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿਚ ਬਲਿਦਾਨ ਦਿੱਤਾ, ਜੋ ਕਿ ਦੁਨੀਆ ਦੇ ਇਤਿਹਾਸ ਵਿਚ ਬੇਮਿਸਾਲ ਹੈ | ਮੁਕੇਰੀਆਂ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸਾਡੇ ਜੀਵਨ ਕਾਲ ਵਿੱਚ ਆਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਜੀ ਦੀ ਸ਼ਹਾਦਤ ਦੇ ਇਸ ਮਹਾਨ ਦਿਹਾੜੇ ਨੂੰ ਵੱਡੇ ਪੱਧਰ 'ਤੇ ਮਨਾ ਰਹੀ ਹੈ | ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ | 23 ਨਵੰਬਰ ਨੂੰ ਇਕ ਸਰਬ ਧਰਮ ਸਮਾਗਮ ਆਯੋਜਿਤ ਕੀਤਾ ਜਾਵੇਗਾ ਅਤੇ ਤਿੰਨੋਂ ਦਿਨ ਸ਼ਾਮ ਨੂੰ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਵੇਗਾ | ਪੂਰਾ ਸ੍ਰੀ ਅਨੰਦਪੁਰ ਸਾਹਿਬ ਮਸ਼ਾਲਾਂ ਨਾਲ ਰੌਸ਼ਨ ਕੀਤਾ ਜਾਵੇਗਾ | ਤਿੰਨੋਂ ਦਿਨ ਡਰੋਨ ਸ਼ੋਅ ਵੀ ਹੋਣਗੇ | 25 ਨਵੰਬਰ ਨੂੰ ਸਾਰਿਆਂ ਦੀ ਭਲਾਈ ਲਈ ਇਕ ਇਕੱਠ ਹੋਵੇਗਾ | ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਪੂਰੀ ਦੁਨੀਆ ਵਿਚ ਮਨੁੱਖੀ ਅਧਿਕਾਰਾਂ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਹੁੰਚਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਪੰਜ ਪਿਆਰਿਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ |