ਟਾਂਡਾ ਉੜਮੁੜ, 23 ਨਵੰਬਰ (ਦੀਪਕ ਬਹਿਲ)- ਅੱਜ ਗੁਰਦੁਆਰਾ ਬੀਬੀਆਂ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਸਮਾਗਮ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ ਅਤੇ ਰਾਗੀ ਢਾਡੀ ਸਿੰਘਾਂ ਦੀਆਂ ਵਾਰਾਂ ਦਾ ਆਨੰਦ ਮਾਣਿਆ | ਸਮਾਗਮ ਦੌਰਾਨ ਤਪ ਅਸਥਾਨ ਬਾਬਾ ਬਲਵੰਤ ਸਿੰਘ ਦੇ ਮੁਖੀ ਸੰਤ ਬਾਬਾ ਗੁਰਦਿਆਲ ਸਿੰਘ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਏ | ਕਥਾ ਕੀਰਤਨ ਕਰਦਿਆਂ ਸੰਤ ਬਾਬਾ ਗੁਰਦਿਆਲ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਤੋਂ ਸਿੱਖਿਆ ਲੈਣ ਦੀ ਅਪੀਲ ਕੀਤੀ ਅਤੇ ਧਰਮ ਵਿਚ ਪਰਪੱਕ ਰਹਿਣ ਲਈ ਆਖਿਆ ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਾਬਾ ਗੁਰਦਿਆਲ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਅਖੀਰ ਵਿਚ ਪੁੱਜੀ ਸੰਗਤ ਦਾ ਪ੍ਰਬੰਧਕ ਕਮੇਟੀ ਵੱਲੋਂ ਧੰਨਵਾਦ ਕੀਤਾ ਗਿਆ | ਸਮਾਗਮ ਦੌਰਾਨ ਸੰਤਾ ਸਿੰਘ, ਪ੍ਰੋਫੈਸਰ ਸਾਹਿਬ ਸਿੰਘ, ਰਾਜਵਿੰਦਰ ਸਿੰਘ, ਨਿਰਮਲ ਸਿੰਘ ਤੁਲੀ ਤੇ ਹੋਰ ਪ੍ਰਬੰਧਕ ਵੱਡੀ ਗਿਣਤੀ ਵਿਚ ਹਾਜ਼ਰ ਸਨ |