ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੋਕ ਸਭਾ ਦੇ ਚੱਲ ਰਹੇ ਸਰਦ ਰੁੱਤ ਦੇ ਸੈਸ਼ਨ ਦੌਰਾਨ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਅੰਤਰਰਾਜੀ ਏਅਰਪੋਰਟ ਆਦਮਪੁਰ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਉੱਪਰ ਰੱਖਣ ਦੀ ਮੰਗ ਉਠਾਈ ਗਈ ਅਤੇ ਦੱਸਿਆ ਕਿ ਇਸ ਸਬੰਧ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪਹਿਲਾ ਹੀ ਪ੍ਰਸਤਾਵ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ ਅਤੇ ਹੁਣ ਇਸ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ | ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਕਿਉਂਕਿ ਸਾਲ 2026 ਤੋਂ 2027 ਤੱਕ ਪੂਰਾ ਸਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਸੰਗਤਾਂ ਮਨਾਉਣ ਜਾ ਰਹੀਆਂ ਹਨ ਇਸ ਲਈ ਕੇਂਦਰ ਸਰਕਾਰ ਨੂੰ ਵੀ ਇਨਾਂ ਖ਼ੁਸ਼ੀਆਂ ਵਿਚ ਵਾਧਾ ਕਰਨ ਲਈ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ | ਉਨਾਂ ਕਿਹਾ ਕਿ ਜਿਵੇਂ ਹੀ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਫ਼ੈਸਲਾ ਲੈ ਲਿਆ ਜਾਵੇਗਾ ਉਸ ਉਪਰੰਤ ਸਾਡੇ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਨੂੰ ਏਅਰਪੋਰਟ ਵਿਖੇ ਸੋਨੇ ਦੇ ਅੱਖਰਾਂ ਵਿਚ ਅੰਕਿਤ ਕਰਕੇ ਸ਼ਰਧਾ ਪ੍ਰਗਟ ਕੀਤੀ ਜਾਵੇਗੀ | ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਦੇ ਨਾਲ ਹੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਦਮਪੁਰ ਏਅਰਪੋਰਟ ਨੂੰ ਅੰਤਰਰਾਸ਼ਟਰੀ ਪੱਧਰ ਦਾ ਏਅਰਪੋਰਟ ਬਣਾਇਆ ਜਾਵੇ, ਉਨਾਂ ਤਰਕ ਦਿੰਦਿਆਂ ਕਿਹਾ ਕਿ ਕਿਉਂਕਿ ਦੋਆਬੇ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਲੋਕ ਵਿਦੇਸ਼ਾਂ ਵਿਚ ਵੱਸਦੇ ਹਨ ਇਸ ਲਈ ਜੇਕਰ ਆਦਮਪੁਰ ਦਾ ਏਅਰਪੋਰਟ ਅੰਤਰਰਾਸ਼ਟਰੀ ਪੱਧਰ ਦਾ ਹੋਵੇਗਾ ਤਾਂ ਐਨ.ਆਰ.ਆਈਜ਼ ਨੂੰ ਸਹੂਲਤ ਮਿਲੇਗੀ | ਇਸ ਦੇ ਨਾਲ ਹੀ ਇਸ ਇਲਾਕੇ ਵਿਚ ਛੋਟੀ-ਵੱਡੀ ਇੰਡਸਟਰੀ ਨੂੰ ਵੀ ਅੰਤਰਰਾਸ਼ਟਰੀ ਏਅਰਪੋਰਟ ਦੀ ਜ਼ਰੂਰਤ ਹੈ, ਅੰਤਰਰਾਸ਼ਟਰੀ ਏਅਰਪੋਰਟ ਬਣਨ ਨਾਲ ਜਿੱਥੇ ਲੋਕਾਂ ਨੂੰ ਸਹੂਲਤ ਮਿਲੇਗੀ ਉੱਥੇ ਹੀ ਇਸ ਇਲਾਕੇ ਦੇ ਵਿਕਾਸ ਨੂੰ ਵੀ ਨਵੀਂ ਦਿਸ਼ਾ ਮਿਲੇਗੀ |