ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ | ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੜਤਾਲ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਕੁੱਲ 662 ਉਮੀਦਵਾਰ ਚੋਣ ਲੜਨਗੇ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅਤੇ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 80 ਅਤੇ ਪੰਚਾਇਤ ਸੰਮਤੀਆਂ ਲਈ ਕੁੱਲ 582 ਉਮੀਦਵਾਰ ਚੋਣਾਂ ਲੜਨਗੇ | ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀਆਂ ਲਈ 17 ਮੈਂਬਰ ਬਿਨਾਂ ਮੁਕਾਬਲਾ/ਸਰਵਸੰਮਤੀ ਨਾਲ ਚੁਣੇ ਗਏ ਹਨ | ਉਨ੍ਹਾਂ ਦੱਸਿਆ ਕਿ ਵੋਟਾਂ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਪੈਣਗੀਆਂ, ਜਿਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪੋਲ ਹੋਈਆਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਹੋਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਨੂੰ ਅਮਨ-ਅਮਾਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ |