ਹੁਸ਼ਿਆਰਪੁਰ,17 ਦਸੰਬਰ (ਬਲਜਿੰਦਰਪਾਲ ਸਿੰਘ)-ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਅੱਜ ਰਾਜਨੀਤੀ ਅਤੇ ਚੋਣਾਂ ਦਾ ਇੱਕ ਨਵਾਂ ਇਤਿਹਾਸ ਰਚਿਆ ਗਿਆ। ਜਿਸ ਵਿੱਚ ਚਾਰੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਅਤੇ 34 ਬਲਾਕ ਸੰਮਤੀ ਸੀਟਾਂ ਵਿੱਚੋਂ 30 ਜਿੱਤ ਕੇ 'ਆਪ' ਵਲੋਂ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਗਿਆ। ਇਹ ਵਿਚਾਰ ਸਾਂਸਦ ਡਾ. ਰਾਜ ਕੁਮਾਰ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਹੋਰ ਪਾਰਟੀਆਂ ਤੇ ਅਜ਼ਾਦ ਉਮੀਦਵਾਰਾਂ ਨੇ ਚੱਬੇਵਾਲ ਵਿੱਚ ਸਿਰਫ਼ 4 ਸੀਟਾਂ ਹੀ ਜਿੱਤੀਆਂ ਅਤੇ ਕਾਂਗਰਸ ਪਾਰਟੀ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ। ਇਹ ਨਾ ਸਿਰਫ਼ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੇ ਸਮਰਥਨ ਵਿੱਚ ਚੱਬੇਵਾਲ ਦੇ ਲੋਕਾਂ ਵੱਲੋਂ ਦਿੱਤਾ ਗਿਆ ਫੈਸਲਾ ਹੈ, ਸਗੋਂ ਉਨ੍ਹਾਂ ਦੇ ਹਲਕੇ ਵਿੱਚ ਉਨ੍ਹਾਂ ਦੇ ਕੰਮ ਅਤੇ ਭਰੋਸੇਯੋਗਤਾ ਦਾ ਜਨਤਕ ਸਮਰਥਨ ਵੀ ਹੈ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਲਈ ਸਿਰਫ਼ ਇੱਕ ਰਾਜਨੀਤਿਕ ਸਫਲਤਾ ਨਹੀਂ ਹੈ, ਸਗੋਂ ਲੋਕਾਂ ਦੇ ਅਥਾਹ ਪਿਆਰ, ਵਿਸ਼ਵਾਸ ਅਤੇ ਆਸ਼ੀਰਵਾਦ ਦਾ ਪ੍ਰਤੀਕ ਹੈ। ਵਿਧਾਇਕ ਨੇ ਕਿਹਾ ਕਿ ਇਸ ਅਥਾਹ ਸਮਰਥਨ ਨੇ ਉਨ੍ਹਾਂ ਦੇ ਦਿਲ ਨੂੰ ਛੂਹ ਲਿਆ ਹੈ ਅਤੇ ਉਨ੍ਹਾਂ ਨੂੰ ਹੋਰ ਵੀ ਜ਼ਿੰਮੇਵਾਰੀ, ਸਮਰਪਣ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਪਾਰਟੀ ਉਮੀਦਵਾਰਾਂ ਦੀ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਜਨਤਾ ਦੇ ਵਿਸ਼ਵਾਸ, ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਇਸ ਦੇ ਵਿਕਾਸ-ਮੁਖੀ ਪਹੁੰਚ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਨੇ ਇਸ ਇਤਿਹਾਸਕ ਸਫਲਤਾ ਲਈ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਸਮਰਥਕਾਂ ਦੀ ਅਣਥੱਕ ਮਿਹਨਤ ਅਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਹ ਜਿੱਤ ਉਨ੍ਹਾਂ ਦੀ ਨਿਰਸਵਾਰਥ ਸੇਵਾ ਦਾ ਨਤੀਜਾ ਹੈ। ਵਿਧਾਇਕ ਡਾ. ਇਸ਼ਾਂਕ ਨੇ ਹਲਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦਾ ਵਿਸ਼ਵਾਸ ਬਣਾਈ ਰੱਖਣਗੇ।
ਹਲਕਾ ਚੱਬੇਵਾਲ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੋਈ ਹੂੰਝਾ ਫੇਰ ਜਿੱਤ
ਅਜੀਤ ਡੈਸਕ
18-12-2025