ਹੁਸ਼ਿਆਰਪੁਰ, 18 ਦਸੰਬਰ (ਬਲਜਿੰਦਰਪਾਲ ਸਿੰਘ)-ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਸ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਰਾਏ, ਗੁਰਵਿੰਦਰ ਖੰਗੂੜਾ ਅਤੇ ਕੁਲਦੀਪ ਸਿੰਘ ਬੇਗੋਵਾਲ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਹੜਾ ਬਿਜਲੀ ਬਿੱਲ ਲਿਆਂਦਾ ਜਾ ਰਿਹਾ ਹੈ ਉਸ ਨੂੰ ਕਿਸਾਨ ਕਿਸੇ ਵੀ ਸੂਰਤ 'ਚ ਲਾਗੂ ਨਹੀਂ ਹੋਣ ਦੇਣਗੇ | ਉਨ੍ਹਾਂ ਕਿਹਾ ਕਿ ਜਿਹੜਾ ਖਰੜਾ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਸੀ ਉਸ ਵਿਚ ਪੰਜਾਬ ਸਰਕਾਰ ਨੇ ਆਪਣੀ ਸਹੀ ਭੂਮਿਕਾ ਨਾ ਨਿਭਾਉਂਦੇ ਹੋਏ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਇਹ ਬਿੱਲ ਪੰਜਾਬ ਸਰਕਾਰ ਥੋਪਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਇਹ ਬਿੱਲ ਪਾਸ ਹੋ ਗਿਆ ਤਾਂ ਪੰਜਾਬ ਦਾ ਬਿਜਲੀ ਵਿਭਾਗ ਨਿੱਜੀ ਹੱਥਾਂ ਵਿਚ ਚਲੇ ਜਾਵੇਗਾ ਜਿਸ ਦਾ ਨੁਕਸਾਨ ਹਰੇਕ ਵਰਗ ਨੂੰ ਹੋਵੇਗਾ | ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਦੇ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਹੜੇ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ ਉਹ ਪ੍ਰੀਪੇਡ ਨਹੀਂ ਕੀਤੇ ਗਏ ਪਰ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਮੀਟਰਾਂ ਨੂੰ ਹੀ ਸਰਕਾਰ ਪ੍ਰੀਪੇਡ ਕਰ ਦੇਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਹਰ ਸਰਕਾਰੀ ਅਦਾਰੇ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਜਾ ਰਹੀ ਹੈ ਜਿਸ ਦਾ ਪੰਜਾਬ ਦੇ ਲੋਕਾਂ ਨੂੰ ਬਹੁਤ ਨੁਕਸਾਨ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਦੋ ਦਿਨ ਦੇ ਧਰਨੇ ਡੀ.ਸੀ ਦਫ਼ਤਰਾਂ ਦੇ ਸਾਹਮਣੇ ਦੇਣ ਤੋਂ ਬਾਅਦ ਮੁੜ ਕੇ ਟਰੇਨਾਂ ਰੋਕਣ ਦਾ ਪ੍ਰੋਗਰਾਮ ਵੀ ਉਲੀਕਿਆ ਜਾ ਰਿਹਾ ਹੈ ਜੋ ਜਲਦ ਹੀ ਉਸ ਨੂੰ ਅਮਲੀ ਰੂਪ ਦੇ ਦਿੱਤਾ ਜਾਵੇਗਾ | ਮਨਜੀਤ ਰਾਏ ਨੇ ਕਿਹਾ ਕਿ ਬਾਰਡਰ ਤੋਂ ਜਿਹੜਾ ਕਿਸਾਨਾਂ ਦਾ ਸਮਾਨ ਚੋਰੀ ਹੋਇਆ ਸੀ ਉਹ ਬਾਅਦ ਵਿਚ ਸਰਕਾਰੀ ਬਾਬੂਆਂ ਦੀਆਂ ਕੋਠੀਆਂ ਚੋਂ ਮਿਲਿਆ ਤੇ ਜਿਨ੍ਹਾਂ ਦਾ ਮੁਆਵਜ਼ੇ ਦੇ ਲਈ ਪੰਜਾਬ ਸਰਕਾਰ ਨੂੰ ਲਿਖ ਕੇ ਭੇਜ ਚੁੱਕੇ ਹਾਂ ਪਰ ਹਾਲੇ ਤੱਕ ਪੰਜਾਬ ਸਰਕਾਰ ਗੂੜ੍ਹੀ ਨੀਂਦ ਸੁੱਤੀ ਪਈ ਆ ਉਸ ਮੁਆਵਜ਼ੇ ਦੇ ਬਾਰੇ ਵੀ ਸਰਕਾਰ ਕੋਈ ਵੀ ਗੱਲ ਨਹੀਂ ਕਰਨਾ ਚਾਹੁੰਦੀ ਜੇਕਰ ਸਰਕਾਰ ਨੇ ਹੁਣ ਵੀ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |